4ਲੁਧਿਆਣਾ  : ਮੈਂਬਰ ਪਾਰਲੀਮੈਂਟ ਅਤੇ ਪੰਜਾਬ ਚੋਣ ਪ੍ਰਚਾਰ ਕਮੇਟੀ ਦੇ ਕਨਵੀਨਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜਿਸ ਕਦਰ ਕੁਝ ਦੇਸ਼ ਵਿਰੋਧੀ ਤੇ ਪੰਜਾਬ ਵਿਰੋਧੀ ਤਾਕਤਾਂ ਵੱਲੋਂ ਕੈਨੇਡਾ ਦੇ ਕਾਨੂੰਨ ਦਾ ਹਵਾਲਾ ਦਿਵਾ ਕੇ ਆਖਰੀ ਸਮੇਂ ਵਿਚ ਕੈਪਟਨ ਅਮਰਿੰਦਰ ਸਿੰਘ ਦੀਆਂ ਅਪ੍ਰਵਾਸੀ ਪੰਜਾਬੀਆਂ ਨਾਲ ਵੱਡੇ ਪੱਧਰ ਦੀਆਂ ਮੁਲਾਕਾਤਾਂ ਰੱਦ ਕਰਵਾਈਆਂ ਗਈਆਂ, ਇਸ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਹੀ ਸਰਕਾਰ ਬਣੇਗੀ ਅਤੇ ਬਾਹਰ ਬੈਠੇ ਕੁਝ ਕਾਂਗਰਸ ਵਿਰੋਧੀ ਲੋਕਾਂ ਅੰਦਰ ਇਹ ਘਬਰਾਹਟ ਦਾ ਹੀ ਸਿੱਟਾ ਹੈ ਕਿ ਉਨ੍ਹਾਂ ਨੂੰ ਇਹ ਹੱਥਕੰਡੇ ਅਪਣਾਉਣੇ ਪਏ।
ਪੰਜਾਬ ਦੀ ਰਾਜਨੀਤੀ ‘ਚ ਕੈਪਟਨ ਅਮਰਿੰਦਰ ਸਿੰਘ ਹਰਮਨ ਪਿਆਰੇ ਆਗੂ ਹਨ। ਰਵਨੀਤ ਨੇ ਕਿਹਾ ਕਿ ਕੈਨੇਡਾ ਦੇ ਅਪ੍ਰਵਾਸੀ ਪੰਜਾਬੀਆਂ ਅੰਦਰ ਉਨ੍ਹਾਂ ਨੂੰ ਮਿਲਣ ਦੀ ਬੜੀ ਇੱਛਾ ਹੈ। ਉਹ ਉਨ੍ਹਾਂ ਨਾਲ ਪੰਜਾਬ ਦੀਆਂ ਸਮੱਸਿਆਵਾਂ ਬਾਰੇ ਅਤੇ ਉਨ੍ਹਾਂ ਤੋਂ ਨਿਜਾਤ ਪਾਉਣ ਲਈ ਆਪਣੀਆਂ ਸਲਾਹਾਂ ਤੇ ਮਸ਼ਵਰੇ ਦੇਣਾ ਚਾਹੁੰਦੇ ਸਨ ਪਰ ਬੜੇ ਅਫਸੋਸ ਦੀ ਗੱਲ ਹੈ ਕਿ ਇਨ੍ਹਾਂ ਸ਼ਰਾਰਤੀ ਅਨਸਰਾਂ ਨੇ ਉਨ੍ਹਾਂ ਦਾ ਇਹ ਲੋਕਤੰਤਰੀ ਹੱਕ ਖੋਹ ਲਿਆ ਅਤੇ ਇਸ ਸਮੁੱਚੀ ਘਟਨਾ ਨੇ ਅਪ੍ਰਵਾਸੀ ਪੰਜਾਬੀਆਂ ਨੂੰ ਵੰਡ ਕੇ ਰੱਖ ਦਿੱਤਾ ਹੈ।
ਬਿੱਟੂ ਨੇ ਕਿਹਾ ਕਿ ਕਾਂਗਰਸ ਪਾਰਟੀ ਹੋਰ ਪਾਰਟੀਆਂ ਵਾਂਗ ਨਹੀਂ ਹੈ। ਅਸੀਂ ਇਹ ਮੰਨਦੇ ਹਾਂ ਕਿ ਵਿਦੇਸ਼ਾਂ ਵਿਚ ਵੱਸਦੇ ਅਪ੍ਰਵਾਸੀ ਪੰਜਾਬ ਦੇ ਵਿਰਸੇ ਤੇ ਸੱਭਿਆਚਾਰ ਦੇ ਅਸਲ ਦੂਤ ਹਨ, ਜੋ ਪੰਜਾਬ ਦੀ ਮਿੱਟੀ ਦੀ ਖੁਸ਼ਬੂ ਦੁਨੀਆ ਦੇ ਕੋਨੇ-ਕੋਨੇ ਵਿਚ ਲੈ ਕੇ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਪ੍ਰਵਾਸੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ। ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਉਣ ‘ਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾ ਸਕੇ।

LEAVE A REPLY