9ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮਨ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਇਸਾਈ ਭਾਈਚਾਰੇ ਦੇ ਅਹਿਮ ਯੋਗਦਾਨ ਨੂੰ ਮਾਨਤਾ ਦਿੰਦਿਆਂ ਅੰਮ੍ਰਿਤਸਰ ਤੇ ਗੁਰਦਾਸਪੁਰ ਵਿਖੇ ਮਸੀਹ ਭਵਨ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਨਿਵਾਸ ‘ਤੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਮੁਨੱਵਰ ਮਸੀਹ ਦੀ ਅਗਵਾਈ ਵਿਚ ਇਕ ਵਫ਼ਦ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਸ. ਬਾਦਲ ਨੇ ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਇਨ੍ਹਾਂ ਮਸੀਹ ਭਵਨਾਂ ਲਈ ਢੁਕਵੀਂ ਜਗ੍ਹਾ ਲੱਭ ਕੇ ਇਸ ਦੇ ਡਿਜ਼ਾਇਨ ਨੂੰ ਅੰਤਮ ਰੂਪ ਦਿੱਤਾ ਜਾਵੇ ਤਾਂ ਕਿ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਸਥਾਨਕ ਸਰਕਾਰ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਆਖਿਆ ਕਿ ਅਗਲੇ ਦੋ ਮਹੀਨਿਆਂ ਵਿਚ ਮੁਸਲਿਮ ਅਤੇ ਇਸਾਈ ਭਾਈਚਾਰਿਆਂ ਵਾਸਤੇ ਕਬਰਿਸਤਾਨ ਲਈ ਢੁਕਵੀਂ ਜ਼ਮੀਨ ਮੁਹੱਈਆ ਕਰਵਾਈ ਜਾਵੇ। ਸ. ਬਾਦਲ ਨੇ ਆਖਿਆ ਕਿ ਸੂਬਾ ਸਰਕਾਰ ਕਬਰਿਸਤਾਨ ਲਈ ਦੋਵਾਂ ਭਾਈਚਾਰਿਆਂ ਨੂੰ ਜ਼ਮੀਨ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਜਾਰੀ ਕੀਤੀ ਕਿ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਇਸ ਮੰਤਵ ਲਈ ਢੁਕਵੀਂ ਜਗ੍ਹਾ ਦਾ ਉਪਬੰਧ ਕੀਤਾ ਜਾਵੇ ਅਤੇ ਜੇਕਰ ਕਿਤੇ ਜ਼ਮੀਨ ਨਹੀਂ ਹੈ ਤਾਂ ਲੋੜੀਂਦੀ ਜ਼ਮੀਨ ਖਰੀਦਣ ਲਈ ਪ੍ਰਕ੍ਰਿਆ ਆਰੰਭੀ ਜਾਵੇ।
ਇਸੇ ਦੌਰਾਨ Àਪੁ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵਧੀਕ ਮੁੱਖ ਸਕੱਤਰ ਗ੍ਰਹਿ ਨੂੰ ਆਖਿਆ ਕਿ ਘਟ ਗਿਣਤੀ ਕਮਿਸ਼ਨ ਵਿਚ ਖਾਲੀ ਪਈਆਂ ਅਸਾਮੀਆਂ ਭਰਨ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਜਾਵੇ ਕਿਉਂ ਜੋ ਸੂਬਾ ਸਰਕਾਰ ਨੇ ਹਾਲ ਹੀ ਵਿਚ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਪੰਜ ਤੋਂ ਵਧਾ ਕੇ 10 ਕਰ ਦਿੱਤੀ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਵਫਦ ਵੱਲੋਂ ਕ੍ਰਿਸ਼ਚਨ ਮੈਰਿਜ ਐਕਟ, 1872 ਅਧੀਨ ਵਿਆਹ ਦੀ ਰਜਿਸਟ੍ਰੇਸ਼ਨ ਲਈ ਹੋਰ ਮੈਰਿਜ ਰਜਿਸਟਰਾਰ ਮਨੋਨੀਤ ਕਰਨ ਦੀ ਮੰਗ ਨਾਲ ਹੀ ਸਹਿਮਤੀ ਜ਼ਾਹਰ ਕਰਦਿਆਂ ਗ੍ਰਹਿ ਵਿਭਾਗ ਨੂੰ ਪ੍ਰਕ੍ਰਿਆ ਵਿਚ ਤੇਜ਼ੀ ਲਿਆਉਣ ਲਈ ਆਖਿਆ।
ਮੀਟਿੰਗ ਵਿਚ ਮੁੱਖ ਸੰਸਦੀ ਸਕੱਤਰ ਸ੍ਰੀ ਸੋਮ ਪ੍ਰਕਾਸ਼, ਵਧੀਕ ਮੁੱਖ ਸਕੱਤਰ ਗ੍ਰਹਿ ਸ੍ਰੀ ਜਗਪਾਲ ਸਿੰਘ ਸੰਧੂ, ਸਕੱਤਰ ਸਥਾਨਕ ਸਰਕਾਰ ਸ੍ਰੀ ਵਿਕਾਸ ਪ੍ਰਤਾਪ, ਸਕੱਤਰ ਭਲਾਈ ਸ੍ਰੀ ਕਿਰਪਾ ਸ਼ੰਕਰ ਸਰੋਜ, ਸੰਯੁਕਤ ਵਧੀਕ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ੍ਰੀ ਕੁਮਾਰ ਅਮਿਤ, ਡਾਇਰੈਕਟਰ ਪੇਂਡੂ ਵਿਕਾਸ ਸ੍ਰੀ ਐਸ.ਐਸ. ਬੈਂਸ ਤੋਂ ਇਲਾਵਾ ਅੰਮ੍ਰਿਤਸਰ, ਗੁਰਦਾਸਪੁਰ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਹਾਜ਼ਰ ਸਨ।

LEAVE A REPLY