1ਬਰਨਾਲਾ/ਅੰਮ੍ਰਿਤਸਰ  : ਪੰਜਾਬ ਦੇ ਵੱਖ-ਵੱਖ ਸਥਾਨਾਂ ‘ਤੇ ਬੀਤੇ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦਾ ਮੁੱਦਾ ਜਿਥੇ ਅੱਜਕੱਲ ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਛਾਇਆ ਹੋਇਆ ਹੈ, ਉਥੇ ਦੂਜੇ ਪਾਸੇ ਪੰਜਾਬ ਵਿਚ ਸ਼ਰਾਰਤੀ ਅਨਸਰਾਂ ਨੇ ਫਿਰ ਅਜਿਹੀਆਂ ਮੰਦਭਾਗੀਆਂ ਘਟਾਨਾਵਾਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ ਹੈ। ਅੰਮ੍ਰਿਤਸਰ ਅਤੇ ਬਰਨਾਲਾ ਜ਼ਿਲੇ ਵਿਚ ਅਜਿਹੇ ਹੀ ਮਾਮਲੇ ਸਾਹਮਣੇ ਆਏ ਹਨ।
ਬਰਨਾਲਾ ਵਿਖੇ ਐੱਸ. ਡੀ. ਕਾਲਜ ਦੇ ਸਾਹਮਣੇ ਸ਼ੀਤਲਾ ਮੰਦਿਰ ਦੇ ਪਿੱਛੇ ਪਈਆਂ ਹਿੰਦੂ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਅਤੇ ਸਿੱਖ ਗੁਰੂਆਂ ਦੀਆਂ ਤਸਵੀਰਾਂ ਦੀ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਕੀਤੀ ਗਈ। ਸ਼ਰਾਰਤੀ ਅਨਸਰਾਂ ਨੇ ਉਕਤ ਸਥਾਨ ‘ਤੇ ਪਈ ਗਣੇਸ਼ ਜੀ ਦੀ ਮੂਰਤੀ ‘ਤੇ ਲਾਲ ਸਕੈੱਚ ਨਾਲ ਕਾਟਾ ਮਾਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸ. ਪੀ. (ਡੀ) ਸਵਰਨ ਸਿੰਘ ਖੰਨਾ, ਡੀ. ਐੱਸ. ਪੀ. ਪਲਵਿੰਦਰ ਸਿੰਘ ਚੀਮਾ ਪੁਲਸ ਪਾਰਟੀ ਨਾਲ ਮੌਕੇ ‘ਤੇ ਪੁੱਜੇ ਅਤੇ ਉਕਤ ਮੂਰਤੀਆਂ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਸ ਘਟਨਾ ਨਾਲ ਲੋਕਾਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਸਿੱਖ ਸੰਗਠਨਾਂ ਦੇ ਆਗੂ ਪਰਮਜੀਤ ਸਿੰਘ ਕੈਰੇ ਨੇ ਕਿਹਾ ਕਿ ਪਹਿਲਾਂ ਵੀ ਪੰਜਾਬ ਵਿਚ ਅਜਿਹੀਆਂ ਮਾੜੀਆਂ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਸ਼ਰਾਰਤੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਫਿਲਹਾਲ ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਉਧਰ ਬੀਤੀ ਰਾਤ ਅੰਮ੍ਰਿਤਸਰ ਦੇ ਨੇੜਲੇ ਪਿੰਡ ਰਾਮਦੀਵਾਲੀ ਮੁਸਲਮਾਨਾ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 2 ਪਾਵਨ ਸਰੂਪ ਅਤੇ 10 ਸ੍ਰੀ ਗੁਟਕਾ ਸਾਹਿਬ ਅਗਨ ਭੇਟ ਹੋ ਗਏ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਲੋਕਾਂ ਕੇ ਮੌਕੇ ‘ਤੇ ਹੀ ਫੜ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ। ਪੁਲਸ ਉਕਤ ਵਿਅਕਤੀਆਂ ਕੋਲੋਂ ਪੁੱਛਗਿੱਛ ਕਰ ਰਹੀ ਹੈ।

LEAVE A REPLY