5ਗਾਂਧਰਾ (ਜਲੰਧਰ)  : ਕਾਂਗਰਸ ਪਾਰਟੀ ਦੇ ਸੂਬਾਈ ਆਗੂਆਂ ਵਲੋਂ ਲਾਏ ਜਾ ਰਹੇ  ਦਰਬਾਰਾਂ ਨੂੰ ਸਿਆਸੀ ਢਕਵੰਜ਼ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ੍ਰ.ਪਰਕਾਸ਼ ਸਿੰਘ ਬਾਦਲ ਨੇ ਇਨ੍ਹਾਂ ਆਗੂਆਂ ਨੂੰ ਪੁੱਛਿਆ ਕਿ ਉਹ ਆਪਣੀ ਸਰਕਾਰ ਦੇ ਕਾਰਜ ਕਾਲ ਦੌਰਾਨ ਲੋਕਾਂ ਨਾਲ ਸੰਪਰਕ ਕਰਨ ਤੋਂ ਕਿਉਂ ਕੰਨੀ ਕਤਰਾਉਂਦੇ ਰਹੇ?
ਅੱਜ ਨਕੋਦਰ ਵਿਧਾਨ ਸਭਾ ਹਲਕੇ ਵਿਚ ਸੰਗਤ ਦਰਸ਼ਨਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਅਵਾਮ ਨੇ ਲੋਕਾਂ ਦੀ ਸੇਵਾ ਕਰਨ ਲਈ ਫਤਵਾ ਦਿੱਤਾ ਸੀ ਪਰ ਇਹ ਆਗੂ ਆਪਣੇ ਕਾਰਜ ਕਾਲ ਦੌਰਾਨ ਲੋਕਾਂ ਨੂੰ ਮਿਲਣ ਤੋਂ ਹਮੇਸ਼ਾ ਹੀ ਦੂਰ ਭਜਦੇ ਰਹੇ । ਉਨ੍ਹਾਂ ਕਿਹਾ ਕਿ ਹੁਣ ਜਦੋਂ ਸੂਬਾ ਵਿਧਾਨ ਸਭਾ ਦੀਆਂ ਚੋਣਾਂ ਸਿਰ ‘ਤੇ ਆ ਗਈਆਂ ਹਨ ਇਨ੍ਹਾਂ ਨੇ ਵੋਟਰਾਂ ਨੂੰ ਭਰਮਾਉਣ ਲਈ ਲੋਕਾਂ ਨਾਲ ਸੰਪਰਕ ਕਰਨ ਦਾ ਸ਼ੋਛਾ ਅਪਣਾਉਣਾ ਸੁਰੂ ਕਰ ਦਿੱਤਾ ਹੈ। ਸ੍ਰ.ਬਾਦਲ ਨੇ ਕਿਹਾ ਕਿ ਸੂਬੇ ਦੇ ਸੂਝਵਾਨ ਲੋਕ ਹਰੇਕ ਸਿਆਸੀ ਪਾਰਟੀ ਦੇ ਆਗੂਆਂ ਤੋਂ ਭਲੀਭਾਂਤ ਜਾਣੂ ਹਨ ਅਤੇ ਉਹ ਇਨ੍ਹਾਂ ਆਗੂਆਂ ਦੇ ਘਟੀਆ ਹੱਥਕੰਡਿਆਂ ‘ਚ ਨਹੀਂ ਫਸਣਗੇ।
ਸ੍ਰੋਮਣੀ ਅਕਾਲੀ ਦਲ ਨੂੰ ਸੂਬੇ ਦੇ ਲੋਕਾਂ ਦੀ ਇਕੋ-ਇਕ ਹਮਦਰਦ ਪਾਰਟੀ ਦਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਨੇ ਹਮੇਸ਼ਾਂ ਹੀ ਸੂਬੇ ਦੇ ਹਿੱਤਾਂ ਦੀ ਰਖਵਾਲੀ ਕੀਤੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਇਕੋ-ਇਕ ਸੂਬਾ ਹੈ ਜਿਸ ਦਾ ਮੁੱਖ ਮੰਤਰੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਉਨ੍ਹਾਂ ਦੇ ਦਰ ਉਤੇ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਦਰਾਂ ‘ਤੇ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਜਿੰਮੇਵਾਰੀ ਹੈ ਅਤੇ ਇਸ ਕਾਰਜ ਵਿਚ ਕੋਈ ਵੀ ਗਰਮੀ-ਸਰਦੀ ਵਿਘਨ ਨਹੀਂ ਪਾ ਸਕਦੀ। ਸ੍ਰ.