3ਚੰਡੀਗੜ : ਅਮਨ-ਪਸੰਦ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਸਿੱਖ ਭਾਈਚਾਰੇ ਵਿਰੁੱਧ ਧਾਰਮਿਕ ਤੇ ਨਸਲੀ ਘਟਨਾਵਾਂ ਲਗਾਤਾਰ ਜਾਰੀ ਰਹਿਣ ਕਾਰਨ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਸਿੱਖ ਧਰਮ ਤੇ ਇਸ ਦੇ ਸ਼ਾਂਤੀ ਤੇ ਆਪਸੀ ਭਾਈਚਾਰੇ ਦੇ ਸੰਦੇਸ਼ ਦਾ ਦੁਨੀਆ ਭਰ ਵਿੱਚ ਪਾਸਾਰ ਕਰਨ ਲਈ ਸਾਰੇ ਕੂਟਨੀਤਕ ਮਿਸ਼ਨਾਂ ਨੂੰ ਸਰਗਰਮ ਕਰਨ ਦੀ ਅਪੀਲ ਕੀਤੀ ਹੈ।
ਸਿੱਖ ਸ਼ਨਾਖ਼ਤ ਦੇ ਪ੍ਰਤੀਕ ਦਸਤਾਰ, ਕੇਸ, ਦਾੜ੍ਹੀ, ਕੜ੍ਹਾ ਤੇ ਕਿਰਪਾਨ ਦਾ ਨਿਰਾਦਰ ਕਰਨ ਦੀਆਂ ਤਾਜ਼ਾ ਘਟਨਾਵਾਂ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਇਸ ਸਬੰਧ ਵਿੱਚ ਪ੍ਰਭਾਵੀ ਤੇ ਛੇਤੀ ਨਾਲ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਨਿਊ ਜਰਸੀ ਵਿਖੇ ਅਮਰੀਕੀ ਅਥਾਰਟੀ ਵੱਲੋਂ ਸਿੱਖ ਲੜਕੇ ਦੀ ਦਸਤਾਰ ਨੂੰ ਉਤਾਰਨ ਵੱਲ ਕੇਂਦਰ ਸਰਕਾਰ ਦਾ ਧਿਆਨ ਦਿਵਾਇਆ ਹੈ।
ਦੁਨੀਆ ਭਰ ਵਿੱਚ ਇਸ ਤਰ੍ਹਾਂ ਦੀਆਂ ਬਦਕਿਸਮਤ ਘਟਨਾਵਾਂ ਵਾਰ-ਵਾਰ ਪੈਦਾ ਹੋਣ ‘ਤੇ ਸਖ਼ਤ ਪ੍ਰਤੀਕ੍ਰਿ੍ਰਆ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਕੋਲ ਇਹ ਮਾਮਲਾ ਉਠਾਇਆ ਹੈ ਅਤੇ ਉਨ੍ਹਾਂ ਨੇ ਉਨ੍ਹਾਂ ਦੋਸ਼ੀ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਅਮਰੀਕੀ ਅਥਾਰਟੀ ‘ਤੇ ਜ਼ੋਰ ਪਾਉਣ ਲਈ ਆਖਿਆ ਹੈ ਜੋ ਕਿ ਉਥੇ ਵਸਦੇ ਪੰਜਾਬੀ ਭਾਈਚਾਰੇ ਖਾਸ ਕਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੀਆਂ ਕੋਸ਼ਿਸ਼ਾਂ ਕਰਦੇ ਹਨ। ਸ. ਬਾਦਲ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਉੱਚ ਪੱਧਰ ਉਤੇ ਸਾਰੇ ਕੂਟਨੀਤਕ ਅਤੇ ਸਿਆਸੀ ਚੈਨਲਾਂ ਦੀ ਵਰਤੋਂ ਕਰਕੇ ਇਹ ਮਾਮਲਾ ਜਲਦੀ ਤੋਂ ਜਲਦੀ ਹੱਲ ਕਰਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਨੂੰ ਦਰਪੇਸ਼ ਇਨ੍ਹਾਂ ਗੰਭੀਰ ਸਮੱਸਿਆਵਾਂ ਦੇ ਮਾਮਲੇ ਉਤੇ ਸਮੁੱਚਾ ਪੰਜਾਬ ਬਹੁਤ ਜ਼ਿਆਦਾ ਚਿੰਤਤ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਗਾਤਾਰ ਉਨ੍ਹਾਂ ਨਸਲੀ ਤੱਤਾਂ ਵਿਰੁੱਧ ਕਾਰਵਾਈ ਲਈ ਜ਼ੋਰ ਪਾ ਰਹੀਆਂ ਹਨ ਜੋ ਕਿ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਵਾਲੇ ਸਿੱਖ ਨਾਗਰਿਕਾਂ ਦਾ ਸਾਫ ਸੁਥਰਾ ਅਕਸ਼ ਖਰਾਬ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਅਪਰਾਧੀ ਤੱਤਾਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ ਤਾਂ ਜੋ ਅਜਿਹੀਆਂ ਗੈਰ-ਮਾਨਵੀ ਘਟਨਾਵਾਂ ਨੂੰ ਰੋਕਿਆ ਜਾ ਸਕੇ।

LEAVE A REPLY