3ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਲੋਕਾਂ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ‘ਭਾਰਤ ਰਤਨ’ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ 125ਵੇਂ ਜਨਮ ਦਿਨ ਦੀ ਵਧਾਈ ਦਿੱਤੀ ਹੈ।
ਇਕ ਸੰਦੇਸ਼ ਵਿੱਚ ਸ. ਬਾਦਲ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਡਾ. ਅੰਬੇਦਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੋਣਾ ਚਾਹੀਦਾ ਹੈ ਜਿਨ੍ਹਾਂ ਨੇ ਬਰਾਬਰੀ ਵਾਲੇ ਸਮਾਜ ਨੂੰ ਯਕੀਨੀ ਬਣਾਉਣ ਲਈ ਇਕ ਮਹਾਨ ਜਮਹੂਰੀ ਭਾਰਤ ਦੀ ਕਲਪਨਾ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਡਾ. ਅੰਬੇਦਕਰ ਨੇ ਹਰੇਕ ਖੇਤਰ ਭਾਵੇਂ ਸਮਾਜਿਕ, ਆਰਥਿਕ ਜਾਂ ਸਿਆਸਤ ਹੋਵੇ, ਵਿੱਚ ਹਮੇਸ਼ਾ ਹੀ ਜਮਹੂਰੀਅਤ ਦੀ ਜ਼ੋਰਦਾਰ ਵਕਾਲਤ ਕੀਤੀ। ਸ. ਬਾਦਲ ਨੇ ਕਿਹਾ,”ਡਾ. ਅੰਬੇਦਕਰ ਲਈ ਸਮਾਜਿਕ ਨਿਆਂ ਤੋਂ ਭਾਵ ਵੱਧ ਤੋਂ ਵੱਧ ਲੋਕਾਂ ਨੂੰ ਸੁਖ ਪ੍ਰਦਾਨ ਕਰਨਾ ਸੀ।” ਇਸ ਮੌਕੇ ਸ. ਬਾਦਲ ਨੇ ਲੋਕਾਂ ਨੂੰ ਡਾ. ਅੰਬੇਦਕਰ ਵੱਲੋਂ ਦਿਖਾਏ ਮਾਰਗ ‘ਤੇ ਚੱਲਣ ਦੀ ਅਪੀਲ ਕਰਦਿਆਂ ਕਿਹਾ ਕਿ ਇਕਸਾਰ ਅਤੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਧਰਮ, ਜਾਤ, ਰੰਗ ਤੇ ਨਸਲ ਦੀਆਂ ਸੰਕੀਰਣ ਵਲਗਣਾਂ ਤੋਂ ਉਪਰ ਉਠਿਆ ਜਾਵੇ।
ਮਜੀਠੀਆ ਵਲੋਂ ਡਾ. ਬੀ.ਆਰ. ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ
ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਵਾਸੀਆਂ ਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਇੱਕ ਸੰਦੇਸ਼ ਵਿਚ ਡਾ. ਅੰਬੇਡਕਰ ਨੂੰ ਇੱਕ ਦੂਰਅੰਦੇਸ਼ ਸਮਾਜਿਕ ਇਨਕਲਾਬੀ, ਮਹਾਨ ਕਾਨੂੰਨ ਦਾਨ ਅਤੇ ਮਨੁੱਖੀ ਅਧਿਕਾਰਾਂ ਦਾ ਚੈਂਪੀਅਨ ਕਰਾਰ ਦਿੰਦਿਆਂ ਸ. ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਵੀ ਦੇਸ਼ ਦੇ ਸੰਵਿਧਾਨ ਦੀ ਰਚਨਾ ਲਈ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਆਪਣਾ ਸਮੁੱਚਾ ਜੀਵਨ ਸਮਾਜ ਦੇ ਅਣਗੌਲੇ ਵਰਗਾਂ ਦੀ ਭਲਾਈ ਵੱਲ ਸਮਰਪਿਤ ਕੀਤਾ ਅਤੇ ਉਨ੍ਹਾਂ ਦੀਆਂ ਮਾਨਵਤਾ ਪ੍ਰਤੀ ਸੇਵਾਵਾਂ ਨੂੰ ਕਦਾਚਿਤ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਆਪਣੇ ਸਮੁੱਚੇ ਜੀਵਨ ਕਾਲ ਦੌਰਾਨ ਦੱਬੇ-ਕੁਚਲੇ, ਘੱਟ ਗਿਣਤੀ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦਾ ਇਹ ਵਿਸ਼ਵਾਸ਼ ਸੀ ਕਿ ਸਮਾਜ ਵਿਚੋਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਕੇ ਹੀ ਇੱਕ ਆਦਰਸ਼ ਸਮਾਜ ਦੀ ਕਾਇਮੀ ਕੀਤੀ ਜਾ ਸਕਦੀ ਹੈ।

LEAVE A REPLY