ਬਾਦਲ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਸਰਕਾਰ ਦਾ ਸੰਗਤ ਦਰਸ਼ਨ ਪ੍ਰੋਗਰਾਮ ਇਕ ਅਹਿਮ ਪ੍ਰੋਗਰਾਮ ਹੈ ਜਿਸ ਤੋਂ ਇਸ ਗਠਜੋੜ ਦੀਆਂ ਲੋਕਾਂ ਪ੍ਰਤੀ ਚਿੰਤਾਵਾਂ ਦਾ ਪ੍ਰਗਟਾਵਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਜਦੋਂ ਸੂਬੇ ਦੇ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਫਤਵਾ ਦਿੱਤਾ ਤਾਂ ਇਸ ਦੇ ਆਗੂਆਂ ਨੇ ਸੂਬੇ ਦੇ ਹਿੱਤਾ ਨੂੰ ਪੂਰੀ ਤਰ੍ਹਾਂ ਅਣਗੌਲੀ ਰੱਖਿਆ। ਸ੍ਰ.ਬਾਦਲ ਨੇ ਕਿਹਾ ਕਿ ਕਾਂਗਰਸ ਦੇ ਮੁੱਖ ਮੰਤਰੀ ਕੇਵਲ ਆਪਣੀ ਹਾਈ ਕਮਾਨ ਦੀ ਕਠਪੁਤਲੀ ਵਜੋਂ ਕਾਰਜ ਕਰਦੇ ਰਹੇ ਅਤੇ ਉਨ੍ਹਾਂ ਨੇ ਸੂਬੇ ਦੇ ਹਿੱਤਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਰਿਆਣਾ ਤੇ ਰਾਜਸਥਾਨ ਨੂੰ ਗੈਰ ਕਾਨੂੰਨੀ ਤੌਰ ‘ਤੇ ਸੂਬੇ ਦੇ ਦਰਿਆਵਾਂ ਦੇ ਦਿੱਤੇ ਪਾਣੀ ‘ਤੇ ਵੀ ਚੁੱਪ ਵੱਟੀ ਰੱਖੀ, ਇਥੋਂ ਤੱਕ ਕਿ ਇਨ੍ਹਾਂ ਆਗੂਆਂ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦਾ ਸ੍ਰੀਮਤੀ ਇੰਦਰਾ ਗਾਂਧੀ ਵਲੋਂ ਨੀਂਹ ਪੱਥਰ ਰੱਖਣ ਵੇਲੇ ਜਸ਼ਨ ਮਨਾਏ।
ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਸੂਬੇ ਦੇ ਦਰਿਆਈ ਪਾਣੀਆਂ ਨੂੰ ਸੂਬੇ ਤੋਂ ਖੋਹਣਾ ਚਾਹੁੰਦੇ ਹਨ । ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੂਬੇ ਨੂੰ ਦਰਿਆਈ ਪਾਣੀਆਂ ਤੋਂ ਵਾਂਝੇ ਕਰਨ ਲਈ ਪਾਣੀਆਂ ਸਬੰਧੀ ਵੱਖ-ਵੱਖ ਸਮਝੌਤੇ ਕੀਤੇ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਵੀ ਸੂਬੇ ਦੇ ਪਾਣੀਆਂ ਨੂੰ ਖੋਹਣ ਅਤੇ ਪਹਿਲਾਂ ਹੋਏ ਸਮਝੌਤਿਆਂ ਨੂੰ ਲਾਗੂ ਕਰਵਾਉਣ ਲਈ ਆਪਣੀਆਂ ਸਾਰੀਆਂ ਕੋਸ਼ਿਸ਼ਾਂ ਕਰ ਰਹੀ ਹੈ।  ਸ੍ਰ.ਬਾਦਲ ਨੇ ਅੱਗੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਸੂਬੇ ਦੇ ਹਿੱਤਾਂ ਨੂੰ ਢਾਹ ਲਾਉਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ ।
