6ਲੁਧਿਆਣਾ : ਅਮਨ-ਸ਼ਾਂਤੀ, ਫ਼ਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਨੂੰ ਸੂਬਾ ਸਰਕਾਰ ਦਾ ਮੁੱਖ ਏਜੰਡਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੁਝ ਸਿਆਸੀ ਧਿਰਾਂ ਆਪਣੇ ਸੌੜੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੂਬੇ ਦੀ ਅਮਨ-ਸ਼ਾਂਤੀ ਨੂੰ ਲਾਂਬੂ ਲਾਉਣਾ ਚਾਹੁੰਦੀਆਂ ਹਨ।
ਖੰਨਾ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨਾਂ ਦੇ ਪਹਿਲੇ ਦਿਨ ਪੱਤਰਕਾਰਾਂ ਵੱਲੋਂ ਵੱਖ- ਵੱਖ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸਬੰਧੀ ਵਾਪਰ ਰਹੀਆਂ ਘਟਨਾਵਾਂ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਕੁਝ ਸਮਾਜ ਵਿਰੋਧੀ ਤੱਤਾਂ ਵੱਲੋਂ ਲਗਾਤਾਰ ਸੂਬੇ ਦੇ ਮਾਹੌਲ ਨੂੰ ਖਰਾਬ ਕਰਨ ਦੇ ਯਤਨ ਕੀਤੇ ਜਾ ਰਹੇ ਪਰ ਉਨ੍ਹਾਂ ਦੀ ਸਰਕਾਰ ਸੂਬੇ ਦੀ ਭਾਈਚਾਰਕ ਸਾਂਝ ਨੂੰ ਢਾਹ ਲਾਉਣ ਦੀ ਤਾਕ ਵਿਚ ਬੈਠੇ ਅਜਿਹੇ ਅਨਸਰਾਂ ਦੇ ਨਾਪਾਕ ਇਰਾਦਿਆਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ। ਉਨ੍ਹਾਂ ਨੇ ਲੋਕਾਂ ਨੂੰ ਵੀ ਇਨ੍ਹਾਂ ਸਮਾਜ ਵਿਰੋਧੀ ਧਿਰਾਂ ਤੋਂ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਖੜ੍ਹੇ ਕਰਨ ਸਬੰਧੀ ਪੁੱਛੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਅਜੇ ਚੋਣਾਂ ਵਾਸਤੇ ਕਾਫ਼ੀ ਸਮਾਂ ਹੈ ਅਤੇ ਇਨ੍ਹਾਂ ਵਾਸਤੇ ਉਮੀਦਵਾਰਾਂ ਦਾ ਐਲਾਨ ਢੁਕਵੇਂ ਸਮਾਂ ਆਉਣ ‘ਤੇ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਸੰਗਤ ਦਰਸ਼ਨ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸ. ਬਾਦਲ ਨੇ ਕੁਦਰਤੀ ਸਰੋਤਾਂ ਨੂੰ ਕੁਦਰਤ ਦਾ ਵਰਦਾਨ ਦੱਸਦੇ ਹੋਏ ਕਿਹਾ ਕਿ ਦੁਨੀਆ ਦੇ ਹਰੇਕ ਇਲਾਕੇ ਨੂੰ ਕੁਦਰਤ ਨੇ ਕੋਈ ਨਾ ਕੋਈ ਅਨਮੋਲ ਤੋਹਫਾ ਦਿੱਤਾ ਹੈ ਅਤੇ ਇਨ੍ਹਾਂ ਸਰੋਤਾਂ ‘ਤੇ ਸਥਾਨਕ ਲੋਕਾਂ ਦਾ ਹੀ ਹੱਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵੀ ਕੁਦਰਤ ਨੇ ਅਨਮੋਲ ਪਾਣੀਆਂ ਅਤੇ ਜਰਖੇਜ਼ ਜ਼ਮੀਨ ਦਾ ਤੋਹਫ਼ਾ ਦਿੱਤਾ ਹੈ ਪਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਸੂਬੇ ਨੂੰ ਕੁਦਰਤ ਦੀ ਨਿਆਮਤ ਪਾਣੀਆਂ ਤੋਂ ਵਾਂਝਾ ਕਰਨ ਲਈ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਜੇ ਇਸ ਤਰ੍ਹਾਂ ਵਾਪਰ ਗਿਆ ਤਾਂ ਸਮੁੱਚੇ ਸੂਬੇ ਦੀ ਆਰਥਿਕਤਾ ਨੂੰ ਭਾਰੀ ਢਾਹ ਲੱਗੇਗੀ। ਉਨ੍ਹਾਂ ਕਿਹਾ ਕਿ ਪਾਣੀਆਂ ਨਾਲ ਕੇਵਲ ਕਿਸਾਨੀ ਨੂੰ ਹੀ ਨਹੀਂ ਸਗੋਂ ਇਸ ਨਾਲ ਵਪਾਰੀਆਂ ਅਤੇ ਮਜ਼ਦੂਰਾਂ ਸਣੇ ਸਮੁੱਚੇ ਲੋਕਾਂ ਨੂੰ ਨੁਕਸਾਨ ਹੋਵਗਾ ਕਿਉਂਕਿ ਸੂਬੇ ਦੀ ਸਾਰੀ ਆਰਥਿਕਤਾ ਖੇਤੀ ‘ਤੇ ਟਿਕੀ ਹੋਈ ਹੈ। ਸ. ਬਾਦਲ ਨੇ ਲੋਕਾਂ ਨੂੰ ਪਾਣੀਆਂ ਦੀ ਰਾਖੀ ਲਈ ਤਿਆਰ-ਬਰ-ਤਿਆਰ ਰਹਿਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਸੂਬੇ ਦੇ ਹਿੱਤਾਂ ਲਈ ਅੱਜ ਤੱਕ ਕੇਵਲ ਸ਼੍ਰੋਮਣੀ ਅਕਾਲੀ ਦਲ ਨੇ ਹੀ ਲੜਾਈ ਲੜੀ ਹੈ ਅਤੇ ਹੁਣ ਵੀ ਉਹ ਸੂਬੇ ਦੇ ਹਿੱਤਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਲੜਾਈ ਤੋਂ ਪਿੱਛੇ ਨਹੀਂ ਹਟੇਗਾ। ਉਨ੍ਹਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਸੂਬੇ ਦੀਆਂ ਦੋਖੀ ਪਾਰਟੀਆਂ ਦੱਸਦੇ ਹੋਏ ਇਨ੍ਹਾਂ ਤੋਂ ਸਾਵਧਾਨ ਰਹਿਣ ਦੀ ਵੀ ਅਪੀਲ ਕੀਤੀ।
ਪੰਚਾਇਤਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਮਕਸਦ ਨਾਲ ਸ. ਬਾਦਲ ਨੇ ਸਾਰੀਆਂ ਪੰਚਾਇਤਾਂ ਨੂੰ ਪੰਚਾਇਤੀ ਜ਼ਮੀਨਾਂ ਵਾਸਤੇ ਪਹਿਲ ਦੇ ਆਧਾਰ ‘ਤੇ ਟਿਊਬਵੈਲ ਕੁਨੈਕਸ਼ਨ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਪੰਚਾਇਤਾਂ ਨੂੰ ਵੀ ਆਪਣੇ ਆਪਣੇ ਪਿੰਡਾਂ ਦੀ ਜ਼ਮੀਨ ਦੇ ਹਿਸਾਬ ਨਾਲ ਕੁਨੈਕਸ਼ਨ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਪਿੰਡਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ ਅਤੇ ਇਸ ਨੂੰ ਵਿਕਾਸ ਕਾਰਜਾਂ ਲਈ ਖਰਚਿਆ ਜਾ ਸਕੇ। ਸੰਗਤ ਦਰਸ਼ਨ ਦੀ ਅਹਿਮੀਅਤ ਦਾ ਜ਼ਿਕਰ ਕਰਦੇ ਹੋਏ ਸ. ਬਾਦਲ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਕੋਈ ਵੀ ਸਿਆਸੀ ਮਕਸਦ ਨਹੀਂ ਹੈ। ਵਿਕਾਸ ਨੂੰ ਗਤੀ ਦੇਣ, ਸਥਾਨਕ ਲੋੜਾਂ ਦੇ ਅਨੁਸਾਰ ਵਿਕਾਸ ਨੂੰ ਯਕੀਨੀ ਬਣਾਉÎਣ ਅਤੇ ਵਿਕਾਸ ਕਾਰਜਾਂ ਵਿੱਚ ਲੋਕਾਂ ਦੀ ਸ਼ਮੂਲੀਅਤ ਕਰਵਾਉਣਾ ਸੰਗਤ ਦਰਸ਼ਨ ਦਾ ਇਕ-ਇਕ ਮਕਸਦ ਦੱਸਦੇ ਹੋਏ ਸ. ਬਾਦਲ ਨੇ ਲੋਕਾਂ ਨੂੰ ਵੀ ਆਪਣੇ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਅਤੇ ਕੰਮਾਂ ‘ਤੇ ਨਿਗਰਾਣੀ ਰੱਖਣ ਦੀ ਅਪੀਲ ਕੀਤੀ ਹੈ ਤਾਂ ਜੋ ਕੰਮਾਂ ਦੇ ਮਿਆਰ ਦੇ ਪੱਧਰ ਨੂੰ ਬਣਾਈ ਰੱਖਣ ਦੇ ਨਾਲ ਇਨ੍ਹਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਵਿੱਚ ਵੀ ਮਦਦ ਮਿਲ ਸਕੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੰਗਤ ਦਰਸ਼ਨ ਪ੍ਰੋਗਰਾਮ ਪੂਰੇ ਭਾਰਤ ਵਿੱਚੋਂ ਕੇਵਲ ਪੰਜਾਬ ਵਿੱਚ ਹੀ ਹੁੰਦੇ ਹਨ ਅਤੇ ਉਹ ਵੀ ਜਦੋਂ ਲੋਕ ਉਨ੍ਹਾਂ ਨੂੰ ਸੇਵਾ ਦਾ ਮੌਕਾ ਸੌਂਪਦੇ ਹਨ। ਇਨ੍ਹਾਂ ਕਿਹਾ ਕਿ ਇਹ ਜਮਹੂਰੀਅਤ ਦੀ ਇਕ ਉੱਤਮ ਮਿਸਾਲ ਹਨ ਕਿਉਂਕਿ ਇਨ੍ਹਾਂ ਰਾਹੀਂ ਲੋਕਾਂ ਦੀ ਵਿਕਾਸ ਵਿੱਚ ਸ਼ਮੂਲੀਅਤ ਯਕੀਨੀ ਬਣਾਈ ਜਾਂਦੀ ਹੈ।
ਮੁੱਖ ਮੰਤਰੀ ਨੇ ਅੱਜ ਜਟਾਣਾ, ਦਹਿੜੂ, ਬੀਜਾ, ਭੁਮੱਦੀ ਅਤੇ ਲਿਬੜਾ ਵਿਖੇ ਸੰਗਤ ਦਰਸ਼ਨ ਕਰਕੇ ਦੋ ਦਰਜਨ ਤੋਂ ਵੱਧ ਪੰਚਾਇਤਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਦਿੱਤੇ।

LEAVE A REPLY