7ਬਠਿੰਡਾ : ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਨੂੰ ਸਮੁੱਚੇ ਸੁਬੇ ਲਈ ”ਮੌਤ ਦਾ ਵਾਰੰਟ” ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਇਸ ਨਹਿਰ ਦੀ ਉਸਾਰੀ ਖਿਲਾਫ਼ ਇਕਜੁਟ ਹੋ ਕੇ ਕਰੜੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ।  ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬੀਆਂ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ ਖਿਲਾਫ ਲੰਮੀ ਲੜਾਈ ਲਈ ਤਿਆਰ ਰਹਿਣਾ ਚਾਹੀਦਾ ਹੈ ਕਿਉਂ ਜੋ ਇਹ ਦੋਵੇਂ ਪਾਰਟੀਆਂ ਸੁਬੇ ਦੇ ਦਰਿਆਈ ਪਾਣੀਆਂ ਨੂੰ ਖੋਹਣ ਲਈ ਪੱਬਾਂ ਭਾਰ ਹਨ। ਸ. ਬਾਦਲ ਨੇ ਕਿਹਾ ਕਿ ਇਹ ਪ੍ਰਤੱਖ ਹੈ ਕਿ ਕਾਂਗਰਸ ਤੇ ਆਪ ਸੂਬੇ ਦੇ ਦੁਸ਼ਮਣ ਹਨ ਜਿਨ੍ਹਾਂ ਨੇ ਐਸ.ਵਾਈ.ਐਲ ਦੀ ਉਸਾਰੀ ਦਾ ਨਿਰਮਾਣ ਕਰਕੇ ਸੂਬੇ ਤੋਂ ਪਾਣੀਆਂ ਨੂੰ ਖੋਹਣ ਲਈ ਸਾਂਝ ਪਾਈ ਹੋਈ ਹੈ ਅਤੇ ਇਸ ਦੇ ਦਰਿਆਈ ਪਾਣੀਆਂ ਵਿੱਚ ਇਸ ਦੇ ਜਾਇਜ਼ ਹਿੱਸੇ ਨੂੰ ਲੁੱਟਣ ਦੇ ਕੋਝੇ ਯਤਨ ਕੀਤੇ ਜਾ ਰਹੇ ਹਨ। ਦਿੱਲੀ ਦੀ ਆਪ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਪੇਸ਼ ਕੀਤੇ ਗਏ ਹਲਫ਼ੀਆ ਬਿਆਨ ਬਾਰੇ ਲੋਕਾਂ ਨੂੰ ਦੱਸਦੇ ਹੋਏ ਸ. ਬਾਦਲ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਪੰਜਾਬ ਵੱਲੋਂ ਲਏ ਗਏ ਸਟੈਂਡ ਨੂੰ ਗੈਰ-ਸੰਵਿਧਾਨਕ ਤੇ ਰਾਸ਼ਟਰ ਵਿਰੋਧੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵੱਲੋਂ ਐਸ.ਵਾਈ ਐਲ. ਨਹਿਰ ਦਾ ਨਿਰਮਾਣ ਨਾ ਕਰਨ ਦੀ ਆਗਿਆ ਦੇਣ ਵਾਸਤੇ ਪੰਜਾਬੀਆਂ ਨੂੰ ਗੰਭੀਰ ਸਿੱਟੇ ਭੁਗਤਣ ਦੀਆਂ ਧਮਕੀਆਂ ਦੇ ਰਹੀ ਹੈ।
ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਦੁਨੀਆ ਭਰ ‘ਤੇ ਪ੍ਰਵਾਨਿਤ ਰਿਪੇਰੀਅਨ ਸਿਧਾਂਤ ਮੁਤਾਬਕ ਸੂਬੇ ਦੇ ਪਾਣੀਆਂ ‘ਤੇ ਸਿਰਫ ਤੇ ਸਿਰਫ ਪੰਜਾਬ ਦਾ ਹੀ ਕਾਨੂੰਨੀ ਹੱਕ ਹੈ ਅਤੇ ਹੋਰ ਕਿਸੇ ਵੀ ਸੁਬੇ ਦੇ ਰਾਜ ਦੇ ਪਾਣੀਆਂ ਤੇ ਕੋਈ ਅਧਿਕਾਰ ਨਹੀਂ ਹੈ ਅਤੇ ਉਨ੍ਹਾਂ ਨਾਲ ਹੀ ਆਖਿਆ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇਕ ਬੂੰਦ ਵੀ ਵਾਧੂ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਰਾਜਸਥਾਨ, ਹਰਿਆਣਾ ਤੇ ਹੋਰ ਸੂਬਿਆਂ ਨੂੰ ਪਾਣੀ ਦੇ ਕੇ ਸੂਬੇ ਦੇ ਅਧਿਕਾਰਾਂ ਨੂੰ ਖੋਰਾ ਲਾਇਆ ਹੈ। ਉਨ੍ਹਾਂ ਆਖਿਆ ਕਿ ਹੁਣ ਇਸ ਨਹਿਰ ਦੀ ਉਸਾਰੀ ਕਰਨ ਲਈ ਆਮ ਆਦਮੀ ਪਾਰਟੀ ਤਰਲੋਮੱਛੀ ਹੋ ਰਹੀ ਹੈ। ਨਾਲ ਹੀ ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਆਖਿਆ ਕਿ ਸੂਬੇ ਦੇ ਹੱਕਾਂ ਦੇ ਸੱਚੇ ਖੈਰਖਵਾਹ ਵਜੋਂ ਸ੍ਰੋਮਣੀ ਅਕਾਲੀ ਦਲ ਪਾਣੀਆਂ ਦੀ ਰਾਖੀ ਲਈ ਹਰੇਕ ਕੁਰਬਾਨੀ ਲਈ ਤਿਆਰ ਬਰ ਤਿਆਰ ਹੈ। ਜੇਕਰ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਹੋ ਗਈ ਤਾਂ ਪੰਜਾਬ ਪੂਰੀ ਤਰਾਂ ਨਾਲ ਬਰਬਾਦ ਹੋ ਜਾਵੇਗਾ ਕਿਉਂਕਿ ਪਾਣੀ ਪੰਜਾਬ ਦੀ ਜਿੰਦ ਜਾਨ ਹੈ। ਸ: ਬਾਦਲ ਨੇ ਇਹ ਵੀ ਆਖਿਆ ਕਿ ਪੰਜਾਬ ਦੇ ਪਾਣੀਆਂ ‘ਤੇ ਡਾਕਾ ਮਾਰਨ ਵਾਲਾ ਕੋਈ ਵੀ ਫੈਸਲਾ ਨਾ ਸੂਬੇ ਨੂੰ ਮਨਜ਼ੂਰ ਸੀ, ਨਾ ਹੈ ਅਤੇ ਨਾ ਹੋਵੇਗਾ। ਮੁੱਖ ਮੰਤਰੀ ਨੇ ਆਖਿਆ ਕਿ ਨਹਿਰ ਦੀ ਉਸਾਰੀ ਦੀ ਉਹ ਇਸ ਕਰਕੇ ਮੁਖਾਲਫ਼ਤ ਕਰ ਰਹੇ ਹਨ ਕਿਉਂਕਿ ਇਹ ਸੂਬੇ ਦੀ ਅੰਨ ਸੁੱਰਖਿਆ ਅਤੇ ਸਿੱਖ ਪੰਥ ‘ਤੇ ਸਿੱਧਾ ਹਮਲਾ ਅਤੇ ਕੋਈ ਵੀ ਪੰਜਾਬੀ ਸੂਬੇ ਖਿਲਾਫ ਅਜਿਹੀ ਧੱਕੇਸ਼ਾਹੀ ਨੂੰ ਹਰਗਿਜ਼ ਸਹਿਣ ਨਹੀਂ ਕਰ ਸਕਦਾ ਹੈ। ਉਨ੍ਹਾਂ ਨੇ ਪੰਜਾਬੀਆਂ ਨੂੰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਵੱਡੀ ਲੜਾਈ ਲੜਨ ਵਾਸਤੇ ਤਿਆਰ ਰਹਿਣ ਦਾ ਸੱਦਾ ਦਿੱਤਾ।
ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਤਬਾਹ ਕਰਨ ਲਈ ਸਿਰਫ ਤੇ ਸਿਰਫ ਇਹ ਪਾਰਟੀ ਹੀ ਜ਼ਿੰਮੇਵਾਰ ਹੈ। ਸੁਬੇ ਨਾਲ ਹੋਇਆ ਧੱਕੇਸ਼ਾਹੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਸੂਬੇ ਦੀ ਆਰਥਿਕਤਾ, ਸਿਆਸੀ, ਸਮਾਜਿਕ ਅਤੇ ਇੱਥੋਂ ਤੱਕ ਕਿ ਧਾਰਮਿਕ ਖੇਤਰ ਵਿਚ ਸਿੱਧੀ ਦਖ਼ਲਅੰਦਾਜੀ ਕੀਤੀ ਹੈ । ਉਨ੍ਹਾਂ ਕਿਹਾ ਕਿ 1984 ਵਿਚ ਵਾਪਰਿਆਂ ਸਾਕਾ ਨੀਲਾ ਤਾਰਾ ਅਤੇ ਦਿੱਲੀ ਦੇ ਸਿੱਖ ਕਤਲੇਆਮ ਨੂੰ ਕੋਈ ਵੀ ਸੱਚਾ ਪੰਜਾਬ ਕਿਸ ਤਰ੍ਹਾਂ ਭੁੱਲ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਕਾਂਗਰਸ ਨੂੰ ਸਮਰਥਨ ਦੇਣ  ਤੋਂ ਭਾਵ ਸਾਕਾ ਨੀਲਾ ਤਾਰਾ ਅਤੇ ਸਿੱਖ ਕਤਲੇਆਮ ਜਿਹੀਆਂ ਦੁਖਦਾਈ ਘਟਨਾਵਾਂ ਦਾ ਸਮਰਥਨ ਕਰਨਾ ਹੈ ਜਿਨ੍ਹਾਂ ਘਟਨਾਵਾਂ ਨੇ ਸਾਡੇ ਹਿਰਦਿਆਂ ਨੂੰ ਬੁਰੀ ਤਰ੍ਹਾਂ ਵਲੁੰਧਰ ਦਿੱਤਾ।
ਦੇਸ਼ ਵਿਚ ਕਿਸਾਨਾਂ ਦੀ ਮੰਦਹਾਲੀ ਲਈ ਕਾਂਗਰਸ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਕਾਂਗਰਸ ਪਾਰਟੀ ਦੇ ਮਾੜੇ ਸ਼ਾਸਨ ਨਾਲ ਕਿਸਾਨਾਂ ਦੀ ਹਾਲਤ ਬਦ ਤੋਂ ਵੀ ਬਦਤਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੇ ਦੇਸ਼ ਦੇ ਕਿਸਾਨਾਂ ਨੂੰ ਬਰਬਾਦ ਕਰਕੇ ਰੱਖ ਦਿੱਤਾ ਜਿਸ ਕਰਕੇ ਕਿਸਾਨਾਂ ਸਿਰ ਕਰਜ਼ੇ ਦੀ ਪੰਡ ਭਾਰੀ ਹੁੰਦੀ ਚਲੀ ਗਈ। ਸ: ਬਾਦਲ ਨੇ ਕਿਹਾ ਕਿ ਖੇਤੀ ਲਾਗਤਾਂ ਦੇ ਬਰਾਬਰ ਸਮਰਥਨ ਮੁੱਲ ਨਾ ਮਿਲਣ ਕਰਕੇ ਖੇਤੀ ਦਾ ਧੰਦਾ ਹੌਲੀ ਹੌਲੀ ਗੈਰ-ਲਾਹੇਵੰਦ ਕਿੱਤਾ ਬਣ ਗਿਆ।  ਸੂਬਾ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਪਿੱਛਲੇ 9 ਸਾਲਾਂ ਦੌਰਾਨ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ 28 ਹਜਾਰ ਕਰੋੜ ਤੋਂ ਵੱਧ ਦੀ ਬਿਜਲੀ ਖੇਤੀ ਟਿਉਬਵੇਲਾਂ ਲਈ ਮੁਫ਼ਤ ਮੁਹੱਈਆ ਨਾ ਕਰਵਾਈ ਜਾਂਦੀ ਤਾਂ ਬਿਜਲੀ ਦੇ ਬਿੱਲਾਂ ਨਾਲ ਕਿਸਾਨਾਂ ਦੀ ਮੁਸਕਿਲਾਂ ਹੋਰ ਵੀ ਵਧਣੀਆਂ ਸਨ। ਕਿਸਾਨਾਂ ਦੀ ਸਹਾਇਤਾ ਲਈ ਸ਼ੁਰੂ ਕੀਤੀਆਂ ਜਾ ਗਈਆਂ ਨਵੀਂਆਂ ਸਕੀਮਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਹੁਣ ਹਰ ਕਿਸਾਨ ਨੂੰ 50000 ਰੁਪਏ ਦਾ ਵਿਆਜ ਮੁਕਤ ਫਸਲੀ ਕਰਜ਼ਾ ਦੇਣ ਤੋਂ ਇਲਾਵਾ 50000 ਰੁਪਏ ਤੱਕ ਦੇ ਮੁਫਤ ਇਲਾਜ ਅਤੇ ਪਰਿਵਾਰ ਦੇ ਮੁਖੀ ਦੀ ਦੁਰਘਟਨਾ ਵਿੱਚ ਮੌਤ ਹੋ ਜਾਣ ਜਾਂ ਮੁਕੰਮਲ ਅਪੰਗਤਾ ਦੀ ਸੂਰਤ ਵਿੱਚ 5 ਲੱਖ ਰੁਪਏ ਦੇ ਬੀਮੇ ਦੀ ਸਹੂਲਤ ਵੀ ਦਿੱਤੀ ਗਈ ਹੈ । ਮੁੱਖ ਮੰਤਰੀ ਨੇ ਆਖਿਆ ਕਿ ਹੁਣ ਸੂਬਾ ਸਰਕਾਰ ਨੇ ਗੈਰ ਸੰਸਥਾਗਤ ਖੇਤੀ ਕਰਜ਼ਿਆਂ ਦੇ ਨਿਪਟਾਰੇ ਲਈ ਵਿਧਾਨ ਸਭਾ ਵਿਚ ਬਿੱਲ ਪਾਸ ਕਰਕੇ ਕਾਨੂੰਨ ਬਣਾ ਦਿੱਤਾ ਹੈ।  ਸਾਡੇ ਮਹਾਨ ਗੁਰੂਆਂ ਤੇ ਸੰਤਾਂ ਮਹਾਪੁਰਖਾਂ ਵੱਲੋਂ ਵਿਖਾਏ ਮਾਰਗ ‘ਤੇ ਚੱਲਦਿਆਂ ਸੂਬਾ ਸਰਕਾਰ ਨੇ ਗਰੀਬ ਲੋਕਾਂ ਲਈ ਮੁਫ਼ਤ ਆਟਾ ਦਾਲ ਦੀ ਸਕੀਮ ਚਲਾਈ ਅਤੇ ਇਸ ਤੋਂ ਇਲਾਵਾ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵੀ ਸ਼ੁਰੂ ਕੀਤੀ ਹੈ ਜਿਸ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਨਾਂਦੇੜ ਸਾਹਿਬ, ਵਾਰਾਣਸੀ, ਕਟੜਾ ਅਤੇ ਅਜਮੇਰ ਸ਼ਰੀਫ਼ ਵਰਗੇ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਮੁਫ਼ਤ ਰੇਲ ਜਾਂ ਬੱਸ ਸੇਵਾ ਅਤੇ ਰਹਿਣ ਸਹਿਣ ਦੀ ਸਹੂਲਤ ਮੁਹਈਆ ਕਰਵਾਈ ਜਾਂਦੀ ਹੈ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਨੇ ਹੁਣ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਵਸ ਨੂੰ ਮਨਾਉਣ ਲਈ 100 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ 317ਵੇਂ ਖਾਲਸਾ ਸਿਰਜਣਾ ਦਿਵਸ ਸਮਾਗਮ ਮੌਕੇ ਇੱਥੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਮੁਕਾਬਲਾ ਨਹੀਂ ਕਰ ਸਕਦੀ ਕਿਉਂ ਕਿ ਅਕਾਲੀ ਦਲ ਦਾ ਇਤਿਹਾਸ ਸੰਘਰਸ਼ ਅਤੇ ਕੁਰਬਾਨੀਆਂ ਭਰਿਆ ਹੈ ਅਤੇ ਇਸਦੀ ਅਗਵਾਈ ਇਸ ਵੇਲੇ ਦੇਸ਼ ਦੇ ਸਭ ਤੋਂ ਸਮਰੱਥ ਆਗੂ ਸ. ਪ੍ਰਕਾਸ਼ ਸਿੰਘ ਬਾਦਲ ਹੱਥ ਹੈ।