ਇਸੇ ਦੌਰਾਨ ਹੀ ਮੁੱਖ ਮੰਤਰੀ ਨੇ ਜਲੰਧਰ-ਨਕੋਦਰ ਬਾਈਪਾਸ ਦਾ ਉਦਘਾਟਨ ਕੀਤਾ ਅਤੇ ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਸੂਬੇ ਦੀ ਨਗਦ ਕਰਜ਼ਾ ਹੱਦ ਦੇ ਸਬੰਧ ਵਿਚ ਗੜਬੜੀਆਂ ਦੇ ਦੋਸ਼ਾਂ ਨੂੰ ਰੱਦ ਕੀਤਾ। ਉਨ੍ਹਾਂ ਕਿਹਾ ਕਿ ਅਨਾਜ ਦੀ ਖਰੀਦ ਸਬੰਧੀ ਸਾਰਾ ਰਿਕਾਰਡ ਪੂਰੀ ਤਰ੍ਹਾਂ ਦਰੁਸਤ ਹੈ ਅਤੇ ਸੂਬੇ ਨੇ ਸਿਰਫ ਕੇਂਦਰ ਸਰਕਾਰ ਵਾਸਤੇ ਅਨਾਜ਼ ਦੀ ਖਰੀਦ ਕੀਤੀ ਹੈ। ਸ੍ਰ.ਬਾਦਲ ਨੇ ਕਿਹਾ ਕਿ ਖਰੀਦ ਕਾਰਜਾਂ ਦੌਰਾਨ ਕੋਈ ਵੀ ਬੇਨਿਯਮੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਾਸਤੇ ਅਨਾਜ਼ ਦੀ ਖਰੀਦ ਦੇ ਲਈ ਸੂਬੇ ਵਲੋਂ ਕੀਤੇ ਗਏ ਸਮੁੱਚੇ ਖਰਚੇ ਦੀ ਮੁੜ ਅਦਾਇਗੀ ਵਾਸਤੇ ਕੇਂਦਰ ਸਰਕਾਰ ਨੂੰ ਪੱਕਾ ਵਿਧੀ ਵਿਧਾਨ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਖਰੀਦ ਏਜੰਸੀਆਂ ਅਤੇ ਸੂਬੇ ਵਲੋਂ ਦਿੱਤੇ ਜਾਂਦੇ ਭਾਅ ਵਿਚ ਵੱਡਾ ਅੰਤਰ ਹੈ । ਸ੍ਰ.ਬਾਦਲ ਨੇ ਕਿਹਾ ਕਿ ਉਹ ਕੱਲ੍ਹ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੂੰ ਮਿਲੇ ਅਤੇ ਉਨ੍ਹਾਂ ਨੂੰ ਇਸ ਮਾਮਲੇ ਦੇ ਸਥਾਈ ਹੱਲ ਲਈ ਬੇਨਤੀ ਕੀਤੀ ਤਾਂ ਜੋ ਸੂਬੇ ਨੂੰ ਇਸ ਸਬੰਧ ਵਿਚ ਕੋਈ ਵੀ ਮੁਸ਼ਕਲ ਪੇਸ਼ ਨਾ ਆਵੇ।
ਸੰਗਤ ਦਰਸ਼ਨ ਦੌਰਾਨ ਮੁੱਖ ਮੰਤਰੀ ਦੇ ਨਾਲ ਮੁੱਖ ਸੰਸਦੀ ਸਕੱਤਰ ਸ੍ਰ.ਗੁਰਪ੍ਰਤਾਪ ਸਿੰਘ ਵਡਾਲਾ, ਮੁੱਖ ਮੰਤਰੀ ਦੇ ਸੰਯੁਕਤ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੁਮਾਰ ਅਮਿਤ, ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਕਮਲ ਕਿਸ਼ੋਰ ਯਾਦਵ, ਡੀ.ਆਈ.ਜੀ.ਸ੍ਰੀ ਰਾਜਿੰਦਰ ਸਿੰਘ ਅਤੇ ਐਸ.ਐਸ.ਪੀ.ਸ੍ਰੀ ਹਰਮੋਹਨ ਸਿੰਘ ਹਾਜ਼ਰ ਸਨ।

LEAVE A REPLY