8ਸੁਲਤਾਨਪੁਰ ਲੋਧੀ :  ਪੰਜਾਬ ਪ੍ਰਦੇਸ਼ ਕਾਂਗਰਸ ਦੀ ਕਾਰਜਕਰਨੀ ਕਮੇਟੀ ਦੇ ਮੈਂਬਰ ਕੈਪਟਨ ਹਰਮਿੰਦਰ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੀ ਜਨਤਾ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਤੇ ਹਲਕੇ ‘ਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਕਰਨ ਲਈ ਜ਼ਰੂਰੀ ਸੁਝਾਅ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ 2017 ਦੀਆਂ ਚੋਣਾਂ ਕਾਂਗਰਸ ਪਾਰਟੀ ਪੂਰੀ ਸ਼ਾਨ ਨਾਲ ਜਿੱਤੇਗੀ ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ ।
ਕੈਪ. ਹਰਮਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਲੋਕ ਨਵਾਂ ਆਗੂ ਚਾਹੁੰਦੇ ਹਨ, ਜੋ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਪੂਰੀ ਦ੍ਰਿੜ੍ਹਤਾ ਨਾਲ ਕੰਮ ਕਰੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਨਗਰੀ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਉਹ ਸ੍ਰੀ ਆਨੰਦਪੁਰ ਸਾਹਿਬ ਦੀ ਤਰ੍ਹਾਂ ਸੁੰਦਰ ਤੇ ਵਿਕਾਸਸ਼ੀਲ ਬਣਾਉਣ ਲਈ ਜ਼ੋਰ ਲਾਉਣਗੇ ਤੇ ਹਲਕੇ ਦੇ ਲੋਕਾਂ ਨੂੰ ਕੁਝ ਨਵਾਂ ਕਰਕੇ ਦਿਖਾਉਣਗੇ। ਕੈਪ. ਹਰਮਿੰਦਰ ਸਿੰਘ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਦੀ ਅਗਲੀ ਸਰਕਾਰ ਬਣਨ ‘ਤੇ ਸਭ ਤੋਂ ਪਹਿਲਾਂ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਨੂੰ ਦੁਨੀਆ ਦੇ ਨਕਸ਼ੇ ‘ਤੇ ਲਿਆਉਣ ਲਈ ਵਿਸ਼ੇਸ਼ ਪ੍ਰੋਜੈਕਟ ਲਗਾਏ ਜਾਣਗੇ। ਉਨ੍ਹਾਂ ਦਾਅਵਾ ਕੀਤਾ ਕਿ ਸੁਲਤਾਨਪੁਰ ਲੋਧੀ ਦੀਆਂ ਸੰਗਤਾਂ ਦੀ ਸੇਵਾ ਕਰਨ ਲਈ ਉਹ ਪੂਰਾ ਮਨ ਬਣਾਈ ਬੈਠੇ ਹਨ ਤੇ ਕੋਈ ਕਸਰ ਬਾਕੀ ਨਹੀਂ ਛੱਡਣਗੇ।

LEAVE A REPLY