2ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਪਾਰਟੀ ਦੇ ਜਨਰਲ ਸਕੱਤਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਇਥੇ ਮੰਗ ਕੀਤੀ ਹੈ ਕਿ ਤਖ਼ਤ ਸੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਵਿਚ ਦੋ ਸਿੱਖ ਪਾਰਲੀਮੈਂਟ ਮੈਂਬਰਾਂ ਨੂੰ ਚੁਣ ਕੇ ਭੇਜਣ ਲਈ ਲੋਂੜੀਦੀ ਕਾਰਵਾਈ ਤੁਰੰਤ ਕਰਵਾਈ ਜਾਵੇ। ਉਹਨਾਂ ਕਿਹਾ ਕਿ ਨੰਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਐਕਟ-1956 ਤਹਿਤ ਸਿੱਖ ਪਾਰਲੀਮੈਂਟ ਮੈਂਬਰਾਂ ਵਿੱਚੋਂ ਦੋ ਐਮ.ਪੀ. ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਲਈ ਚੁਣੇ ਜਾਣੇ ਲਾਜ਼ਮੀ ਹਨ। ਲੋਕ ਸਭਾ ਦੇ ਸਿਫ਼ਰ ਕਾਲ ਦੌਰਾਨ ਇਹ ਮਾਮਲਾ ਉਠਾਉਂਦਿਆਂ, ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਮਹਾਰਾਸ਼ਟਰਾ ਸਰਕਾਰ ਨੇ ਇਹ ਚੋਣ ਕਰਾਉਣ ਤੋਂ ਬਿਨਾਂ ਹੀ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਗਠਨ ਕਰਨ ਸਬੰਧੀ ਨੋਟੀਫੀਕੇਸ਼ਨ ਕਰ ਦਿੱਤਾ ਹੈ ਜੋ ਸਿੱਖ ਪਾਰਲੀਮੈਂਟ ਮੈਂਬਰਾਂ ਦੇ ਕਾਨੂੰਨੀ ਹੱਕ ਉੱਤੇ ਛਾਪਾ ਮਾਰਨ ਦੇ ਬਰਾਬਰ ਹੈ।
ਅਕਾਲੀ ਆਗੂ ਨੇ ਕਿਹਾ ਕਿ ਹੁਣ ਤੱਕ ਕਾਂਗਰਸ ਹੀ ਸਿੱਖਾਂ ਵਿਚ ਵੰਡੀਆਂ ਪਾਉਣ ਅਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕਰਦੀ ਆਈ ਸੀ। ਉਹਨਾਂ ਇਸ ਸਬੰਧੀ ਹਰਿਆਣਾ ਦੀ ਪਿਛਲੀ ਕਾਂਗਰਸ ਸਰਕਾਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਢਾਹ ਲਾਉਣ ਦੀ ਮਨਸ਼ਾ ਨਾਲ ਹਰਿਆਣੇ ਵਿਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦਾ ਕਾਨੂੰਨ ਪਾਸ ਕਰ ਦਿੱਤਾ ਸੀ। ਪ੍ਰੋ. ਚੰਦੂਮਾਜਰਾ ਨੇ ਨਰਿੰਦਰ ਮੋਦੀ ਸਰਕਾਰ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਮਹਾਰਾਸ਼ਟਰਾ ਸਰਕਾਰ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਣਾਉਣ ਸਮੇਂ ਰਹਿ ਗਈਆਂ ਕਾਨੂੰਨੀ ਤਰੁੱਟੀਆਂ ਨੂੰ ਤੁਰੰਤ ਦੂਰ ਕਰਨ ਨੂੰ ਯਕੀਨੀ ਬਣਾਵੇ ਅਤੇ ਸਿੱਖ ਪਾਰਲੀਮੈਂਟ ਮੈਂਬਰਾਂ ਦਾ ਕਾਨੂੰਨੀ ਹੱਕ ਬਹਾਲ ਕਰਵਾਇਆ ਜਾਵੇ।

LEAVE A REPLY