3ਅਬੋਹਰ : ਪੰਜਾਬ ਦੇ ਵਿਕਾਸ ਨੂੰ ਆਪਣੀ ਮੁੱਖ ਪ੍ਰਾਥਮਿਕਤਾ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਸੂਬੇ ਦੇ ਚੌਤਰਫੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ।
ਅੱਜ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਸੰਗਤ ਦਰਸ਼ਨ ਸਮਾਗਮਾਂ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸ: ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹਿਰਾਂ ਅਤੇ ਪਿੰਡਾਂ ਦੇ ਵਿਕਾਸ ਲਈ 12000 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟ ਸ਼ੁਰੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸੂਬੇ ਦੇ ਸਾਰੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਮੁਹਈਆ ਕਰਵਾਈਆਂ ਜਾ ਸਕਣ। ਸ਼ਾਂਤੀ ਅਤੇ ਆਪਸੀ ਭਾਈਚਾਰੇ ਨੂੰ ਵਿਕਾਸ ਦੀ ਬੁਨਿਆਦੀ ਲੋੜ ਦੱਸਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿੱਛਲੇ 9 ਸਾਲਾਂ ਦੌਰਾਨ ਸੂਬੇ ਵਿਚ ਅਮਨ ਸਾਂਤੀ ਅਤੇ ਭਾਈਚਾਰਕ ਸਾਂਝ ਨੂੰ ਪੂਰੀ ਤਰਾਂ ਪੱਕੇ ਪੈਰੀ ਕੀਤਾ ਹੈ ਜਿਸ ਦੇ ਕਰਕੇ ਪੰਜਾਬ ਇਸ ਵੇਲੇ ਦੇਸ਼ ਦੇ ਸਭ ਤੋਂ ਸਾਂਤੀ ਪਸੰਦ ਸੂਬੇ ਵਜੋਂ ਜਾਣਿਆ ਜਾਂਦਾ ਹੈ। ਅਮਨ ਸਾਂਤੀ ਨੂੰ ਕਿਸੇ ਵੀ ਸੂਰਤ ਵਿਚ ਭੰਗ ਨਾ ਹੋਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਆਪਸੀ ਭਾਈਚਾਰੇ ਅਤੇ ਸਦਭਾਵਨਾ ਨੂੰ ਢਾਹ ਲਾਉਣ ਵਾਲੀ ਕਿਸੇ ਵੀ ਕੋਸਿਸ਼ ਨੂੰ ਸਹਿਣ ਨਹੀਂ ਕੀਤਾ ਜਾਵੇਗਾ।
ਸੂਬੇ ਦੇ ਲੋਕਾਂ ਖਾਸ ਕਰਕੇ ਕਿਸਾਨਾਂ ਦੀ ਮਜਦੂਰਾਂ ਦੀ ਭਲਾਈ ਲਈ ਚੁੱਕੇ ਗਏ ਕਦਮਾਂ ਦਾ ਜਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਛੋਟੇ ਕਿਸਾਨਾਂ ਲਈ 50 ਹਜਾਰ ਰੁਪਏ ਤੱਕ ਦੇ ਵਿਆਜ ਮੁਕਤ ਕਰਜ ਦੇਣ ਦੀ ਯੋਜਨਾ ਆਰੰਭੀ ਹੈ ਜਿਸ ਦਾ ਰਾਜ ਦੇ 10 ਲੱਖ ਕਿਸਾਨ ਪਰਿਵਾਰਾਂ ਨੂੰ ਲਾਭ ਹੋਵੇਗਾ। ਕਿਸਾਨਾਂ ਨੂੰ ਨਵੇਂ ਟਿਊਬਵੇਲ ਕੁਨੈਕਸ਼ਨ ਜਾਰੀ ਕਰਨ ਪ੍ਰਕਿਰਿਆ ਦਾ ਜਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਕਿਸਾਨਾਂ ਨੂੰ ਹਰ ਸਾਲ 5000 ਕਰੋੜ ਰੁਪਏ ਦੀ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਇਸੇ ਹੀ ਤਰਾਂ ਸਰਕਾਰ ਨੇ ਜੇ ਫਾਰਮ ਧਾਰਕ ਕਿਸਾਨਾਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਕਿਸਾਨ ਦੇ ਪਰਿਵਾਰ ਦੇ 5 ਮੈਂਬਰ ਸਲਾਨਾ 50 ਹਜਾਰ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾ ਸਕਦੇ ਹਨ। ਇਸੇ ਦੌਰਾਨ ਮੁੱਖ ਮੰਤਰੀ ਨੇ ਢਾਣੀਆਂ ਨੂੰ 24 ਘੰਟੇ ਬਿਜਲੀ ਸਪਲਾਈ ਮੁਹਈਆ ਕਰਵਾਉਣ ਦਾ ਵੀ ਐਲਾਣ ਕੀਤਾ।
ਸ: ਬਾਦਲ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਸੰਗਤ ਦਰਸ਼ਨ ਪ੍ਰੋਗਰਾਮ ਦਾ ਮੁੱਖ ਉਦੇਸ਼ ਸੂਬੇ ਦੇ ਵਿਕਾਸ ਨੂੰ ਸਥਾਨਿਕ ਜ਼ਰੂਰਤਾਂ ਅਨੁਸਾਰ ਯਕੀਨੀ ਬਨਾਉਣਾ ਅਤੇ ਲੋਕ ਮਸਲਿਆਂ ਦਾ ਫੌਰੀ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਕੋਈ ਸਿਆਸੀ ਏਂਜਡਾ ਨਹੀਂ ਹੈ। ਸੰਗਤ ਦਰਸ਼ਨ ਦੀ ਮਹੱਤਤਾ ਦਾ ਜਿਕਰ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਇਹ ਜਮਹੂਰੀਅਤ ਦੀ ਉਚਤਮ ਮਿਸਾਲ ਹੈ ਜਿਸ ਵਿਚ ਜਮਹੂਰੀ ਢੰਗ ਨਾਲ ਲੋਕਾਂ ਦੀ ਲੋੜਾਂ ਮੁਤਾਬਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੰਗਤ ਦਰਸ਼ਨ ਦਾ ਉਦੇਸ਼ ਸਮੇਂ ਅਤੇ ਊਰਜਾ ਦੀ ਬੱਚਤ ਕਰਨ ਤੋਂ ਇਲਾਵਾ ਵਿਕਾਸ ਕਾਰਜਾਂ ਵਿਚ ਲੋਕਾਂ ਦੀ ਸਮੂਲੀਅਤ ਨੂੰ ਯਕੀਨੀ ਬਨਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਸੰਗਤ ਦਰਸ਼ਨ ਕਰਨ ਦੀ ਪ੍ਰਕਿਰਿਆ ਸਿਰਫ਼ ਪੰਜਾਬ ਵਿਚ ਹੀ ਹੈ ਅਤੇ ਇਹ ਵੀ ਸਿਰਫ਼ ਉਦੋਂ ਹੁੰਦੇ ਹਨ ਜਦੋਂ ਸੂਬੇ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੰਗਤ ਦਰਸ਼ਨ ਦਾ ਉਦੇਸ਼ ਅਧਿਕਾਰੀਆਂ ਨੂੰ ਲੋਕਾਂ ਦੇ ਰੂ-ਬਰੂ ਕਰਕੇ ਉਨ੍ਹਾਂ ਨੂੰ ਜਵਾਬਦੇਹ ਬਣਾਉਣਾ ਵੀ ਹੈ। ਕਿਸੇ ਲੋਕਤੰਤਰ ਦੀ ਖੂਬਸੂਰਤੀ ਕਾਰਜਪਾਲਕਾ ਦੀ ਲੋਕਾਂ ਪ੍ਰਤੀ ਜਵਾਬਦੇਹੀ ਹੀ ਹੈ।
ਵਿਕਾਸ ਕਾਰਜਾਂ ‘ਚ ਅਵਾਮ ਨੂੰ ਆਪਣੀ ਸਮੂਲੀਅਤ ਯਕੀਨੀ ਬਨਾਉਣ ਦੀ ਅਪੀਲ ਕਰਦੇ ਹੋਏ ਸ. ਬਾਦਲ ਨੇ ਲੋਕਾਂ ਨੂੰ ਪਿੰਡਾਂ ਦੇ ਵਿਕਾਸ ਕਾਰਜਾਂ ‘ਤੇ ਖੁਦ ਨਿਗਰਾਨੀ ਰੱਖਣ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੰਮਾਂ ਦੇ ਸਮੇਂ-ਸਿਰ ਮੁਕੰਮਲ ਹੋਣ ਨੂੰ ਯਕੀਨੀ ਬਨਾਉਣ ਤੋਂ ਇਲਾਵਾ ਕੰਮ ਦੇ ਮਿਆਰ ਵਿਚ ਵੀ ਵਾਧਾ ਹੋਵੇਗਾ ਅਤੇ ਸਾਰੇ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਵਿਚ ਮੱਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ‘ਚ ਹਿੱਸਾ ਲੈਣਾ ਅਤੇ ਇਨ੍ਹਾਂ ‘ਤੇ ਨਿਗਰਾਨੀ ਰੱਖਣਾ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਹੈ ਅਤੇ ਸਾਰਿਆਂ ਨੂੰ ਆਪਣੀ ਇਹ ਭੂਮਿਕਾ ਤਹਿ ਦਿਲੋਂ ਨਿਭਾਉਣੀ ਚਾਹੀਦੀ ਹੈ।
ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀ ਸਹਾਇਕ ਧੰਦੇ ਅਪਨਾਉਣ ਦਾ ਸੱਦਾ ਦਿੰਦਿਆਂ ਨੌਜਵਾਨਾਂ ਨੂੰ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਹੁਨਰ ਸਿਖਲਾਈ ਕੋਰਸਾਂ ਰਾਹੀਂ ਹੁਨਰ ਵਿਕਾਸ ਦਾ ਗਿਆਨ ਹਾਲਸ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੁਨਰ ਸਹਾਰੇ ਪਰਿਵਾਰ ਦੇ ਸਾਰੇ ਜੀਆਂ ਨੂੰ ਪਰਿਵਾਰ ਦੀ ਆਮਦਨ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਵਿਚ ਹੁਨਰ ਸਿਖਲਾਈ ਕੇਂਦਰ ਵੀ ਸਥਾਪਿਤ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਅੱਜ ਚੱਕ ਕਾਲਾ ਟਿੱਬਾ, ਰਾਜਾਂਵਾਲੀ, ਅਮਰ ਪੁਰਾ, ਕਿੱਕਰ ਖੇੜਾ ਅਦਿ ਥਾਂਵਾਂ ਤੇ ਬੱਲੂਆਣਾ ਵਿਧਾਨ ਸਭਾ ਹਲਕੇ ਦੀਆਂ ਕੋਈ ਦੋ ਦਰਜਨ ਪੰਚਾਇਤਾਂ ਦੀਆਂ ਮੁਸਕਿਲਾਂ ਸੁਣ ਕੇ ਮੌਕੇ ਤੇ ਹੀ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇਣ ਦਾ ਐਲਾਣ ਕੀਤਾ।  ਮੁੱਖ ਮੰਤਰੀ ਦਾ ਹਲਕੇ ਵਿਚ ਪਹੁੰਚਣ ਮੌਕੇ ਮੁੱਖ ਪਾਰਲੀਮਾਨੀ ਸਕੱਤਰ ਸ: ਗੁਰਤੇਜ ਸਿੰਘ ਘੁੜਿਆਣਾ ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਆਖਿਆ।

LEAVE A REPLY