3ਮੋਹਾਲੀ, 8 ਅਪ੍ਰੈਲ: ਸਮਾਜ ਵਿੱਚ ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਦੇ ਲੋਕਾਂ ਨੂੰ ਆਪਣੀ ਬਣਦੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ  ਨਹੀਂ ਤਾਂ ਆਉਣ ਵਾਲੀਆਂ ਪੀੜੀਆਂ ਸਾਨੂੰ ਕਦੇ ਵੀ ਮੁਆਫ ਨਹੀਂ ਕਰਨਗੀਆਂ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਜ਼ਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਭੁੱਲਰ ਨੇ ਜ਼ਿਲ੍ਹੇ ‘ਚ ਨਸ਼ਿਆਂ ਦੇ ਖਾਤਮੇ ਲਈ ਨੇੜਲੇ ਪਿੰਡ ਕੰਬਾਲਾ ਤੋ ਨਸ਼ਾ ਛੱਡੋ, ਕੋਹੜ ਵੱਢੋ ਦੀ ਮੁਹਿੰਮ ਦਾ ਅੰਗਾਜ ਕਰਦਿਆਂ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ , ਉੱਪ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਪੁਲਿਸ ਦੀਆਂ ਹਦਾਇਤਾਂ ਮੁਤਾਬਿਕ ਪੰਜਾਬ ਭਰ ਵਿੱਚ ਨਸ਼ਾ ਵਿਰੋਧੀ ਵਿੰਢੀ ਮੁਹਿੰਮ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ ਮੁਕੰਮਲ ਤੌਰ ਤੇ ਨਸ਼ਾ ਮੁਕਤ ਕਰਨ ਲਈ ਲੋਕਾਂ ਦੇ ਸਹਿਯੋਗ ਨਾਲ ਵਿਸ਼ੇਸ ਮੁਹਿੰਮ ਵਿੰਢੀ ਗਈ ਹੈ ਅਤੇ ਮੁਹਿੰਮ ਦੇ ਪਹਿਲੇ ਦਿਨ ਮੋਹਾਲੀ, ਡੇਰਾਬੱਸੀ ਅਤੇ ਖਰੜ ਸਬ-ਡਵੀਜਨ ‘ਚ 10 ਵੱਖ-ਵੱਖ ਥਾਵਾਂ ਤੇ ਪੁਲਿਸ ਅਧਿਕਾਰੀਆਂ, ਸਿਹਤ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ ਹੈ । ਜਿਨ੍ਹਾਂ ਦਾ ਮੁੱਖ ਮੰਤਵ ਸਮਾਜ ਵਿੱਚ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਕੇ ਇੱਕ ਨਵੇਂ ਅਤੇ ਨਿਰੋਏ ਸਮਾਜ ਦੀ ਸਿਰਜਨਾ ਕਰਨਾ ਹੈ। ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਪਹਿਲਾਂ ਹੀ ਅੱਤਵਾਦ ਦੇ ਮੌਕੇ ਦੌਰਾਨ ਵੱਡਾ ਸੰਤਾਪ ਹੰਢਾ ਚੁੱਕਾ ਹੈ ਇਸ ਲਈ ਹੁਣ ਸਾਨੂੰ ਕੁੱਝ ਵਿਦੇਸ਼ੀ ਤਾਕਤਾਂ ਨਸ਼ਿਆਂ ਵੱਲ ਲਗਾਕੇ ਪੰਜਾਬ ਨੂੰ ਕਮਜੋਰ ਕਰਨਾ ਚਾਹੁੰਦੀਆਂ ਹਨ। ਸਾਨੂੰ ਅਜਿਹੀਆਂ ਤਾਕਤਾਂ ਤੋਂ ਸੁਚੇਤ ਹੋਣਾ ਪਵੇਗਾ ਅਤੇ ਉਨ੍ਹਾਂ ਨੂੰ ਮੁੰਹ ਤੋੜਨਾ ਜਵਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਜਿਥੇ ਇਨਸਾਨ ਨੁੂੰ ਸਿਹਤ ਪੱਖੋ ਖੋਖਲਾ ਕਰ ਦਿੰਦੇ ਹਨ ਉਥੇ ਆਰਥਿਕ ਪੱਖੋਂ ਵੀ ਬੇਹੱਦ ਕਮਜੋਰ ਕਰ ਦਿੰਦੇ ਹਨ।
