9ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਬਾਰ੍ਹਵੀਂ ਪਾਸ ਵਿਦਿਆਰਥੀਆਂ ਨੂੰ ਅਸਟਰੇਲੀਆ ਵਿੱਚ ਤਾਲੀਮ ਹਾਸਲ ਕਰਨ ਲਈ ਹੁਣ ਤੋਂ ਵੀਜ਼ਾ ਜਾਰੀ ਨਾ ਕਰਨ ਬਾਰੇ ਮੀਡੀਆ ਦੇ ਇਕ ਹਿੱਸੇ ਵਿੱਚ ਛਪੀਆਂ ਖਬਰਾਂ ਦਾ ਪੰਜਾਬ ਸਿੱਖਿਆ ਵਿਭਾਗ ਨੇ ਗੰਭੀਰ ਨੋਟਿਸ ਲਿਆ ਹੈ।ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਨੇ ਵਿਭਾਗ ਦੇ ਉਚ ਅਧਿਕਾਰੀਆਂ ਦੀ ਮੀਟਿੰਗ ਸੱਦੀ ਅਤੇ ਇਸ ਮੁੱਦੇ ‘ਤੇ ਵਿਸਥਾਰ ਵਿੱਚ ਵਿਚਾਰ-ਚਰਚਾ ਕੀਤੀ। ਵਿਭਾਗ ਨੇ ਇਹ ਮਾਮਲਾ ਕੇਂਦਰੀ ਵਿਦੇਸ਼ ਮਾਮਲਿਆਂ ਅਤੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲਿਆਂ ਕੋਲ ਉਠਾਉਣ ਦਾ ਫੈਸਲਾ ਲਿਆ ਹੈ।
ਇਹ ਪ੍ਰਗਟਾਵਾ ਕਰਦਿਆਂ ਡਾ. ਚੀਮਾ ਨੇ ਦੱਸਿਆ ਕਿ ਦੋਵਾਂ ਮੰਤਰਾਲਿਆਂ ਨੂੰ ਅਰਧ-ਸਰਕਾਰੀ ਪੱਤਰ ਭੇਜ ਕੇ ਅਪੀਲ ਕੀਤੀ ਗਈ ਹੈ ਕਿ ਇਹ ਮਾਮਲਾ ਪਹਿਲ ਦੇ ਆਧਾਰ ‘ਤੇ ਅਸਟਰੇਲੀਅ ਦੇ ਹਾਈ ਕਮਿਸ਼ਨ ਕੋਲ ਉਠਾਇਆ ਜਾਵੇ ਕਿਉਂ ਜੋ ਇਹ ਮਾਮਲਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਭਵਿੱਖ ਨਾਲ ਸਿੱਧੇ ਤੌਰ ‘ਤੇ ਜੁੜਿਆ ਹੋਇਆ ਹੈ। ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮੁਲਕ ਦੇ ਵਧੀਆ ਬੋਰਡਾਂ ਵਿੱਚ ਇਕ ਹੈ ਅਤੇ ਇਸ ਬੋਰਡ ਤੋਂ ਸਿੱਖਿਆ ਹਾਸਲ ਕਰਨ ਵਾਲੇ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀ ਦੁਨੀਆ ਭਰ ਵਿੱਚ ਵੱਖ-ਵੱਖ ਥਾਵਾਂ ‘ਤੇ ਅਗਲੇਰੀ ਪੜ੍ਹਾਈ ਕਰ ਰਹੇ ਹਨ ਅਤੇ ਸਬੰਧਤ ਖੇਤਰਾਂ ਵਿੱਚ ਬਿਹਤਰ ਕਾਰਗੁਜ਼ਾਰੀ ਦਾ ਮੁਜ਼ਾਹਰਾ ਕਰਕੇ ਬੋਰਡ ਅਤੇ ਸੂਬੇ ਦਾ ਮਾਣ ਵਧਾ ਰਹੇ ਹਨ। ਬੋਰਡ ਵੱਲੋਂ ਨੈਸ਼ਨਲ ਕੁਰੀਕੁਲਮ ਫਰੇਮਵਰਕ-2005 ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਂਦੀ ਹੈ ਅਤੇ ਕੌਂਸਲ ਆਫ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਦਾ ਬੋਰਡ ਮੈਂਬਰ ਵੀ ਹੈ।
ਬੋਰਡ ਦੀ ਪਾਰਦਰਸ਼ਤਾ ਅਤੇ ਅਕਾਦਮਿਕ ਪੱਧਰ ਦਾ ਜ਼ਿਕਰ ਕਰਦਿਆਂ ਡਾ. ਚੀਮਾ ਨੇ ਦੱਸਿਆ ਕਿ ਕਿਸੇ ਵੀ ਮੁਲਕ ਤੋਂ ਅੱਜ ਤੱਕ ਇਸ ਬਾਰੇ ਕੋਈ ਸ਼ਿਕਾਇਤ ਨਹੀਂ ਮਿਲੀ ਅਤੇ ਪਹਿਲੀ ਵਾਰ ਅਜਿਹੀ ਸਥਿਤੀ ਉਤਪੰਨ ਹੋਈ ਹੈ। ਭਾਵੇਂ ਵੀਜ਼ਾ ਅਰਜ਼ੀ ਰੱਦ ਕਰਨ ਮੌਕੇ ਬਹੁਤ ਸਾਰੇ ਕਾਰਨਾਂ ਦਾ ਹਵਾਲਾ ਦਿੱਤਾ ਜਾਂਦਾ ਹੈ ਜਿਨ੍ਹਾਂ ਵਿੱਚ ਪਰਿਵਾਰਕ ਵਸੀਲਿਆਂ ਦੇ ਮੱਦੇਨਜ਼ਰ ਅਸਟਰੇਲੀਆ ਵਿੱਚ ਪੜ੍ਹਾਈ ਜਾਰੀ ਰੱਖਣ ਦੀ ਸਮਰਥਾ ਅਤੇ ਤਾਲੀਮ ਹਾਸਲ ਕਰਨ ਉਪਰੰਤ ਭਾਰਤ ਵਾਪਸ ਮੁੜਨ ਬਾਰੇ ਢੁਕਵੇਂ ਸਬੂਤਾਂ ਦੀ ਕਮੀ ਜਿਹੇ ਕਾਰਨ ਸ਼ਾਮਲ ਹੁੰਦੇ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਇਹ ਮਾਮਲਾ ਉਚ ਪੱਧਰ ‘ਤੇ ਉਠਾਇਆ ਜਾਵੇਗਾ ਤਾਂ ਕਿ ਵਿਦਿਆਰਥੀਆਂ ਦੇ ਭਵਿੱਖ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਕਸ ਨੂੰ ਢਾਹ ਨਾ ਲੱਗੇ। ਡਾ. ਚੀਮਾ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਆਖਿਆ ਕਿ ਜੇਕਰ ਸਿੱਖਿਆ ਬੋਰਡ ਦੇ ਕਿਸੇ ਵੀ ਵਿਦਿਆਰਥੀ ਨੂੰ ਵੀਜ਼ੇ ਸਬੰਧੀ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਤਾਂ ਉਸ ਵਿਦਿਆਰਥੀ ਨੂੰ ਫੌਰੀ ਤੌਰ ‘ਤੇ ਬੋਰਡ ਦੀ ਚੇਅਰਪਰਸਨ ਦੇ ਧਿਆਨ ਵਿੱਚ ਇਹ ਮਾਮਲਾ ਲਿਆਉਣਾ ਚਾਹੀਦਾ ਹੈ ਤਾਂ ਕਿ ਇਸ ਮਸਲੇ ਨੂੰ ਛੇਤੀ ਤੋਂ ਛੇਤੀ ਉਚ ਪੱਧਰ ‘ਤੇ ਉਠਾਇਆ ਜਾ ਸਕੇ।

LEAVE A REPLY