1ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਵੱਖ-ਵੱਖ ਵਿਭਾਗਾਂ ਵਿੱਚ ਨੇਤਰਹੀਣਾਂ ਲਈ ਰਾਖਵੀਆਂ 1084 ਅਸਾਮੀਆਂ ਦਾ ਬੈਕਲਾਗ ਭਰਨ ਦੀ ਪ੍ਰਕ੍ਰਿਆ ਇਕ ਮਹੀਨੇ ਦੇ ਵਿੱਚ ਪੂਰੀ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। ਦੁਪਹਿਰ ਪੰਜਾਬ ਭਵਨ ਵਿਖੇ ਨੈਸ਼ਨਲ ਫੈਡਰੇਸ਼ਨ ਆਫ ਬਲਾਈਂਡ ਦੀ ਸੂਬਾ ਇਕਾਈ ਦੇ ਪ੍ਰਧਾਨ ਸ੍ਰੀ ਵਿਵੇਕ ਮੌਂਗਾ ਦੀ ਅਗਵਾਈ ਵਿੱਚ ਵਫ਼ਦ  ਨੇ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਸ. ਬਾਦਲ ਨੇ ਸਕੱਤਰ ਸਮਾਜਿਕ ਸੁਰੱਖਿਆ ਨੂੰ ਆਖਿਆ ਕਿ ਸਾਰੇ ਵਿਭਾਗਾਂ ਨਾਲ ਉਹ ਖੁਦ ਤਾਲਮੇਲ ਕਰਕੇ ਭਰਤੀ ਪ੍ਰਕ੍ਰਿਆ ਨੂੰ ਤੈਅ ਸਮੇਂ  ਪੂਰਾ ਕਰਨ ਨੂੰ ਯਕੀਨੀ ਬਣਾਉਣ।
ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਨੇਤਰਹੀਣਾਂ ਦੀ ਭਰਤੀ ਲਈ ਬਕਾਇਦਾ ਇਸ਼ਤਿਹਾਰ ਜਾਰੀ ਕਰਕੇ ਅਰਜ਼ੀਆਂ ਹਾਸਲ ਕਰ ਲਈਆਂ ਹਨ ਅਤੇ ਇਹ ਅਰਜ਼ੀਆਂ ਅਗਲੇਰੀ ਕਾਰਵਾਈ ਲਈ ਸਬੰਧਤ ਵਿਭਾਗਾਂ ਨੂੰ ਭੇਜੀਆਂ ਵੀ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਗਰੁੱਪ ਏ ਦੀਆਂ ਅਸਾਮੀਆਂ ਦੀ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਕੀਤੀ ਜਾਣੀ ਹੈ ਜਦਕਿ ਬਾਕੀ ਗਰੁੱਪਾਂ ਦੀਆਂ ਅਸਾਮੀਆਂ ‘ਤੇ ਭਰਤੀ ਇਕ ਮਹੀਨੇ ਵਿੱਚ ਪੂਰੀ ਕਰਕੇ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।
ਵਫ਼ਦ ਦੀ ਮੰਗ ਨਾਲ ਸਹਿਮਤ ਹੁੰਦਿਆਂ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਸਕੂਲ ਨੂੰ ਆਖਿਆ ਕਿ ਨੇਤਰਹੀਣਾਂ ਲਈ ਹੌਬੀ ਟੀਚਰਾਂ ਤੋਂ ਜੇ.ਬੀ.ਟੀ. ਵਿੱਚ ਤਬਦੀਲ ਕੀਤੀਆਂ 162 ਅਸਾਮੀਆਂ ਨੂੰ ਮੁੜ ਹੌਬੀ ਟੀਚਰਾਂ ਦੀ ਸ਼੍ਰੇਣੀ ਵਿੱਚ ਤਬਦੀਲ ਕਰਕੇ ਤਿੰਨ ਮਹੀਨਿਆਂ ਵਿੱਚ ਭਰਤੀ ਪ੍ਰਕ੍ਰਿਆ ਮੁਕੰਮਲ ਕੀਤੀ ਜਾਵੇ ਤਾਂ ਨੇਤਰਹੀਣਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਸਕੇ।
ਮੁੱਖ ਮੰਤਰੀ ਨੇ ਸਕੱਤਰ ਨੂੰ ਜਮਾਲਪੁਰ ਵਿਖੇ ਨੇਤਰਹੀਣਾਂ ਦੇ ਸਰਕਾਰੀ ਸਕੂਲ ਵਿੱਚ ਅਧਿਆਪਕਾਂ ਨੂੰ 12 ਖਾਲੀ ਅਸਾਮੀਆਂ ਮੁੜ ਸੁਰਜੀਤ ਕਰਕੇ ਭਰਨ ਲਈ ਕਾਰਵਾਈ ਤੁਰੰਤ ਸ਼ੁਰੂ ਕਰਨ ਵਾਸਤੇ ਆਖਿਆ ਹੈ ਤਾਂ ਕਿ ਸਕੂਲ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਜਾ ਸਕੇ ਅਤੇ ਨੇਤਰਹੀਣ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮਹੱਈਆ ਕਰਵਾਈ ਜਾ ਸਕੇ। ਇਸ ਮੌਕੇ ਮੁੱਖ ਮੰਤਰੀ ਨੇ ਵਫ਼ਦ ਨੂੰ ਕਿਹਾ ਕਿ ਉਨ੍ਹਾਂ ਨੇ ਕਦੀ ਵੀ ਉਨ੍ਹਾਂ ਦੀ ਕਿਸੇ ਵੀ ਮੰਗ ਤੋਂ ਮੂੰਹ ਨਹੀਂ ਮੋੜਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਉਨ੍ਹਾਂ ਨੇ ਹਮੇਸ਼ਾ ਹੀ ਸਵਾਗਤ ਕੀਤਾ ਹੈ।
ਮੁੱਖ ਮੰਤਰੀ ਵੱਲੋਂ ਨੇਤਰਹੀਣਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਦਿਖਾਈ ਫਿਕਰਮੰਦੀ ਤੇ ਫਰਾਖਦਿਲੀ ਲਈ ਵਫ਼ਦ ਨੇ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ, ਮੁੱਖ ਸੰਸਦੀ ਸਕੱਤਰ ਸ੍ਰੀਮਤੀ ਫਰਜ਼ਾਨਾ ਆਲਮ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਕੇ.ਸੰਧੂ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਸ੍ਰੀ ਜੀ. ਵਜਰਾਲਿੰਗਮ, ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ ਸਨ। ਵਫ਼ਦ ਵਿੱਚ ਸੰਸਥਾ ਦੇ ਜਨਰਲ ਸਕੱਤਰ ਸ੍ਰੀ ਬਲਵਿੰਦਰ ਸਿੰਘ, ਮੁੱਖ ਬੁਲਾਰਾ ਸ੍ਰੀ ਗੁਰਪ੍ਰੀਤ ਸਿੰਘ ਚਾਹਲ ਅਤੇ ਭਾਰਤ ਨੇਤਰਹੀਣ ਸੇਵਕ ਸਮਾਜ ਦੇ ਪ੍ਰਧਾਨ ਸ੍ਰੀ ਦਵਿੰਦਰ ਸਿੰਧ ਹਾਜ਼ਰ ਸਨ।

LEAVE A REPLY