ਸ੍ਰੀ ਭੁੱਲਰ ਨੇ ਇਸ ਮੌਕੇ ਜੁੜੇ ਨੌਜਵਾਨਾਂ ਨੂੰ ਕਿਹਾ ਕਿ  ਨੌਜਵਾਨ ਹੀ ਸਾਡੇ ਦੇਸ਼ ਦਾ ਭਵਿੱਖ ਹਨ । ਜੇਕਰ ਨੌਜਵਾਨ ਸਮਾਜ ਵਿੱਚ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣ ਤਾਂ ਜਲਦੀ ਹੀ ਸਮਾਜ ਨੂੰ ਮੁਕੰਮਲ ਤੌਰ ਤੇ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਉ ਅਤੇ ਮੁੜ ਵਸੇਬਾ ਕੇਂਦਰ ਖੋਲ੍ਹੇ ਗਏ ਹਨ। ਜੇਕਰ ਪਿੰਡ ਵਿੱਚ ਜਾਂ ਆਢ ਗੁਆਂਢ ਵਿੱਚ ਕੋਈ ਨੌਜਵਾਨ ਜਾਂ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਦੇ ਇਲਾਜ ਲਈ ਇਨ੍ਹਾਂ ਕੇਂਦਰਾਂ ਵਿੱਚ ਭਰਤੀ ਕਰਵਾਇਆ ਜਾਵੇ। ਸ੍ਰੀ ਭੁੱਲਰ ਨੇ ਕਿਹਾ ਕਿ ਜ਼ਿਲ੍ਹੇ ‘ਚ ਨਸ਼ਿਆਂ ਦੇ ਸੋਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ। ਜੇਕਰ ਕਿਸੇ ਨੂੰ ਨਸ਼ਾ ਵੇਚਣ ਵਾਲੇ ਦੀ ਸੂਚਨਾ ਮਿਲਦੀ ਤਾਂ ਉਹ ਤੁਰੰਤ ਪੁਲਿਸ ਥਾਣੇ ਜਾਂ ਟੋਲ ਫਰੀ ਨੰਬਰ 181 ਤੇ ਸੂਚਨਾ ਦੇ ਸਕਦਾ ਹੈ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਹੋਰ ਕਿਹਾ ਕਿ ਜ਼ਿਲ੍ਹਾ  ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪੱਧਰ ਅਤੇ ਵਾਰਡ ਪੱਧਰ ਤੇ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ। ਇਸ ਮੌਕੇ ਡਾ. ਪੁਜਾ ਗਰਗ ਨੇ ਦੱਸਿਆ ਕਿ ਸਿਵਲ ਹਸਪਤਾਲ ਫੇਜ਼-6 ਮੋਹਾਲੀ ਵਿਖੇ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਉ ਕੇਂਦਰ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ ਜਿਥੇ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਇਲਾਜ ਬੜੇ ਹੀ ਸੁਚੱਜੇ ਢੰਗ ਨਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸ ਦੇ ਇਲਾਜ ਲਈ ਉਸ ਨੂੰ ਨਸ਼ਾ ਛੁਡਾਉ ਕੇਂਦਰ ਵਿੱਚ ਲੈ ਕੇ ਆਉਣਾ ਚਾਹੀਦਾ ਹੈ ਤਾਂ ਜੋ ਉਹ ਨਸ਼ਾ ਮੁਕਤ ਹੋ ਕੇ ਵਧੀਆ ਜੀਵਨ ਵਸਰ ਕਰ ਸਕੇ। ਉਨ੍ਹਾਂ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਸੁਚੇਤ ਹੋਣ ਲਈ ਵੀ ਆਖਿਆ।

LEAVE A REPLY