5ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਤਿੰਨ ਸੌ ਸਾਲਾ ਸ਼ਹੀਦੀ ਦਿਵਸ ਮੌਕੇ 26 ਜੂਨ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਲੁਧਿਆਣਾ, ਰੋਪੜ, ਫਤਹਿਗੜ੍ਹ ਸਾਹਿਬ, ਮੁਹਾਲੀ ਅਤੇ ਸੰਗਰੂਰ ਦੇ ਅਕਾਲੀ-ਭਾਜਪਾ ਨੇਤਾਵਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਆਖਿਆ ਤਾਂ ਕਿ ਸਾਲ 1710 ਵਿੱਚ ਖਾਲਸਾ ਰਾਜ ਦੀ ਨੀਂਹ ਰੱਖਣ ਵਾਲੇ ਇਸ ਮਹਾਨ ਸਿੱਖ ਜਰਨੈਲ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕੇ। ਸ. ਬਾਦਲ ਨੇ ਕਿਹਾ ਕਿ ਸਾਡੀ ਨੌਜਵਾਨ ਪੀੜੀ ਅਤੇ ਗੌਰਵਮਈ ਇਤਿਹਾਸ ਨਾਲ ਕੜੀ ਜੋੜਣ ਲਈ ਅਜਿਹੇ ਯਾਦਗਾਰੀ ਸਮਾਗਮਾਂ ਦੀ ਬਹੁਤ ਵੱਡੀ ਮਹੱਤਤਾ ਹੈ।
ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਤਕਨੀਕੀ ਸਿੱਖਿਆ ਤੇ ਉਦਯੋਗ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ‘ਤੇ ਅਧਾਰਿਤ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਜੋ ਇਸ ਸਮਾਗਮ ਵਿੱਚ ਹਾਜ਼ਰ ਹੋਣ ਵਾਲੇ ਲੋਕਾਂ ਲਈ ਆਵਾਜਾਈ ਅਤੇ ਖਾਣ-ਪੀਣ ਦੇ ਬੰਦੋਬਸਤਾਂ ਨੂੰ ਅੰਤਮ ਰੂਪ ਦੇਵੇਗੀ। ਉਨ੍ਹਾਂ ਨੇ ਇਨ੍ਹਾਂ ਨੇਤਾਵਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਵੱਖਰੇ ਤੌਰ ‘ਤੇ ਮੀਟਿੰਗ ਕਰਕੇ ਇਸ ਸਮਾਗਮ ਨੂੰ ਬਿਨਾਂ ਕਿਸੇ ਅੜਚਣ ਦੇ ਸਿਰੇ ਚਾੜ੍ਹਨ ਲਈ ਲੋੜੀਂਦੀਆਂ ਤਿਆਰੀਆਂ ਨੂੰ ਤਰਬੀਤ ਦਿੱਤੀ ਜਾਵੇ।
ਸ. ਬਾਦਲ ਨੇ ਇਨ੍ਹਾਂ ਨੇਤਾਵਾਂ ਨੂੰ ਆਖਿਆ ਕਿ 25 ਜੂਨ ਨੂੰ ਸ਼ਾਮ ਸੱਤ ਵਜੇ ਤੋਂ ਅੱਠ ਵਜੇ ਤੱਕ ਚੱਪੜਚਿੜੀ (ਮੁਹਾਲੀ) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਜੰਗੀ ਯਾਦਗਾਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੇ ਫਿਲਾਸਫੀ ‘ਤੇ ਲੇਜ਼ਰ ਦਿਖਾਉਣ ਲਈ ਨੇੜਲੇ ਜ਼ਿਲ੍ਹਿਆਂ ਮੁਹਾਲੀ, ਰੋਪੜ ਅਤੇ ਫਤਹਿਗੜ੍ਹ ਸਾਹਿਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ।
ਮੀਟਿੰਗ ਵਿੱਚ ਕੈਬਨਿਟ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਤੇ ਡਾ. ਦਲਜੀਤ ਸਿੰਘ ਚੀਮਾ, ਸੰਸਦ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ ਤੋਂ ਇਲਾਵਾ ਅਕਾਲੀ-ਭਾਜਪਾ ਦੇ ਸੀਨੀਅਰ ਨੇਤਾ, ਵਰਕਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਹਾਜ਼ਰ ਸਨ।

LEAVE A REPLY