ਸ਼੍ਰੋਮਣੀ ਅਕਾਲੀ ਦਲ ਦੇਸ਼ ਦੀ ਦੂਸਰੀ ਸਭ ਤੋਂ ਪੁਰਾਣੀ ਪਾਰਟੀ ਹੈ ਅਤੇ ਆਜ਼ਾਦੀ ਸੰਘਰਸ਼ ਦੌਰਾਨ ਸਭ ਤੋਂ ਵੱਧ ਯੋਗਦਾਨ ਵੀ ਅਕਾਲੀਆਂ ਨੇ ਹੀ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਜੇਕਰ ਕੋਈ ਪਾਰਟੀ ਸਭ ਤੋਂ ਜ਼ਿਆਦਾ ਫਿਰਕਮੰਦ ਹੈ ਤਾਂ ਉਹ ਸਿਰਫ  ਸ਼੍ਰੋਮਣੀ ਅਕਾਲੀ ਦਲ ਹੈ ਅਤੇ ਪੰਜਾਬ ਦਾ ਵਿਕਾਸ ਵੀ ਉਦੋਂ-ਉਦੋਂ ਹੀ ਹੋਇਆ ਹੈ ਜਦੋਂ-ਜਦੋਂ ਪੰਜਾਬ ਵਿਚ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਸਰਕਾਰ ਬਣੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਾਲਾ ਵਰ੍ਹਾ ਹੋਣ ਕਰਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਲਗਾਤਾਰ 25 ਸਾਲ ਤੱਕ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਦ੍ਰਿੜ ਹੈ।  ਆਮ ਆਦਮੀ ਪਾਰਟੀ ਦਾ ਕਨਵੀਨਰ ਅਤੇ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਇੰਦਰਾ ਗਾਂਧੀ ਵਾਂਗੂੰ ਸਿੱਖ ਵਿਰੋਧੀ ਹੈ ਅਤੇ ਜਿਵੇਂ ਗਾਂਧੀ ਪਰਿਵਾਰ ਨੇ ਸ੍ਰੀ ਹਰਿਮੰਦਰ ਸਾਹਿਬ ਉੱਤੇ ਟੈਂਕ ਚੜ੍ਹਵਾਏ ਸਨ ਉਵੇਂ ਹੀ ਕੇਜਰੀਵਾਲ ਨੇ ਵੀ ਦਿੱਲੀ ਵਿਚ ਗੁਰੂਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ‘ਪਿਆਓ’ ‘ਤੇ ਹਮਲਾ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਾ ਸਿੱਖ ਵਿਰੋਧੀ ਚਿਹਰਾ ਜਗ ਜਾਹਰ ਹੋ ਚੁੱਕਾ ਹੈ ਕਿਉਂ ਕਿ ਉਸ ਨੇ ਦਿੱਲੀ ਵਿਚ ਵਿਸਾਖੀ ਦੀ ਸਰਕਾਰੀ ਛੁੱਟੀ ਵੀ ਬੰਦ ਕਰਵਾ ਦਿੱਤੀ ਹੈ। ਇਸ ਤੋਂ ਇਲਾਵਾ ਐਸਵਾਈਐਲ ਦੇ ਮੁੱਦੇ ‘ਤੇ ਉਸਦੀ ਦੋਗਲੀ ਬਿਆਨਬਾਜ਼ੀ ਨੇ ਉਸ ਨੂੰ ਪੰਜਾਬ ਵਿਰੋਧੀ ਹੋਣ ਦਾ ‘ਸਰਟੀਫਿਕੇਟ’ ਵੀ ਦਿਵਾ ਦਿੱਤਾ ਹੈ। ਉੱਪ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਵੇਂ ਪਾਰਟੀਆਂ ਪੰਜਾਬ ਅਤੇ ਸਿੱਖ ਵਿਰੋਧੀ ਹਨ ਅਤੇ ਇਨ੍ਹਾਂ ਨੂੰ ਬੁਰੀ ਤਰ੍ਹਾਂ ਹਰਾਉਣ ਲਈ ਹਰ ਪੰਜਾਬੀ ਨੂੰ ਅੱਗੇ ਆਉਣਾ ਚਾਹੀਦਾ ਹੈ।
ਪੰਜਾਬ ਵਿਚ ਪਿਛਲੇ 9 ਸਾਲਾਂ ਵਿਚ ਹੋਏ ਵਿਕਾਸ ਦੀ ਗੱਲ ਕਰਦਿਆਂ ਸ. ਬਾਦਲ ਨੇ ਕਿਹਾ “ਅਸੀਂ ਜੋ ਕਿਹਾ ਉਹ ਕੀਤਾ ਹੈ। ਪੰਜਾਬ ਨੂੰ ਵਾਧੂ ਬਿਜਲੀ ਵਾਲਾ ਸੂਬਾ ਬਣਾਉਣ ਦਾ ਵਾਅਦਾ ਨਿਭਾਇਆ। ਸਾਰੇ ਸੂਬੇ ਵਿਚ 4-6 ਮਾਰਗੀ ਸੜਕਾਂ ਬਣ ਰਹੀਆਂ ਹਨ। ਨਹਿਰੀ ਢਾਂਚੇ ਦੀ ਮਜ਼ਬੂਤੀ ਤੇ ਦਰੁਸਤਗੀ ਲਈ 2000 ਕਰੋੜ ਰੁਪਏ ਖਰਚੇ ਜਾ ਰਹੇ ਹਨ ਜਦਕਿ ਸੇਮ ਦੀ ਸਮੱਸਿਆ ਦੇ ਹੱਲ ਲਈ 3000 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਪਿੰਡਾਂ ਦੇ ਵਿਕਾਸ ਲਈ ਵੀ 6000 ਕਰੋੜ ਰੁਪਏ ਖਰਚ ਕਰਨੇ ਹਨ।“ ਕਿਸਾਨਾਂ ਅਤੇ ਹੋਰ ਵਰਗਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਗੱਲ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ, “ ਜਿੰਨੀਆਂ ਸਹੂਲਤਾਂ ਪੰਜਾਬ ਦੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਹਨ, ਪੂਰੇ ਦੇਸ਼ ਵਿਚ ਹੋਰ ਕਿਸੇ ਸੂਬੇ ਦੇ ਕਿਸਾਨਾਂ ਨੂੰ ਏਨੀਆਂ ਸਹੂਲਤਾਂ ਨਹੀਂ ਮਿਲ ਰਹੀਆਂ।“ ਉਨ੍ਹਾਂ ਕਿਸਾਨਾਂ ਲਈ ਮੁਫਤ ਬਿਜਲੀ, ਮੁਫਤ ਬੀਮਾ, ਕਿਸਾਨ ਪੈਨਸ਼ਨ ਸਕੀਮ ਆਦਿ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ 1.20 ਲੱਖ ਨੌਕਰੀਆਂ ਦਾ ਇਸ਼ਤਿਹਾਰ ਜਲਦ ਹੀ ਜਾਰੀ ਹੋ ਰਿਹਾ ਹੈ ਅਤੇ ਸੂਬੇ ਦੇ ਵੱਖ-ਵੱਖ ਖੇਤਰਾਂ ਵਿਚ 1000 ਸਕਿੱਲ ਸੈਂਟਰ ਵੀ ਖੋਲ੍ਹੇ ਜਾ ਰਹੇ ਹਨ ਤਾਂ ਜੋ ਸੂਬੇ ਦੀ ਨੌਜਵਾਨੀ ਨੂੰ ਸਹੀ ਰਾਹ ਪਾਇਆ ਜਾ ਸਕੇ। ਕਾਂਗਰਸ ਅਤੇ ਆਪ ਦੀ ਸਖਤ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਨਸ਼ਿਆਂ ਦੇ ਮੁੱਦੇ ‘ਤੇ ਗਲਤ ਪ੍ਰਚਾਰ ਕਰ ਰਹੀਆਂ ਹਨ ਅਤੇ ਸੂਬੇ ਦੀ ਬਦਨਾਮੀ ਕਰ ਰਹੀਆਂ ਹਨ ਜਿਸ ਕਰਕੇ ਇਹ ਪੰਜਾਬ ਦੀਆਂ ਅਸਲ ਦੁਸ਼ਮਣ ਪਾਰਟੀਆਂ ਹਨ ਜਿਨ੍ਹਾਂ ਨੂੰ 2017 ਦੀਆਂ ਚੋਣਾਂ ਵਿਚ ਬੁਰੀ ਤਰ੍ਹਾਂ ਹਰਾਉਣਾ ਜ਼ਰੂਰੀ ਹੈ।
ਆਪਣੇ ਸੰਬੋਧਨ ਵਿਚ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਪੰਜਾਬੀਆਂ ਨੂੰ ਪੰਜਾਬ ਵਿਰੋਧੀ ਤਾਕਤਾਂ ਦੀਆਂ ਕੋਝੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਲਈ ਅਹਿਦ ਲੈਣ ਦਾ ਸੱਦਾ ਦਿੱਤਾ ਕਿਉਂ ਜੋ ਇਹ ਤਾਕਤਾਂ ਪੰਜਾਬ ਨੂੰ ਬਰਬਾਦ ਕਰਨ ‘ਤੇ ਤੁਲੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਨੂੰ ਯਤਨ ਕਰਕੇ ਇਹ ਯਕੀਨੀ ਬਣਾਉਣ ਕਿ ਅਜਿਹੀਆਂ ਤਾਕਤਾਂ ਨੂੰ ਆਪਣੇ ਨਾਪਾਕ ਇਰਾਦਿਆਂ ਵਿਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਥ ਅਤੇ ਸਿੱਖ ਭਾਈਚਾਰੇ ਨੂੰ ਕਮਜ਼ੋਰ ਕਰਨ ਵਾਲੇ ਹਰੇਕ ਯਤਨ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਕੇਂਦਰੀ ਮੰਤਰੀ ਨੇ ਆਖਿਆ ਕਿ ਇਸ ਕਾਨਫਰੰਸ ਵਿਚ ਹਾਜ਼ਰ ਹਰੇਕ ਵਿਅਕਤੀ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਸਿੱਖ ਧਰਮ ਦੇ ਸਿਧਾਂਤਾਂ ‘ਤੇ ਚੱਲਣ ਦਾ ਪ੍ਰਣ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਸਿੱਖ ਇਤਿਹਾਸ ਮਹਾਨ ਸਿੱਖ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪੈਰੋਕਾਰਾਂ ਵੱਲੋਂ ਸਮਾਜ ਦੇ ਕਮਜ਼ੋਰ ਤਬਕਿਆਂ ਦੀ ਰਾਖੀ ਲਈ ਕੀਤੀਆਂ ਕੁਰਬਾਨੀਆਂ ਨੂੰ ਦਰਸਾਉਂਦਾ ਹੈ ਜਿਸ ਨੂੰ ਹਰੇਕ ਵੱਲੋਂ ਅਪਨਾਉਣਾ ਚਾਹੀਦਾ ਹੈ।

LEAVE A REPLY