1ਮੰਡੀ ਡੱਬਵਾਲੀ : ਇਲਾਕੇ ਦੇ ਪ੍ਰਸਿੱਧ ਧਾਰਮਿਕ ਸਥਾਨ ਗੁਰਦੁਆਰਾ ਸਾਹਿਬ ਚੋਰਮਾਰ ਵਿਖੇ ਬਾਬਾ ਕਰਮ ਸਿੰਘ ਜੀ ਦੀ ਦੇਖ-ਰੇਖ ਹੇਠ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ। ਇਸ ਸਬੰਧੀ ਚੱਲ ਰਹੀ 5 ਆਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਨੇ ਇਕੱਤਰ ਹੋਈ ਸੰਗਤ ਨੂੰ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ।
ਇਸ ਮੌਕੇ ਬਾਬਾ ਕਰਮ ਸਿੰਘ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਸਮੂਹ ਮਾਨਵਤਾ ਦੀ ਭਲਾਈ ਲਈ ਕੀਤੀਆਂ ਚਾਰੇ ਉਦਾਸੀਆਂ ਬਾਰੇ ਸੰਖੇਪ ਵਿੱਚ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਮੁੱਖ ਗ੍ਰੰਥੀ ਭਾਈ ਗੁਰਪਾਲ ਸਿੰਘ ਨੇ ਸੰਗਤਾਂ ਨੂੰ ਖੰਡੇ-ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਦੂਰ-ਦੁਰਾਡੇ ਤੋਂ ਆਈਆਂ ਸੰਗਤਾਂ ਪਵਿੱਤਰ ਸਰੋਵਰ ‘ਚ ਇਸਨਾਨ ਕਰਨ ਉਪਰੰਤ ਗੁਰੂ ਘਰ ਨਤਮਸਤਕ ਹੋਈਆਂ। ਇਸ ਤੋਂ ਇਲਾਵਾ ਮੰਡੀ ਡੱਬਵਾਲੀ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ, ਗੁਰਦੁਆਰਾ ਭਗਤ ਨਾਮਦੇਵ, ਗੁਰਦੁਆਰਾ ਬਾਬਾ ਵਿਸ਼ਵਕਰਮਾ, ਨਾਨਕ ਦਰਬਾਰ, ਗੁਰਦੁਆਰਾ ਅਰੋੜਵੰਸ ਆਦਿ ਵਿਖੇ ਵੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ।

LEAVE A REPLY