1ਜੀਰਕਪੁਰ : ਔਰਤਾਂ ਨੂੰ ਨੰਨ੍ਹੀ ਛਾਂ ਦੀ ਸੋਚ ਨਾਲ ਜੁੜ ਕੇ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਤਾਂ ਜੋ ਅਸੀਂ ਨਵੇਂ ਅਤੇ ਨਿਰੋਏ ਸਮਾਜ ਦੀ ਸਿਰਜਣਾ ਕਰ ਸਕੀਏ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਪਾਮ ਕੋਰਟ ਜੀਰਕਪੁਰ ਵਿਖੇ ਇਸਤਰੀ ਅਕਾਲੀ ਦਲ ਪੰਜਾਬ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਮਾਤਾ ਗੰਗਾ ਜੀ ਨੂੰ ਸਮਰਪਿਤ ਇਸਤਰੀ ਸੰਮੇਲਨ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ ਅਤੇ ਪੀਰਾਂ ਦੀ ਧਰਤੀ ਹੈ ਅਤੇ ਸਾਡੇ ਮਹਾਨ ਗੁਰੂਆਂ ਨੇ ਵੀ ਔਰਤਾਂ ਨੂੰ ਵੱਡਾ ਮਾਣ ਸਤਿਕਾਰ ਦਿੱਤਾ ਹੈ। ਸਾਨੂੰ ਮਾਤਾ ਗੰਗਾਂ ਜੀ ਦੇ ਆਦਰਸਾ ਤੇ ਚੱਲ ਕੇ ਅਤੇ ਗੁਰੂਆਂ ਦੇ ਦਰਸਾਏ ਮਾਰਗਾਂ ਤੇ ਚੱਲ ਕੇ ਮਾਨਵਤਾ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ।
ਬੀਬੀ ਹਰਸਿਮਰਤ ਕੌਰ ਬਾਦਲ ਨੇ ਇਸ ਮੌਕੇ ਔਰਤ ਵਰਗ ਨੂੰ ਸੱਦਾ ਦਿੱਤਾ ਕਿ ਉਹ ਆਰਥਿਕ, ਧਾਰਮਿਕ ਅਤੇ ਰਾਜਨੀਤਿਕ ਤੌਰ ਤੇ ਆਪਣੇ ਆਪ ਨੂੰ ਮਜਬੂਤ ਕਰਨ ਲਈ ਹਰ ਪੱਖੋਂ ਜਾਗਰੂਕ ਹੋਣ। ਉਨ੍ਹਾਂ ਕਿਹਾ ਕਿ ਅੱਜ ਔਰਤਾਂ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਹਨ। ਸਗੋ ਬਹੁਤ ਸਾਰੇ ਖੇਤਰਾਂ ਵਿੱਚ ਮਰਦਾਂ ਨਾਲੋ ਵੀ ਅੱਗੇ ਹਨ। ਬੀਬੀ ਬਾਦਲ ਨੇ ਇਸ ਮੌਕੇ ਔਰਤਾਂ ਨੂੰ ਦੁਨਿਆਵੀ ਕੁਰੀਤੀਆਂ ਖਾਸ ਕਰਕੇ ਦਾਜ-ਦਹੇਜ ਪ੍ਰਥਾ ਨੂੰ ਖਤਮ ਕਰਨ ਦਾ ਸੱਦਾ ਦਿੰਦਿਆ ਕਿਹਾ ਕਿ ਜੇਕਰ ਦਹੇਜ ਪ੍ਰਥਾ ਖਤਮ ਹੋ ਜਾਵੇਗੀ ਤਾਂ ਭਰੁਣ ਹੱਤਿਆ ਅਤੇ ਔਰਤਾਂ ਤੇ ਅਤਿਆਚਾਰ ਹੋਣੇ ਵੀ ਬੰਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ ਹਰ ਇੱਕ ਘੰਟੇ ਬਾਅਦ ਕੇਵਲ ਦਾਜ ਲਈ ਹੀ ਔਰਤ ਦੀ ਹੱਤਿਆ ਕੀਤੀ ਜਾ ਰਹੀਂ ਹੈ। ਉਨ੍ਹਾਂ ਹੋਰ ਕਿਹਾ ਕਿ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਸਾਨੂੰ ਸਾਰਿਆਂ ਨੂੰ ਸਾਂਝੀ ਲੜਾਈ ਲੜਨੀ ਪਵੇਗੀ।
ਬੀਬੀ ਹਰਸਿਮਰਤ ਕੌਰ ਬਾਦਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਸਾਲ 2017 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਬਣਨੀ ਤਹਿ ਹੈ। ਉਨ੍ਹਾਂ ਇਸ ਮੌਕੇ ਔਰਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੀਆਂ ਬੀਬੀਆਂ ਦਾ ਇਹ ਠਾਠਾਂ ਮਾਰਦਾ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਅੱਜ ਪੰਜਾਬ ਦੇ ਲੋਕ ਮੋਜੂਦਾ ਸਰਕਾਰ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਸੂਬੇ ਦੇ ਵਿਕਾਸ ਕਾਰਜਾਂ ਲਈ ਦੇਸ਼ ਭਰ ਦੇ ਰਾਜਾਂ ਤੋਂ ਮੋਹਰੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਾਂਗਰਸ ਨੇ ਪੰਜਾਬ ‘ਚ ਲੰਮਾਂ ਚਿਰ ਰਾਜ  ਕੀਤਾ ਪਰੰਤੂ ਪੰਜਾਬ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ। ਮੌਜੂਦਾ ਸਰਕਾਰ ਨੇ ਪੰਜਾਬ ਨੂੰ ਵਿਕਾਸ ਦੀਆਂ ਬੁਲੰਦੀਆਂ ਦੇ ਨਾਲ-ਨਾਲ ਲੋਕ ਭਲਾਈ ਸਕੀਮਾਂ ਸ਼ੁਰੂ ਕਰਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਜੇ  ਵੀ ਬਹੁਤ ਕੁੱਝ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸਤਰੀ ਅਕਾਲੀ ਦਲ ਰਾਜ ਵਿੱਚ ਹੋਣ ਵਾਲੀਆ ਸਾਲ 2017 ਵਿੱਚ ਵਿਧਾਨ ਸਭਾ ਚੋਣਾਂ ਵਿੱਚ  ਅਹਿੰਮ ਭੁਮਿਕਾ ਨਿਭਾਵੇਗਾ ਅਤੇ ਇਹ ਚੋਣਾਂ ਵਿਕਾਸ ਦੇ ਮੁੱਦੇ ਤੇ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ । ਉਨ੍ਹਾਂ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਰਾਜ ਵਿੱਚ ਤੀਜੀ ਵਾਰ ਸਰਕਾਰ ਬਣਨੀ ਤਹਿ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਸੂਬੇ ਅੰਦਰ ਕਾਂਗਰਸ ਦਾ ਵਜੂਦ ਹੈ ਅਤੇ ਨਾ ਹੀ ਆਮ ਆਦਮੀ ਪਾਰਟੀ ਦਾ ਕਿਉਂਕਿ ਲੋਕ ਆਮ ਆਦਮੀ ਪਾਰਟੀ ਦੀ ਕਾਰਗੁਜਾਰੀ ਦਿੱਲੀ ਵਿੱਚ ਦੇਖ ਚੁੱਕੇ ਹਨ ਅਤੇ ਪੰਜਾਬ ਦੇ ਲੋਕ ਬਾਹਰਲੇ ਲੋਕਾਂ ਨੂੰ ਮੁੰਹ ਨਹੀਂ ਲਗਾਉਣਗੇ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਦੇਸ਼ ‘ਚ 2 ਹਜਾਰ ਕਰੋੜ ਰੁਪਏ ਦੀ ਲਾਗਤ ਨਾਲ 42 ਮੈਗਾ ਫੂਡ ਪਾਰਕ ਸਥਾਪਿਤ ਕੀਤੇ ਜਾ ਰਹੇ ਹਨ। ਜਿਸ ਨਾਲ ਦੇਸ਼ ਦੇ ਲੋਕਾਂ ਨੂੰ ਰੋਜ਼ਗਾਰ ਦੇ ਵੀ ਵੱਡੇ ਮੌਕੇ ਪੈਦਾ ਹੋਣਗੇ। ਪੱਤਰਕਾਰਾਂ ਵੱਲੋਂ ਰਾਜ ‘ਚ ਅਮਨ ਕਾਨੂੰਨ ਦੀ ਵਿਵਸਥਾ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਸੂਬੇ ਵਿੱਚ ਅਮਨ ਅਤੇ ਸਾਂਤੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਹੈ । ਇਹ ਕੇਵਲ ਸਾਡੇ ਸੂਬੇ ਲਈ ਹੀ ਨਹੀਂ ਸਗੋਂ ਦੇਸ਼ ਦਾ ਸਰਹੱਦੀ ਸੂਬਾ ਹੋਣ ਕਰਕੇ ਪੂਰੇ ਦੇਸ਼ ਨੂੰ ਇਸ ਦੀ ਦੇਣ ਹੈ। ਪੱਤਰਕਾਰਾਂ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਔਰਤਾਂ ਨੂੰ ਸੀਟਾਂ ਦੇਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਵੱਧ ਤੋਂ ਵੱਧ ਸੀਟਾਂ ਔਰਤਾਂ ਨੂੰ ਮਿਲਣ। ਇਸ ਮੌਕੇ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਇਸਤਰੀ ਅਕਾਲੀ ਦਲ ਵੱਲੋਂ ਵਿਸ਼ੇਸ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।  ਇਸ ਤੋਂ ਪਹਿਲਾਂ ਇਸਤਰੀ ਸੰਮੇਲਨ ਨੂੰ ਇਸਤਰੀ ਅਕਾਲੀ ਦਲ ਦੀ ਸੂਬਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਔਰਤਾਂ ਦੇ ਜੂੜੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਤਾ ਗੰਗਾ ਜੀ ਨੂੰ ਸਮਰਪਿਤ ਇਸਤਰੀ ਸੰਮੇਲਨ ਇੱਕ ਇਤਿਹਾਸਕ ਸੰਮੇਲਨ ਹੋ ਨਿਬੜਿਆ ਹੈ। ਜਿਸ ਵਿੱਚ ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੀਆਂ ਹਜ਼ਾਰਾਂ ਦੀ ਗਿਣਤੀ ਵਿੱਚ ਬੀਬੀਆਂ ਪੁੱਜੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਨੇ ਔਰਤਾਂ ਦੇ ਸ਼ਸਕਤੀਕਰਨ ਲਈ ਅਨੇਕਾਂ ਕਦਮ ਪੁੱਟੇ ਹਨ ਅਤੇ ਔਰਤਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਮਾਈ ਭਾਗੋ ਸੇਵਾ ਸੁਸਾਇਟੀਆਂ ਬਣਾਈਆਂ ਗਈਆਂ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਬੀਬੀਆਂ ਦਾ ਵੱਡਾ ਰੋਲ ਹੋਵੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਸਮੂਹ ਵਰਗ ਦੀ ਹਿਤੈਸ਼ੀ ਸਰਕਾਰ ਦੱਸਦਿਆਂ ਸੂਬੇ ਦੇ ਵਿਕਾਸ ਕਾਰਜਾਂ  ਵਾਰੇ ਵੀ ਵਿਸਥਾਰਪੂਰਵਕ ਚਾਨਣਾ ਪਾਇਆ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਸੰਸਦੀ ਸਕੱਤਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਅਤੇ ਹਲਕਾ ਵਿਧਾਇਕ ਸ੍ਰੀ ਐਨ.ਕੇ. ਸ਼ਰਮਾ ਨੇ ਜਿਥੇ ਹਲਕੇ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਉਥੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਤੋਂ ਆਸ਼ਾ ਵਰਕਰ ਤੇ ਆਂਗਣਵਾੜੀ ਵਰਕਰਾਂ ਦੀ ਤਨਖਾਹ ਵਧਾਉਣ ਦੀ ਮੰਗ ਵੀ ਕੀਤੀ। ਉਨ੍ਹਾਂ ਹਲਕੇ ਵੱਲੋਂ ਕੇਂਦਰੀ ਮੰਤਰੀ ਨੂੰ ਜੀ. ਆਇਆ ਵੀ ਆਖਿਆ। ਸਟੇਜ ਦੀ ਸੇਵਾ ਚੇਅਰਪਰਸ਼ਨ ਪੰਜਾਬ ਰਾਜ ਮਹਿਲਾ ਕਮਿਸ਼ਨ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਨਿਭਾਈ ।

LEAVE A REPLY