8ਪਟਿਆਲਾ  : 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਸ਼ਾਮਲ ਕਮਲ ਨਾਥ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਥਾਪ ਕੇ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ ਪਰ ਦੇਸ਼ ਅਤੇ ਪੰਜਾਬ ਵਿੱਚ ਆਪਣੀ ਡੁੱਬਦੀ ਰਾਜਸੀ ਬੇੜੀ ਨੂੰ ਬਚਾਉਣ ਲਈ ਪੰਜਾਬ ਦੇ ਲੋਕਾਂ ਦੇ ਜ਼ੋਰਦਾਰ ਰੋਸ ਨੂੰ ਵੇਖਦਿਆਂ ਕਾਂਗਰਸ ਨੇ ਆਪਣੇ ਫੈਸਲੇ ਨੂੰ ਬਦਲਣ ਵਿੱਚ ਹੀ ਭਲਾਈ ਸਮਝੀ ਹੈ। ਪਰੰਤੂ ਸੂਝਵਾਨ ਪੰਜਾਬੀ ਕਾਂਗਰਸ ਦੀਆਂ ਇਹਨਾਂ ਚਾਲਾਂ ਤੋਂ ਭਲੀ ਭਾਂਤ ਜਾਣੂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਪੰਜਾਬ ਦੇ ਪਸ਼ੂ ਪਾਲਣ ਤੇ ਐਸ.ਸੀ. ਤੇ ਬੀ.ਸੀ. ਵਰਗ ਦੀ ਭਲਾਈ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਸ: ਗੁਲਜ਼ਾਰ ਸਿੰਘ ਰਣੀਕੇ ਨੇ ਗੁਰਦੁਆਰਾ ਸ਼੍ਰੀ ਦੁੱਖ ਨਿਵਾਰਣ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪਟਿਆਲਾ ਜ਼ਿਲ੍ਹੇ ਦੇ ਐਸ.ਸੀ. ਵਿੰਗ ਦੇ ਵੱਡੀ ਗਿਣਤੀ ਵਿੱਚ ਪੁੱਜੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸਰਕਾਰ ਵੱਲੋਂ ਐਸ.ਸੀ., ਬੀ.ਸੀ.ਅਤੇ ਘੱਟ ਗਿਣਤੀਆਂ ਵਰਗ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਸ: ਰਣੀਕੇ ਨੇ ਦੱਸਿਆ ਕਿ ਦੇਸ਼ ‘ਤੇ ਲੰਮਾ ਸਮਾਂ ਰਾਜ ਕਰਨ ਵਾਲੀ ਕਾਂਗਰਸ ਪਾਰਟੀ ਨੇ ਪੰਜਾਬ ਨਾਲ ਹਮੇਸ਼ਾਂ ਹੀ ਬੇਇਨਸਾਫੀ ਕੀਤੀ ਹੈ ਅਤੇ ਪੰਜਾਬ ਨੂੰ ਹੱਕੀ ਮੰਗਾਂ ਤੋਂ ਵਾਂਝੇ ਰੱਖਿਆ ਹੈ।  ਉਹਨਾਂ ਕਿਹਾ ਕਿ ਕਾਂਗਰਸ ਨੇ ਗਰੀਬ ਅਤੇ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਹਮੇਸ਼ਾਂ ਆਪਣੇ ਵੋਟ ਬੈਂਕ ਵਜੋਂ ਹੀ ਵਰਤਿਆ ਹੈ ਪਰ ਹੁਣ ਇਹ ਲੋਕ ਸੁਚੇਤ ਹੋ ਚੁੱਕੇ ਹਨ ਅਤੇ ਕਾਂਗਰਸ ਵਰਗੀਆਂ ਗਰੀਬ ਮਾਰੂ ਪਾਰਟੀਆਂ ਦੇ ਬਹਿਕਾਵੇ ਵਿੱਚ ਨਹੀਂ ਆਉਣਗੇ। ਉਹਨਾਂ  ਕਿਹਾ ਕਿ  ਜਿੰਨੀਆਂ ਭਲਾਈ ਸਕੀਮਾਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਰਕਾਰ ਨੇ ਪਿਛਲੇ ਸਾਢੇ 9 ਸਾਲਾਂ ਦੌਰਾਨ ਲਾਗੂ ਕੀਤੀਆਂ ਹਨ, ਉੰਨੀਆਂ ਸਕੀਮਾਂ ਪਿਛਲੀਆਂ ਕਾਂਗਰਸ ਦੀਆਂ ਸਰਕਾਰਾਂ 50 ਸਾਲਾਂ ਵਿੱਚ ਵੀ ਨਹੀਂ ਲਾਗੂ ਕਰ ਸਕੀਆਂ। ਜਦ ਕਿ ਕਾਂਗਰਸ ਦੀਆਂ ਸਰਕਾਰਾਂ ਨੇ ਹਮੇਸ਼ਾਂ ਗਰੀਬ ਵਰਗ ਨੂੰ ਗੁੰਮਰਾਹ ਕਰਕੇ ਵੋਟਾਂ ਬਟੋਰੀਆਂ ਅਤੇ ਹਕੀਕਤ ਵਿੱਚ ਉਨ੍ਹਾਂ ਵਰਗਾਂ ਦੀ ਭਲਾਈ ਲਈ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ। ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਸ. ਰਣੀਕੇ ਨੇ ਕਿਹਾ ਕਿ ਇਸ ਪਾਰਟੀ ਨੂੰ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੀ ਕੋਈ ਸਮਝ ਨਹੀਂ ਹੈ ਤੇ ਉਹ ਸਿਰਫ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਹਾਸਲ ਕਰਨ ਲਈ ਪੰਜਾਬੀਆਂ ਦੇ ਹਿੱਤਾਂ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਦ ਕਿ ਦਿੱਲੀ ਵਿੱਚ ਉਸ ਦਾ ਚਿਹਰਾ ਬੇਨਕਾਬ ਹੋਇਆ ਹੈ ।
ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਐਸ.ਸੀ. ਵਿੰਗ ਦੇ ਵੱਡੀ ਗਿਣਤੀ ਵਿੱਚ ਪੁੱਜੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ: ਰਣੀਕੇ ਨੇ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਸੂਬੇ ਦੇ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਚਾਲੂ ਵਿੱਤੀ ਵਰ੍ਹੇ ਦੌਰਾਨ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਲੋਕਾਂ ਦੀਆਂ ਭਲਾਈ ਸਕੀਮਾਂ ‘ਤੇ 1060 ਕਰੋੜ ਰੁਪਏ ਖਰਚ ਕੀਤੇ ਜਾਣਗੇ ਜਦ ਕਿ ਰਾਜ ਸਰਕਾਰ ਵੱਲੋਂ ਪਿਛਲੇ ਵਰ੍ਹੇ ਇਹਨਾਂ ਵਰਗਾਂ ਦੀ ਭਲਾਈ ‘ਤੇ 984 ਕਰੋੜ ਰੁਪਏ ਖਰਚ ਕੀਤੇ ਗਏ ਸਨ। ਉਹਨਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਹੁਣ ਤੱਕ ਦੇ ਆਪਣੇ ਕਾਰਜਕਾਲ ਦੌਰਾਨ ਸ਼ਗਨ ਸਕੀਮ ਤਹਿਤ ਆਰਥਿਕ ਤੌਰ ‘ਤੇ ਪਛੜੇ ਵਰਗ ਅਤੇ ਅਨੁਸੂਚਿਤ ਜਾਤੀਆਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਸ਼ਗਨ ਸਕੀਮ ਤਹਿਤ 4 ਲੱਖ 92 ਹਜ਼ਾਰ 887 ਲਾਭਪਾਤਰੀਆਂ ਨੂੰ ਕਰੀਬ 740 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਉਹਨਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਪਹਿਲੀ ਤੋਂ ਦਸਵੀਂ ਜਮਾਤ ਤੱਕ ਪੜ੍ਹਨ ਵਾਲੇ ਕਰੀਬ 1 ਕਰੋੜ 33 ਲੱਖ ਵਿਦਿਆਰਥੀਆਂ ਨੂੰ 163 ਕਰੋੜ 29 ਲੱਖ ਰੁਪਏ ਦੀਆਂ ਕਿਤਾਬਾਂ ਤੇ ਕਾਪੀਆਂ ਮੁਫ਼ਤ ਮੁਹੱਈਆ ਕਰਵਾਈਆਂ ਹਨ। ਸ: ਰਣੀਕੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਕਾਸ ਤੇ ਭਲਾਈ ਸਕੀਮਾਂ ਦੇ ਨਾਲ-ਨਾਲ ਦੇਸ਼ ਦੀ ਆਜਾਦੀ ਲਈ ਜਾਨਾਂ ਵਾਰਨ ਵਾਲੇ ਦੇਸ਼ ਭਗਤਾਂ ਅਤੇ ਸਿੱਖ ਪੰਥ ਦੇ ਮਹਾਨ ਸੂਰਬੀਰਾਂ ਦੀਆਂ ਇਤਿਹਾਸਕ ਯਾਦਗਾਰ ਉਸਾਰੀਆਂ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਮਹਾਨ ਯੋਧਿਆਂ ਦੇ ਜੀਵਨ ਤੋਂ ਪ੍ਰੇਰਨਾ ਲੈ ਸਕਣ।
ਇਸ ਮੌਕੇ ਸ. ਰਣੀਕੇ ਨੇ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਨੇ ਜੋ ਸੂਬੇ ਵਿੱਚ ਰਿਕਾਰਡ ਵਿਕਾਸ ਕੀਤਾ ਹੈ ਤੇ ਗਰੀਬ ਵਰਗ ਲਈ ਲਾਗੂ ਕੀਤੀਆਂ ਆਟਾ ਦਾਲ ਸਕੀਮ, ਸ਼ਗਨ ਸਕੀਮ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਗਰੀਬ ਬੱਚਿਆਂ ਲਈ ਸਕਾਲਰਸ਼ਿਪ ਸਕੀਮਾਂ, ਲੜਕੀਆਂ ਲਈ ਮਾਈ ਭਾਗੋ ਵਿਦਿਆ ਸਕੀਮ, ਜਣਨੀ ਸੁਰੱਖਿਆ ਯੋਜਨਾ ਤੇ ਹੋਰ ਅਨੇਕਾਂ ਭਲਾਈ ਸਕੀਮਾਂ ਬਾਰੇ ਪਿੰਡ-ਪਿੰਡ ਜਾ ਕੇ ਘਰ-ਘਰ ਸੁਨੇਹਾ ਦਿੱਤਾ ਜਾਵੇ ਤਾਂ ਜੋ ਹਰੇਕ ਗਰੀਬ ਪਰਿਵਾਰ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜਬੂਤ ਕਰਨ ਲਈ ਜਥੇਬੰਦੀ ਦੀਆਂ ਸਰਕਲ, ਪਿੰਡ ਤੇ ਵਾਰਡ ਪੱਧਰ ‘ਤੇ ਕਮੇਟੀਆਂ ਬਣਾ ਕੇ ਸੰਗਠਨ ਨੂੰ ਹੋਰ ਪ੍ਰਭਾਵਸ਼ਾਲੀ ਤੇ ਗਤੀਸ਼ੀਲ ਬਣਾਇਆ  ਜਾਵੇਗਾ। ਉਹਨਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਲਾਭਪਾਤਰ ਵਿਦਿਆਰਥੀਆਂ ਨੂੰ ਵਜੀਫੇ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 106 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਵਿਦਿਅਕ ਸੰਸਥਾਵਾਂ ਨੇ ਗਰੀਬ ਵਰਗ ਦੇ ਵਿਦਿਆਰਥੀਆਂ ਦੇ ਹਿੱਤਾਂ ਨਾਲ ਖਿਲਵਾੜ ਕੀਤਾ ਹੈ ਉਨ੍ਹਾਂ ਦੀ ਜਾਂਚ ਕਰਕੇ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਸ: ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਕਮਲ ਨਾਥ ਨੂੰ ਕਲੀਨ ਚਿੱਟ ਦੇ ਕੇ 1984 ਦੀ ਸਿੱਖ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਅਤੇ ਸਿੱਖ ਕੌਮ ਦੇ ਜਖਮਾਂ ਨੂੰ ਫਿਰ ਹਰੇ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਅਤੇ ਸਿੱਖਾਂ ਨਾਲ ਹਮੇਸ਼ਾਂ ਦਗਾ ਕਮਾਉਣ ਵਾਲੀ ਕਾਂਗਰਸ ਪਾਰਟੀ ਇੱਥੋਂ ਦੇ ਲੋਕਾਂ ਦੀ ਕਦੇ ਵੀ ਹਮਦਰਦ ਨਹੀਂ ਹੋ ਸਕਦੀ। ਇਸ ਮੌਕੇ ਪੱਤਰਕਾਰਾਂ ਵੱਲੋਂ ਸ਼੍ਰੀਮਤੀ ਸ਼ੀਲਾ ਦਿਕਸ਼ਤ ਨੂੰ ਪੰਜਾਬ ਦਾ ਇੰਚਾਰਜ ਥਾਪੇ ਜਾਣ ਦੇ ਚਰਚੇ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਪ ਮੁੱਖ ਮੰਤਰੀ ਦੇ ਓ.ਐਸ.ਡੀ. ਸ: ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਕਾਂਗਰਸ ਭਾਵੇਂ ਆਪਣੀ  ਕੌਮੀ ਪ੍ਰਧਾਨ ਸ਼੍ਰੀਮਤੀ ਸੋਨੀਆਂ ਗਾਂਧੀ ਜਾਂ ਰਾਹੁਲ ਗਾਂਧੀ ਨੂੰ ਵੀ ਪੰਜਾਬ ਦਾ ਇੰਚਾਰਜ ਥਾਪ ਕੇ ਦੇਖ ਲਵੇ ਪਰ ਉਸ ਨੂੰ ਪੰਜਾਬ ਵਿੱਚ ਮੂੰਹ ਦੀ ਹੀ ਖਾਣੀ ਪਵੇਗੀ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਅਤੇ ਐਸ.ਸੀ. ਵਿੰਗ ਦੇ ਪਟਿਆਲਾ ਜ਼ਿਲ੍ਹੇ ਦੇ ਪ੍ਰਧਾਨ ਸ: ਜਸਪਾਲ ਸਿੰਘ ਕਲਿਆਣ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗਰੀਬ ਵਰਗ ਹੁਣ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕਿਆ ਹੈ ਅਤੇ ਇਹ ਹੁਣ ਕਾਂਗਰਸ ਕਾਂਗਰਸ ਵਰਗੀਆਂ ਗਰੀਬ ਮਾਰੂ ਸਰਮਾਏਦਾਰ ਪਾਰਟੀਆਂ ਦੇ ਬਹਿਕਾਵੇ ਵਿੱਚ ਨਹੀਂ ਆਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਜੋ ਗਰੀਬ ਵਰਗ ਦੀ ਭਲਾਈ ਲਈ ਕੰਮ ਕੀਤੇ ਹਨ ਉਹ ਦੇਸ਼ ਭਰ ਵਿੱਚ ਇੱਕ ਮਿਸਾਲ ਹਨ। ਇਸ ਮੌਕੇ ਉਪ ਮੁੱਖ ਮੰਤਰੀ ਦੇ ਓ.ਐਸ.ਡੀ. ਸ: ਚਰਨਜੀਤ ਸਿੰਘ ਬਰਾੜ, ਘੱਟ ਗਿਣਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੇ ਚੇਅਰਮੈਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਹਲਕਾ ਸ਼ੁਤਰਾਣਾ ਦੇ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ, ਸੈਰ ਸਪਾਟਾ ਨਿਗਮ ਦੇ ਚੇਅਰਮੈਨ ਸ: ਸੁਰਜੀਤ ਸਿੰਘ ਅਬਲੋਵਾਲ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ:ਜਸਪਾਲ ਸਿੰਘ ਕਲਿਆਣ, ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ ਦੇ ਪ੍ਰਧਾਨ ਸ: ਰਣਧੀਰ ਸਿੰਘ ਰੱਖੜਾ, ਹਲਕਾ ਨਾਭਾ ਦੇ ਇੰਚਾਰਜ ਸ: ਮੱਖਣ ਸਿੰਘ ਲਾਲਕਾ, ਮਾਰਕੀਟ ਕਮੇਟੀ ਭਾਦਸੋਂ ਦੇ ਚੇਅਰਮੈਨ ਸ: ਲਖਵੀਰ ਸਿੰਘ ਲੌਟ, ਮਾਰਕੀਟ ਕਮੇਟੀ ਪਟਿਆਲਾ ਦੇ ਵਾਇਸ ਚੇਅਰਮੈਨ ਸ: ਨਿਰਦੇਵ ਸਿੰਘ ਆਕੜੀ, ਜਥੇਦਾਰ ਲਾਭ ਸਿੰਘ ਦੇਵੀ ਨਗਰ, ਐਮ.ਸੀ.ਅਤੇ ਐਸ.ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਸ਼੍ਰੀ ਗੁਰਚਰਨ ਸਿੰਘ ਖਾਲਸਾ ਅਤੇ ਵੱਡੀ ਗਿਣਤੀ ਵਿੱਚ ਹੋਰ ਪਤਵੰਤੇ ਵੀ ਹਾਜ਼ਰ ਸਨ।

LEAVE A REPLY