1ਜਲੰਧਰ :  ਨਹਿਰ ਦੇ ਸੰਵੇਦਨਸ਼ੀਲ ਮੁੱਦੇ ‘ਤੇ ਕਾਂਗਰਸੀ ਆਗੂਆਂ ਦੇ ਵਤੀਰੇ ਨੂੰ ਮਗਰਮੱਛ ਦੇ ਅੱਥਰੂ ਵਹਾਉਣ ਵਾਲਾ ਕਰਾਰ ਦਿੰਦਿਆਂ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੋਈ ਵੀ ਕਾਂਗਰਸੀ ਨਾ ਭੁੱਲੇ ਕਿ ਉਹ ਪੰਜਾਬ ਦੇ ਪਾਣੀਆਂ ਨੂੰ ਹਥਿਆਉਣ ਦੀ ਡੂੰਘੀ ਸਾਜਿਸ਼ ਦਾ ਅਹਿਮ ਹਿੱਸਾ ਰਹੇ ਹਨ।
ਅੱਜ ਨਕੋਦਰ ਵਿਧਾਨ ਸਭਾ ਹਲਕੇ ਦੇ ਸੰਗਤ ਦਰਸ਼ਨ ਪ੍ਰੋਗਰਾਮ ਸਮੇਂ ਮੀਡੀਆ ਨਾਲ ਗੱਲਬਾਤ ਦੌਰਾਨ ਸ. ਬਾਦਲ ਨੇ ਐਸ.ਵਾਈ ਐਲ ਦੇ ਮੁੱਦੇ ਨੂੰ ਲੈ ਕੇ ਬੇਵਜ੍ਹਾ ਦਾ ਰੌਲਾ ਪਾਉਣ ਵਾਲੇ ਕਾਂਗਰਸ ਪਾਰਟੀ ਦੇ ਹਰ ਆਗੂ ਨੂੰ ਯਾਦ ਕਰਵਾਇਆ ਕਿ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਹੀ ਸੀ ਜਿਸਨੇ ਪੰਜਾਬ ਦੀ ਤਬਾਹੀ ਲਈ ਐਸ.ਵਾਈ.ਐਲ ਨਹਿਰ ਦਾ ਨੀਂਹ ਪੱਥਰ ਰੱਖਿਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਮੌਜੂਦਾ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸਮੇਤ ਹਰ ਛੋਟੇ ਵੱਡੇ ਕਾਂਗਰਸੀ ਆਗੂ ਨੇ ਪੰਜਾਬ ਨੂੰ ਇਸਦੇ ਪਾਣੀਆਂ ਤੋਂ ਵਾਂਝੇ ਕਰਨ ਲਈ ਇਸ ਨਹਿਰ ਦਾ ਟੱਕ ਲਾਉਣ ਲਈ ਆਉਣ ‘ਤੇ ਤਤਕਾਲੀ ਪ੍ਰਧਾਨ ਮੰਤਰੀ ਦਾ ਜ਼ੋਰਦਾਰ ਸਵਾਗਤ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਪਹਿਲੇ ਦਿਨ ਤੋਂ ਹੀ ਇਸ ਮੁੱਦੇ ‘ਤੇ ਲਗਾਤਾਰ ਲੜਾਈ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਤੀਬੱਧਤਾ ਬਾਰੇ ਸਵਾਲ ਕਰਨ ਦਾ ਕਾਂਗਰਸ ਪਾਰਟੀ ਕੋਲ ਕੋਈ ਨੈਤਿਕ ਹੱਕ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਤਬਾਹ ਕਰਨ ਤੋਂ ਬਾਅਦ ਹੁਣ ਕਾਂਗਰਸੀ ਆਗੂ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਿਆਸੀ ਡਰਾਮੇਬਾਜ਼ੀਆਂ ਕਰ ਰਹੇ ਹਨ। ਸ. ਬਾਦਲ ਨੇ ਕਾਂਗਰਸੀ ਆਗੂਆਂ ਨੂੰ ਕਿਹਾ ਕਿ ਉਨ੍ਹਾਂ ਆਪਣੀ ਕਾਂਗਰਸੀ ਹਾਈਕਮਾਂਡ ਖਿਲਾਫ ਆਵਾਜ਼ ਉਠਾਉਣ ਦਾ ਉਦੋਂ ਜ਼ੇਰਾ ਕਿਉਂ ਨਹੀਂ ਕੀਤਾ ਜਦੋਂ ਉਸ ਵੱਲੋਂ ਪੰਜਾਬ ਦੇ ਹੱਕਾਂ ਨੂੰ ਲੱਟਿਆ ਜਾ ਰਿਹਾ ਸੀ। ਸ. ਬਾਦਲ ਨੇ ਕਿਹਾ ਕਿ ਕੋਈ ਵੀ ਕਾਂਗਰਸੀ ਪੰਜਾਬ ਨੂੰ ਤਬਾਹ ਕਰਨ ਵਾਲੇ ਇਸ ਜ਼ੁਰਮੀ ਕਾਰੇ ਦੀ ਜ਼ਿੰਮੇਵਾਰੀ ਦੇ ਦਾਗ ਤੋਂ ਕਦੇ ਵੀ ਮੁਕਤ ਨਹੀਂ ਹੋ ਸਕਦਾ। ਉਹ ਪੰਜਾਬ ‘ਤੇ ਮੰਡਰਾ ਰਹੇ ਖਤਰੇ ਨੂੰ ਵੇਖ ਰਹੇ ਹਨ ਕਿਉਂ ਜੋ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਪੰਜਾਬ ਨੂੰ ਪਾਣੀਆਂ ਤੋਂ ਵਾਂਝਾ ਕਰਨ ਲਈ ਆਪਸ ਵਿੱਚ ਮਿਲੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਹਰ ਪੰਜਾਬੀ ਦਾ ਨੈਤਿਕ ਫਰਜ਼ ਹੈ ਕਿ ਉਹ ਸੂਬੇ ਦੇ ਪਾਣੀਆਂ ਨੂੰ ਬਚਾਉਣ ਲਈ ਸੰਘਰਸ਼ ਲਈ ਤਿਆਰ ਰਹੇ। ਸ. ਬਾਦਲ ਨੇ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਦੀ ਰਾਖੀ ਹਰ ਤਰੀਕੇ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਨ।
ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦੀ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਸਖਤ ਅਲੋਚਨਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਐਸ.ਵਾਈ. ਐਲ ਦੇ ਮੁੱਦੇ ‘ਤੇ ਸਰਵਉੱਚ ਅਦਾਲਤ ਵਿੱਚ ਸੁਣਵਾਈ ਦੌਰਾਨ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਦੀ ਪੰਜਾਬ ਵਿਰੋਧੀ ਸੋਚ ਚਿੱਟੇ ਦਿਨ ਵਾਂਗ ਸਪੱਸ਼ਟ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਧਿਆਨ ਹੋਰ ਪਾਸੇ ਲਗਾਉਣ ਲਈ ਆਮ ਆਦਮੀ ਪਾਰਟੀ ਦੇ ਲੋਕ ਬੇਬੁਨਿਆਦ ਏਧਰਲੇ-ਓਧਰਲੇ ਮੁੱਦੇ ਉਠਾਉਂਦੇ ਰਹਿੰਦੇ ਹਨ। ਸ. ਬਾਦਲ ਨੇ ਕਿਹਾ ਕਿ, ” ਆਪ ਦੇ ਜ਼ਿਆਦਾਤਰ ਲੀਡਰ ਜਾਂ ਤਾਂ ਭਗੌੜੇ ਹਨ ਜਾਂ ਮਨੋਰੰਜਨ ਕਰਨ ਵਾਲੇ ਜਿਨ੍ਹਾਂ ਦਾ ਪੰਜਾਬ ਨਾਲ ਕੋਈ ਸਰੋਕਾਰ ਨਹੀਂ ਅਤੇ ਉਨ੍ਹਾਂ ਦਾ ਇਕੋ ਇਕ ਲੁਕਵਾਂ ਏਜੰਡਾ ਸੱਤਾ ਹਥਿਆਉਣਾ ਹੈ।
ਇਸ ਤੋਂ ਪਹਿਲਾਂ ਪਿੰਡ ਕੰਗ ਸਾਹਬੂ ਵਿਖੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਅਹਿਸਾਸ ਹੋ ਚੁੱਕਿਆ ਹੈ ਕਿ ਕਾਂਗਰਸ ਪੰਜਾਬ ਵਿੱਚ ਸਰਕਾਰ ਨਹੀਂ ਬਣਾ ਸਕਦੀ, ਇਸ ਕਰਕੇ ਕੈਪਟਨ ਅਮਰਿੰਦਰ ਲੋਕਾਂ ਨੂੰ ਝੂਠੇ ਸੁਫਨੇ ਵਿਖਾਉਣ ਦਾ ਯਤਨ ਕਰ ਰਹੇ ਹਨ। ਸ. ਬਾਦਲ ਨੇ ਕਿਹਾ ਕਿ  ਕੈਪਟਨ ਅਮਰਿੰਦਰ ਹੁਣ ਕੜਾਕੇ ਦੀ ਧੁੱਪ ਵਿੱਚ ਲੋਕਾਂ ਵਿੱਚ ਜਾ ਕੇ ਉਨ੍ਹਾਂ (ਸ. ਬਾਦਲ) ਵਰਗਾ ਹੋਣ ਦਾ ਭੁਲੇਖਾ ਪਾਉਣ ਦਾ ਯਤਨ ਕਰ ਰਹੇ ਹਨ ਅਤੇ ਹੁਣ ਤੱਕ ਲੋਕਾਂ ਦੀ ਪਹੁੰਚ ਤੋਂ ਬਾਹਰ ਰਹਿਣ ਲਈ ਜਾਣੇ ਜਾਂਦੇ ਕੈਪਟਨ ਅਮਰਿੰਦਰ ਮੁੱਖ ਮੰਤਰੀ ਬਣਨ ਦੀ ਆਸ ਵਿੱਚ ਕੜਾਕੇ ਦੀ ਧੁੱਪ ਸਹਿ ਰਹੇ ਹਨ। ਸ. ਬਾਦਲ ਨੇ ਨਾਲ ਹੀ ਕਿਹਾ ਕਿ ਕੈਪਟਨ ਅਮਰਿੰਦਰ ਦਾ ਇਹ ਸੁਫਨਾ ਕਦੇ ਵੀ ਪੂਰਾ ਨਹੀਂ ਹੋਵੇਗਾ ਕਿਉਂ ਜੋ ਸੂਬੇ ਦੇ ਲੋਕ ਅਕਾਲੀ-ਭਾਜਪਾ ਗੱਠਜੋੜ ਨਾਲ ਪੂਰੀ ਸੁਹਿਰਦਤਾ ਨਾਲ ਖੜੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਵੱਲੋਂ ਕੀਤੇ ਜਾ ਰਹੇ ਦਰਬਾਰ ਫਜ਼ੂਲ ਹਨ ਕਿਉਂਕਿ ਸਾਬਕਾ ਮੁੱਖ ਮੰਤਰੀ ਦੀ ਲੋਕ ਭਲਾਈ ਵਾਲੀ ਸੋਚ ਕਦੇ ਵੀ ਨਹੀਂ ਰਹੀ।
ਵੱਖ-ਵੱਖ ਉੱਚ ਪੱਧਰੀ ਦਾਖਲਾ ਪ੍ਰੀਖਿਆਵਾਂ ਵਿੱਚ ਮੱਲਾਂ ਮਾਰਨ ਵਾਲੇ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਦੀ ਪ੍ਰਾਪਤੀ ‘ਤੇ ਤਸੱਲੀ ਪ੍ਰਗਟਾਉਂਦਿਆਂ ਸ. ਬਾਦਲ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਨੇ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਕਾਮਯਾਬੀ ਦੇ ਦਰਵਾਜ਼ੇ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੀ ਪ੍ਰਾਪਤੀ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਦੀ ਸੂਬਾ ਸਰਕਾਰ ਦੀ ਪਾਏਦਾਰ ਸਿੱਖਿਆ ਮੁਹੱਈਆ ਕਰਵਾਉਣ ਦੀ ਪ੍ਰਤੀਬੱਧਤਾ ਨੂੰ ਹੋਰ ਪੱਕਾ ਕੀਤਾ ਹੈ। ਇਸ ਤੋਂ ਪਹਿਲਾਂ ਕੰਗ ਸਾਹਬੂ, ਬੋਪਾਰਾਏ, ਸ਼ੰਕਰ,ਧਾਲੀਵਾਲ ਤੇ ਹੋਰ ਪਿੰਡਾਂ ਵਿੱਚ ਸੰਗਤ ਦਰਸ਼ਨ ਪ੍ਰੋਗਰਾਮਾ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਉਠਾਏ ਜਾ ਰਹੇ ਵਿਕਾਸ ਪੱਖੀ ਕਦਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਮੁਲਕ ਦਾ ਇਕੋ ਇਕ ਵਾਧੂ ਬਿਜਲੀ ਵਾਲਾ ਸੂਬਾ ਬਣ ਚੁੱਕਿਆ ਹੈ। ਇਸੇ ਤਰ੍ਹਾਂ ਲੋਕ ਭਲਾਈ ਲਈ ਉਠਾਏ ਜਾ ਰਹੇ ਕਦਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ  ਪੈਨਸ਼ਨਾਂ ਦੁੱਗਣੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪੁਲਾਂਘ ਪੁੱਟਦਿਆਂ ਕਿਸਾਨਾਂ ਨੁੰ 50000 ਤੱਕ ਵਿਆਜ ਮੁਕਤ ਰਿਣ ਦਿੱਤਾ ਜਾ ਰਿਹਾ ਹੈ ਅਤੇ ਇਸਦੇ ਨਾਲ ਹੀ ਕਿਸਾਨਾਂ ਨੂੰ 50 ਹਜ਼ਾਰ ਰੁਪਏ ਤੱਕ ਮੁਫਤ ਇਲਾਜ ਦੀ ਸਹੂਲਤਾ ਦਿੱਤਾ ਜਾ ਚੁੱਕੀ ਹੈ। ਮੁੱਖ ਮੰਤਰੀ ਵੱਲੋਂ ਪਿੰਡ ਸ਼ਮਸ਼ਾਬਾਦ ਵਿਖੇ 4 ਕਰੋੜ ਦੀ ਲਾਗਤ ਨਾਲ ਬਣੇ ਵਾਲੇ 66 ਕੇ.ਵੀ ਗਰਿੱਡ ਉਦਘਾਟਨ ਕੀਤਾ ਗਿਆ।

LEAVE A REPLY