8ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ ਦੀ ਯਾਦ ਵਿਚ 26 ਜੂਨ ਨੂੰ ਐਸ.ਏ.ਐਸ. ਨਗਰ (ਮੋਹਾਲੀ) ਵਿਚ ਚੱਪੜਚਿੜੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ।
ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਅੱਜ ਸਵੇਰੇ ਇਥੇ ਮੁੱਖ ਮੰਤਰੀ ਨਿਵਾਸ ‘ਤੇ ਹੋਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸੂਬੇ ਵਿਚ ਕਰਵਾਏ ਜਾਣ ਵਾਲੇ ਸਮਾਗਮਾਂ ਦੇ ਪ੍ਰਬੰਧਾਂ ਲਈ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਸੋਹਨ ਸਿੰਘ ਠੰਡਲ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਕਾਇਮ ਕੀਤੀ ਹੈ ਜਿਸ ਵਿਚ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਤਕਨੀਕੀ ਸਿੱਖਿਆ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ, ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਸ. ਸੇਵਾ ਸਿੰਘ ਸੇਖਵਾਂ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ, ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ੍ਰੀ ਕਮਲ ਸ਼ਰਮਾ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਨੁਮਾਇੰਦਾ ਸ਼ਾਮਲ ਹੋਣਗੇ।
ਮੀਟਿੰਗ ਵਿਚ ਇਹ ਵੀ ਫੈਸਲਾ ਕੀਤਾ ਗਿਆ ਕਿ ਸਰਹਿੰਦ ਵਿਖੇ ਇਤਿਹਾਸਕ ਆਮ ਖਾਸ ਬਾਗ ਵਿਚ ਦੇਸ਼ ਦੀ ਨਾਮੀ ਈਵੈਂਟ ਮੈਨੇਜਮੈਂਟ ਕੰਪਨੀ ਇਕ ਲੇਜ਼ਰ ਸ਼ੋਅ ਕਰੇਗੀ ਜਿਸ ਰਾਹੀਂ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਮਹਾਨ ਜੀਵਨ ਤੇ ਫਿਲਾਸਫੀ ਨੂੰ ਪੇਸ਼ ਕੀਤਾ ਕੀਤਾ ਜਾਵੇਗਾ ਤਾਂ ਕਿ ਸਾਡੀ ਨਵੀਂ ਪੀੜ੍ਹੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਮਹਾਨ ਯੋਗਦਾਨ ਬਾਰੇ ਜਾਣੂ ਕਰਵਾਇਆ ਜਾ ਸਕੇ। ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਮੁਗਲ ਹਕੂਮਤ ਦੇ ਹੇਠ ਚੱਲ ਰਹੇ ਜਾਗੀਰਦਾਰੀ ਢਾਂਚੇ ਨੂੰ ਖਤਮ ਕਰਕੇ ਮੁਜ਼ਾਹਰਿਆਂ ਨੂੰ ਜ਼ਮੀਨਾਂ ਦੇ ਅਸਲ ਮਾਲਕ ਬਣਾਇਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ਉਤੇ ਸਿੱਕੇ ਤੇ ਮੋਹਰਾਂ ਜਾਰੀ ਕੀਤੀਆਂ। ਇਹ ਜ਼ਿਕਰਯੋਗ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ 1710 ਵਿਚ ਪਹਿਲੀ ਵਾਰ ਖਾਲਸਾ ਰਾਜ ਸਥਾਪਤ ਕੀਤਾ।
ਵਿਚਾਰ ਚਰਚਾ ਵਿਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਹ ਨਵੀਂ ਦਿੱਲੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਜਾ ਰਹੇ ਸਮਾਗਮ ਦੀ ਪ੍ਰਧਾਨਗੀ ਕਰਨ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਨਿੱਜੀ ਤੌਰ ‘ਤੇ ਸੱਦਾ ਦੇਣਗੇ ਜਿਥੇ ਇਹ ਮਹਾਨ ਸਿੱਖ ਜਰਨੈਲ 1716 ਵਿਚ ਸ਼ਹੀਦ ਹੋਇਆ। ਸ. ਬਾਦਲ ਨੇ ਇਸ ਇਤਿਹਾਸਕ ਦਿਹਾੜੇ ਨੂੰ ਮਨਾਉਣ ਨਾਲ ਸਬੰਧਤ ਸਾਰੇ ਫੈਸਲੇ ਲੈਣ ਦਾ ਅਧਿਕਾਰ ਉੱਚ ਪੱਧਰੀ ਕਮੇਟੀ ਨੂੰ ਦਿੱਤਾ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ 25 ਕਰੋੜ ਰੁਪਏ ਦੀ ਰਕਮ ਦਾ ਉਪਬੰਧ ਪਹਿਲਾਂ ਹੀ ਕੀਤਾ ਹੋਇਆ ਹੈ। ਸ. ਬਾਦਲ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ ਤੇ ਵਿਚਾਰਧਾਰਾ ਨੂੰ ਦਰਸਾਉਂਦੇ ਲੇਜ਼ਰ ਸ਼ੋਅ ਲਈ ਸੰਕਲਪ ਪੇਪਰ ਨੂੰ ਪ੍ਰਵਾਨਗੀ ਦੇਣ ਦਾ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਨੂੰ ਦਿੱਤਾ।
ਮੀਟਿੰਗ ਵਿਚ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ, ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਸੋਹਨ ਸਿੰਘ ਠੰਡਲ, ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸੰਸਦ ਮੈਂਬਰ ਸ. ਰਣਜੀਤ ਸਿੰਘ ਬ੍ਰਹਮਪੁਰਾ ਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਤੇ ਸ. ਬਲਵਿੰਦਰ ਸਿੰਘ ਭੂੰਦੜ, ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਸ. ਸੇਵਾ ਸਿੰਘ ਸੇਖਵਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ ਤੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ, ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ੍ਰੀ ਕਮਲ ਸ਼ਰਮਾ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ, ਸਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਅੰਜਲੀ ਭਾਵੜਾ ਤੇ ਡਾਇਰੈਕਟਰ ਸ੍ਰੀ ਨਵਜੋਤਪਾਲ ਸਿੰਘ ਰੰਧਾਵਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸੇਨੂ ਦੁੱਗਲ ਸ਼ਾਮਲ ਸਨ।

LEAVE A REPLY