5ਚੰਡੀਗੜ  : ਕੈਬਨਿਟ ਮੰਤਰੀ ਸ੍ਰ. ਸੋਹਣ ਸਿੰਘ ਠੰਡਲ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ  ਪੰਜਾਬ ਦੇ ਵਿਰਸੇ ਅਤੇ ਇਤਿਹਾਸ ਨੂੰ ਸਾਂਭਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਵਲੋਂ ਸ਼ਹੀਦਾਂ ਦੀਆਂ ਸ਼ਤਾਬਦੀਆਂ ਵੱਡੇ ਪੱਧਰ ‘ਤੇ ਮਨਾਈਆਂ ਜਾ ਰਹੀਆਂ ਹਨ, ਉਥੇ ਹਰੇਕ ਧਰਮ ਦੇ ਮਾਣ-ਸਤਿਕਾਰ ਲਈ ਵੱਖ-ਵੱਖ ਇਤਿਹਾਸਕ ਤੇ ਧਾਰਮਿਕ ਯਾਦਗਾਰਾਂ ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਖੁਰਾਲਗੜ੍ਹ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੀ ਕਰੋੜਾਂ ਰੁਪਏ ਦੀ ਲਾਗਤ ਨਾਲ ਯਾਦਗਾਰ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਇਸਦੇ ਨਿਰਮਾਣ ਦਾ ਕੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਦਮ ਸਦਕਾ ਹੀ ਇਹ ਯਾਦਗਾਰ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਬਹੁਤ ਜਲਦੀ ਇਹ ਯਾਦਗਾਰ ਬਣਕੇ ਤਿਆਰ ਹੋ ਜਾਵੇਗੀ।
ਜੇਲ੍ਹਾਂ, ਸੈਰ-ਸਪਾਟਾ ਅਤੇ ਸਭਿਆਚਾਰ ਮਾਮਲੇ ਮੰਤਰੀ, ਪੰਜਾਬ ਸ੍ਰ. ਠੰਡਲ ਨੇ ਦੱਸਿਆ ਕਿ ਪੰਜਾਬ ਦੇ ਸਭਿਆਚਾਰ ਅਤੇ ਵਿਰਸੇ ਨੂੰ ਸਾਂਭਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਨੇ ਆਪਣੇ 9 ਸਾਲਾਂ ਦੇ ਕਾਰਜਕਾਲ ਦੌਰਾਨ ਵੱਡੇ ਪੱਧਰ ‘ਤੇ ਹਰੇਕ ਧਰਮ ਦੇ ਦਿਹਾੜੇ ਆਪਸ ਵਿਚ ਮਿਲਕੇ ਮਨਾਏ ਹਨ, ਤਾਂ ਜੋ ਸੂਬੇ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਰਕਰਾਰ ਰਹਿ ਸਕੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਵਲੋਂ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ 300 ਸਾਲਾ ਸ਼ਹੀਦੀ ਦਿਹਾੜੇ ਦੀ ਯਾਦ ਵਿਚ 26 ਜੂਨ ਨੂੰ ਚੱਪੜਚਿੜੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਇਲਾਵਾ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਿਰਕਤ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਹਿੰਦ ਵਿਖੇ ਇਤਿਹਾਸਕ ਆਮ ਖਾਸ ਬਾਗ ਵਿਚ ਦੇਸ਼ ਦੀ ਨਾਮੀ ਈਵੈਂਟ ਮੈਨੇਜਮੈਂਟ ਕੰਪਨੀ ਇਕ ਲੇਜ਼ਰ ਸ਼ੋਅ ਕਰੇਗੀ, ਜਿਸ ਰਾਹੀਂ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਮਹਾਨ ਜੀਵਨ ਤੇ ਫਿਲਾਸਫੀ ਨੂੰ ਪੇਸ਼ ਕੀਤਾ ਕੀਤਾ ਜਾਵੇਗਾ, ਤਾਂ ਕਿ ਸਾਡੀ ਨਵੀਂ ਪੀੜ੍ਹੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਮਹਾਨ ਯੋਗਦਾਨ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਮੁਗਲ ਹਕੂਮਤ ਦੇ ਹੇਠ ਚੱਲ ਰਹੇ ਜਾਗੀਰਦਾਰੀ ਢਾਂਚੇ ਨੂੰ ਖਤਮ ਕਰਕੇ ਮੁਜ਼ਾਹਰਿਆਂ ਨੂੰ ਜ਼ਮੀਨਾਂ ਦੇ ਅਸਲ ਮਾਲਕ ਬਣਾਇਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ਉਤੇ ਸਿੱਕੇ ਤੇ ਮੋਹਰਾਂ ਜਾਰੀ ਕੀਤੀਆਂ। ਇਹ ਜ਼ਿਕਰਯੋਗ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ 1710 ਵਿਚ ਪਹਿਲੀ ਵਾਰ ਖਾਲਸਾ ਰਾਜ ਸਥਾਪਤ ਕੀਤਾ।
ਕੈਬਨਿਟ ਮੰਤਰੀ ਪੰਜਾਬ ਸ੍ਰ. ਸੋਹਣ ਸਿੰਘ ਠੰਡਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਾਹਨੂੰਵਾਨ ਛੰਬ ਵਿਖੇ ਕਰੋੜਾਂ ਰੁਪਏ ਦੀ ਲਾਗਤ ਨਾਲ ਛੋਟੇ ਘੱਲੂਘਾਰੇ ਨੂੰ ਸਮਰਪਿਤ ਯਾਦਗਾਰ ਉਸਾਰੀ ਗਈ ਹੈ, ਜਿਸ ਨਾਲ ਨੌਜਵਾਨ ਪੀੜ੍ਹੀ ਆਪਣੇ ਇਤਿਹਾਸ ਤੋਂ ਬਾਖੂਬੀ ਜਾਣਕਾਰੀ ਹਾਸਿਲ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਛੋਟੇ ਤੇ ਵੱਡੇ ਘੱਲੂਘਾਰੇ ਦੀ ਯਾਦ ਵਿਚ 42 ਕਰੋੜ ਰੁਪਏ ਦੀ ਲਾਗਤ ਨਾਲ ਯਾਦਗਾਰ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਵਿਖੇ 105 ਕਰੋੜ ਰੁਪਏ ਦੀ ਲਾਗਤ ਨਾਲ ਭਗਵਾਨ ਵਾਲਮੀਕ ਤੀਰਥ ਸਥਲ ਦੀ ਉਸਾਰੀ ਕਰਵਾਈ ਜਾ ਰਹੀ ਹੈ ਅਤੇ ਇਸੇ ਤਰ੍ਹਾਂ ਬਾਬਾ ਜੀਵਨ ਸਿੰਘ ਅਤੇ ਬਾਬਾ ਮੋਤੀ ਰਾਮ ਮਹਿਰਾ ਦੀਆਂ ਵੀ ਯਾਦਗਾਰਾਂ ਉਸਾਰੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਹਰੇਕ ਧਰਮ ਦਾ ਮਾਣ ਤੇ ਸਤਿਕਾਰ ਕੀਤਾ ਹੈ ਅਤੇ ਆਪਣੇ ਵਿਰਸੇ ਨੂੰ ਸੰਭਾਲਣ ਲਈ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਦੱਸਿਆ ਕਿ ਸੈਰ ਸਪਾਟਾ ਨੂੰ ਹੋਰ ਪ੍ਰਫੁਲੱਤ ਕਰਨ ਲਈ ਵੀ ਯਤਨ ਕੀਤੇ ਜਾ ਰਹੇ ਹਨ।

LEAVE A REPLY