5ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਪਸ਼ਟ ਤੌਰ ‘ਤੇ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਦਾ ਮੁੱਦਾ ਇੱਕ ਭਾਵਨਾਤਮਕ ਮੁੱਦਾ ਹੈ ਨਾ ਕਿ ਰਾਜਨੀਤਿਕ ਅਤੇ ਇਸ ਮੁੱਦੇ ਨੂੰ ਪੂਰੀ ਸੰਵੇਦਨਸ਼ੀਲਤਾ ਅਤੇ ਸਾਵਧਾਨੀ ਨਾਲ ਪਹਿਲ ਦੇ ਅਧਾਰ ‘ਤੇ ਸੁਲਝਾਉਣਾ ਚਾਹੀਦਾ ਹੈ, ਕਿਉਂ ਜੋ ਦਰਿਆਈ ਪਾਣੀ ਹਰੇਕ ਪੰਜਾਬੀ ਦੀ ਜਿੰਦ ਜਾਨ ਹਨ, ਖਾਸ ਕਰਕੇ ਕਿਸਾਨਾਂ ਦੀ ।
ਸ. ਬਾਦਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਤੱਕ ਕੇਂਦਰ ਵਿੱਚ ਰਾਜ ਕਰਨ ਵਾਲੀਆਂ ਕਾਂਗਰਸ ਦੀਆਂ ਸਰਕਾਰਾਂ ਨੇ ਰਾਜਨੀਤਿਕ, ਸਮਾਜਿਕ, ਆਰਥਿਕ ਤੇ ਇਥੋਂ ਤੱਕ ਧਾਰਮਿਕ ਮੁੱਦਿਆਂ ‘ਤੇ ਵੀ ਪੰਜਾਬ ਨਾਲ ਹਮੇਸ਼ਾਂ ਵਿਤਕਰਾ ਕੀਤਾ ਹੈ ਅਤੇ ਪਿਛਲੇ ਪੰਜ ਦਹਾਕਿਆਂ ਦੌਰਾਨ ਦਰਿਆਈ ਪਾਣੀਆਂ ਦੀ ਕੀਤੀ ਗਈ ਤਿੰਨ ਵਾਰ ਵੰਡ ਵੇਲੇ ਵੀ ਅੰਤਰ ਰਾਸ਼ਟਰੀ ਤੇ ਰਾਸ਼ਟਰੀ ਪੱਧਰ ‘ਤੇ ਮਾਨਤਾ ਪ੍ਰਾਪਤ ਰਿਪੇਰੀਅਨ ਪ੍ਰਿੰਸੀਪਲ ਨੂੰ ਛੱਡ ਕੇ ਪੰਜਾਬ ਨੂੰ ਦਰਿਆਈ ਪਾਣੀਆਂ ਵਿੱਚ ਬਣਦਾ ਹਿੱਸਾ ਨਹੀਂ ਦਿੱਤਾ ਗਿਆ। ਕਾਂਗਰਸ ਵੱਲੋਂ ਪੰਜਾਬ ਸਰਕਾਰ ‘ਤੇ ਚੋਣਾਂ ਨੇੜੇ ਐਸ.ਵਾਈ.ਐਲ. ਦਾ ਮੁੱਦਾ ਚੁੱਕਣ ਸਬੰਧੀ ਲਗਾਏ ਦੋਸ਼ਾਂ ਦੇ ਸਬੰਧ ਵਿੱਚ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਾਰੇ ਪੰਜਾਬ ਦੇ ਲੋਕ ਪੰਜਾਬ ਦੇ ਦਰਿਆਈ ਪਾਣੀਆਂ ਦੇ ਚੌਂਕੀਦਾਰ ਹਾਂ ਅਤੇ ਪਾਣੀ ਦਾ ਇੱਕ ਤੁਪਕਾ ਵੀ ਕਿਸੇ ਹੋਰ ਰਾਜ ਨੂੰ ਨਹੀਂ ਦੇਣ ਦੇਵਾਂਗੇ ਕਿਉਂਕਿ ਪੰਜਾਬ ਕੋਲ ਕੋਈ ਵਾਧੂ ਪਾਣੀ ਨਹੀਂ ਹੈ।  ਸ. ਬਾਦਲ ਨੇ ਕਾਂਗਰਸ ਨੂੰ ਕਿਹਾ ਕਿ ਉਹ ਇਸ ਸੰਵੇਦਨਸ਼ੀਲ ਮੁੱਦੇ ‘ਤੇ ਰਾਜਨੀਤੀ ਨਾ ਕਰੇ ਅਤੇ ਬੇਵਜ੍ਹਾ ਸ਼੍ਰੋਮਣੀ ਅਕਾਲੀ ਦਲ -ਭਾਜਪਾ ਗਠਜੋੜ ਦੀ ਅਲੋਚਨਾਂ ਕਰਨ ਦੀ ਬਜਾਏ ਪਾਣੀਆਂ ਦੀ ਰਾਖੀ ਲਈ ਸਾਥ ਦੇਣ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਪਹਿਲਾਂ ਹੀ ਆਪਣੇ ਦ੍ਰਿੜ ਇਰਾਦੇ ਨੂੰ ਸਪਸ਼ਟ ਕਰ ਚੁੱਕੀ ਹੈ ਕਿ ਉਹ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਕਿਸੇ ਵੀ ਤਰ੍ਹਾਂ ਦੀ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟਣਗੇ। ਸ. ਬਾਦਲ ਨੇ ਕਾਂਗਰਸ ਦੀ ਅਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ 2004 ਵਿੱਚ ਪੰਜਾਬ ਵਿਧਾਨ ਸਭਾ ‘ਚ ਪੰਜਾਬ ਟਰਮੀਨੇਸ਼ਨ ਆਫ ਐਗਰੀਮੈਂਟ ਐਕਟ 2004 ਪਾਸ ਕਰਵਾਉਣਾ ਕਾਂਗਰਸ ਦੀਆਂ ਸਰਕਾਰਾਂ ਵੱਲੋਂ ਪੰਜਾਬੀਆਂ ਨਾਲ ਪਾਣੀਆਂ ਦੇ ਮੁੱਦੇ ‘ਤੇ ਕੀਤੀਆਂ ਪਿਛਲੀਆਂ ਗਲਤੀਆਂ ਨੂੰ ਸਵਿਕਾਰ ਕਰਨਾ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਨੇ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਛੇਤੀ ਹੀ ਐਡਹਾਕ ਤੇ ਠੇਕੇ ‘ਤੇ ਕੰਮ ਕਰਦੇ ਮੁਲਾਜਮਾਂ ਦੀਆਂ ਸੇਵਾਵਾਂ ਨੂੰ ਰੈਗੁਲਰ ਕਰਨ ਵਾਸਤੇ ਯੋਜਨਾਂ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਪੰਜਾਬ ਦੇ ਮੁੱਖ ਸਕੱਤਰ ਅਤੇ ਉਨ੍ਹਾਂ ਦੇ ਪ੍ਰਿੰਸੀਪਲ ਸਕੱਤਰ ਤੇ ਹੋਰ ਸਬੰਧਤ ਅਧਿਕਾਰੀਆਂ ਨੁੰ ਮੁਲਾਜਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਹੈ। ਉਨ੍ਹਾਂ ਇਸ ਗੱਲ ‘ਤੇ ਵੀ ਅਫਸੋਸ ਜਾਹਿਰ ਕੀਤਾ ਕਿ ਕਈ ਪ੍ਰਾਈਵੇਟ ਅਦਾਰੇ ਵੱਧ ਪੜ੍ਹੇ ਲਿਖੇ ਨੌਜਵਾਨਾਂ ਨੂੰ ਘੱਟ ਤਨਖਾਹਾਂ ਦੇ ਕੇ ਉਨ੍ਹਾਂ ਦਾ ਸੋਸ਼ਣ ਕਰਦੇ ਹਨ ਜੋ ਕਿ ਮੰਦਭਾਈ ਗੱਲ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਡਾਕਟਰਾਂ ਤੇ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਜਲਦੀ ਹੀ ਭਰ ਦਿੱਤੀਆਂ ਜਾਣਗੀਆਂ ਤਾਂ ਜੋ ਹਸਪਤਾਲਾਂ ਵਿੱਚ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲ ਸਕਣ ਤੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਹਾਸਲ ਹੋ ਸਕੇ।
ਸ. ਬਾਦਲ ਨੇ ਇਸ ਮੌਕੇ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਇਸ ਗੱਲ ‘ਤੇ ਜੋਰ ਦਿੱਤਾ ਕਿ ਉਤਮ ਅਤੇ ਕਿੱਤਾ ਮੁਖੀ ਸਿੱਖਿਆ ਹੀ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਆਰ ਸਕਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਕੂਲ ਪੱਧਰ ਤੋਂ ਹੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ 400 ਮਿਡਲ ਸਕੂਲਾਂ ਦਾ ਦਰਜਾ ਵਧਾ ਕੇ ਹਾਈ ਤੇ 400 ਹਾਈ ਸਕੂਲਾਂ ਦਾ ਦਰਜਾ ਵਧਾ ਕੇ 12ਵੀਂ ਤੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋ ਪਹਿਲਾਂ ਹੀ ਆਰਥਿਕ ਤੌਰ ‘ਤੇ ਕਮਜੋਰ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਮਿਆਰੀ ਅਤੇ ਮੁਫਤ ਸਿੱਖਿਆ ਪ੍ਰਦਾਨ ਕਰਨ ਵਾਸਤੇ 6 ਮੈਰੀਟੋਰੀਅਸ ਸਕੂਲ ਖੋਲੇ ਗਏ ਹਨ ਤੇ ਛੇਤੀ ਹੀ 3 ਮੈਰੀਟੋਰੀਅਸ ਸਕੂਲ ਹੋਰ ਖੋਲੇ ਜਾ ਰਹੇ ਹਨ। ਉਨ੍ਹਾਂ ਆਖਿਆ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਮੈਡੀਕਲ ਅਤੇ ਇੰਜਨੀਅਰਿੰਗ ਤੇ ਹੋਰ ਕਿੱਤਾਕਾਰੀ ਉਚੇਰੀ ਸਿੱਖਿਆ ਵਾਸਤੇ ਵੀ ਉਨ੍ਹਾਂ ਨੂੰ ਆਰਥਿਕ ਸਹਾਇਤਾ ਦੇਣ ਵਾਸਤੇ ਚਾਲੂ ਮਾਲੀ ਸਾਲ ਦੇ ਬਜਟ ਵਿੱਚ 10 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਗਰੈਜੂਏਟ ਤੇ ਪੋਸਟ ਗਰੈਜੂਏਟ 478 ਵਿਦਿਆਰਥੀਆਂ ਨੂੰ ਡਿਗਰੀਆਂ ਤੇ ਅਕਾਦਮਿਕ ਖੇਤਰ ਵਿੱਚ ਪ੍ਰਥਮ ਰਹਿਣ ਵਾਲੇ 10 ਵਿਦਿਆਰਥੀਆਂ ਨੂੰ ਯੂਨੀਵਰਸਿਟੀ ਮੈਡਲ ਦੇ ਸਨਮਾਨਤ ਕੀਤਾ। ਮੁੱਖ ਮੰਤਰੀ ਨੇ ਯੂਨੀਵਰਸਿਟੀ ਵੱਲੋਂ ਭਾਰਤੀ ਫੌਜ ਦੇ ਸਾਬਕਾ ਮੁਖੀ ਤੇ ਚੇਅਰਮੈਨ ਚੀਫ ਆਫ ਸਟਾਫ ਜਨਰਲ (ਰਿਟਾ) ਜਨਰਲ ਬਿਕਰਮ ਸਿੰਘ ਨੂੰ ਡਾਕਟਰ ਆਫ ਸਾਇੰਸ ਅਤੇ ਸਾਬਕਾ ਆਈ.ਐਫ.ਐਸ. ਸ. ਭਗਵੰਤ ਸਿੰਘ ਦਿਲਾਵਰੀ ਨੂੰ ਡਾਕਟਰ ਆਫ ਲਿਟਰੇਚਰ ਦੀ ਆਨਰੇਰੀ ਡਿਗਰੀ ਨਾਲ ਸਨਮਾਨਤ ਕੀਤਾ।
ਇਸ ਮੌਕੇ ਭਾਰਤੀ ਫੌਜ ਦੇ ਸਾਬਕਾ ਮੁਖੀ ਤੇ ਚੇਅਰਮੈਨ ਚੀਫ ਆਫ ਸਟਾਫ ਜਨਰਲ (ਰਿਟਾ) ਜਨਰਲ ਬਿਕਰਮ ਸਿੰਘ ਨੇ ਕਨਵੋਕੇਸ਼ਨਲ ਭਾਸ਼ਣ ਦਿੱਤਾ । ਯੂਨੀਵਰਸਿਟੀ ਦੇ ਕੁਲਪਤੀ ਤੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਸਿੱਖਿਆ ਤੇ ਖੇਡਾਂ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿਦਿਆਂ ਕਿਹਾ ਕਿ ਉਹ ਆਪਣੇ ਜੀਵਨ ਵਿੱਚ ਸਖਤ ਮਿਹਨਤ ਤੇ ਲਗਨ ਨਾਲ ਹਰੇਕ ਟੀਚੇ ਦੀ ਪ੍ਰਾਪਤੀ ਕਰ ਸਕਦੇ ਹਨ। ਯੂ.ਜੀ.ਸੀ. ਦੇ ਸਕੱਤਰ ਡਾ. ਜਸਪਾਲ ਸਿੰਘ ਸੰਧੂ ਨੇ ਵੀ ਯੂਨੀਵਰਸਿਟੀ ਵੱਲੋਂ ਖੋਜ, ਖੇਡਾਂ ਤੇ ਸਕਿੱਲ ਦੇ ਵਿਸ਼ੇ ‘ਤੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਚੌਥੀ ਸ਼ਤਾਬਦੀ ਮੈਮੋਰੀਅਲ ਟਰਸਟ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਟਰਸਟ ਵੱਲੋਂ ਕਈ ਪ੍ਰੋਜੈਕਟਾਂ ਨੂੰ ਮਨਜੂਰੀ ਦਿੱਤੀ ਗਈ ਅਤੇ ਟਰਸਟ ਵੱਲੋਂ ਕੈਂਪਸ ਦੇ ਹੋਰ ਵਿਕਾਸ ਲਈ ਸੋਧੇ ਮਾਸਟਰ ਪਲਾਨ ਬਣਾਉਣ ਨੂੰ ਵੀ ਮਨਜੂਰੀ ਦਿੱਤੀ ਗਈ।

LEAVE A REPLY