4ਚੰਡੀਗੜ੍ਹ  – ਪੰਜਾਬ ਭਾਜਪਾ ਦੇ ਸੂਬਾ ਸਕੱਤਰ ਵਿਨੀਤ ਜੋਸ਼ੀ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਇਕ ਪਾਸੇ ਤਾਂ ਕਾਨੂੰਨ ਦਾ ਸਨਮਾਨ ਕਰਨ ਦਾ ਢੋਂਗ ਕਰਦੇ ਹਨ ਤੇ ਦੂਜੇ ਪਾਸੇ ਕਾਨੂੰਨ ਦਾ ਸਾਹਮਣਾ ਕਰਨ ਤੋਂ ਕਿਉਂ ਡਰ ਰਹੇ ਹਨ। ਕਾਬਿਲੇਗੌਰ ਹੈ ਕਿ ਦਿੱਲੀ ਮਹਿਲਾ ਕਮਿਸ਼ਨ ‘ਚ 85 ਲੋਕਾਂ ਦੀ ਨਿਯੁਕਤੀ ‘ਚ ਗੜਬੜੀ ਸਾਹਮਣੇ ਆਉਣ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਪਣੇ ਵਿਰੁਧ ਐਫ.ਆਈ.ਆਰ. ਦਰਜ ਹੋਣ ਪਿੱਛੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਹੱਥ ਦੱਸਿਆ ਹੈ। ਵਿਨੀਤ ਜੋਸ਼ੀ ਨੇ ਕਿਹਾ ਕਿ ਜੇਕਰ ਹੋਰਨਾਂ ਰਾਜਾਂ ਦੇ ਮੌਜੂਦਾ ਮੁੱਖ ਮੰਤਰੀ ਅਦਾਲਤ ਤੇ ਸੀਬੀਆਈ ਦੇ ਸਾਹਮਣੇ ਪੇਸ਼ ਹੋ ਰਹੇ ਹਨ ਤਾਂ ਕੇਜਰੀਵਾਲ ਨੂੰ ਵੀ ਕੋਈ ਇਤਰਾਜ਼ ਨਹੀਂ ਹੋਣਾ ਚਾਹੀਦਾ। ਜੇਕਰ ਕੇਜਰੀਵਾਲ ਨੇ ਕੁਝ ਗਲਤ ਨਹੀਂ ਕੀਤਾ ਤਾਂ ਉਨ੍ਹਾਂ ਨੂੰ ਕਿਸ ਗੱਲ ਦਾ ਡਰ ਸਤਾ ਰਿਹਾ ਹੈ?
ਵਿਨੀਤ ਜੋਸ਼ੀ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਤੇਜ਼ੀ ਨਾਲ ਹੋਣੀ ਚਾਹੀਂਦੀ ਹੈ, ਤਾਂਕਿ ਸੱਚ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਮੋਦੀ ਨਾਮ ਦਾ ਫੋਬੀਆ ਹੋ ਗਿਆ ਹੈ। ਜੋਸ਼ੀ ਨੇ ਕਿਹਾ ਕਿ ਹਰ ਗੱਲ ਲਈ ਨਰੇਂਦਰ ਮੋਦੀ ਦਾ ਨਾਮ ਉਛਾਲਣ ਨਾਲ ਕੁਝ ਨਹੀਂ ਹੋਣ ਵਾਲਾ, ਬਲਕਿ ਦਿੱਲੀ ਦੇ ਨਾਲ-ਨਾਲ ਦੇਸ਼ ਦੀ ਜਨਤਾ ਸਮਝ ਚੁੱਕੀ ਹੈ ਕਿ ਕੇਜਰੀਵਾਲ ਅਪਣੀ ਹਰ ਗਲਤੀ ਨੂੰ ਛੁਪਾਉਣ ਲਈ ਮੋਦੀ ਦਾ ਨਾਂ ਉਚਾਰਣ ਲੱਗਦੇ ਹਨ। ਉਨ੍ਹਾਂ ਦਹੁਰਾਉਂਦਿਆਂ ਕਿਹਾ ਕਿ ਕੇਜਰੀਵਾਲ ਨੂੰ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰਨਾ ਚਾਹੀਦਾ ਹੈ, ਨਾ ਕਿ ਇਸ ਨੂੰ ਰਾਜਸੀ ਰੰਗਤ ਦੇ ਕੇ ਮਾਮਲੇ ਨੂੰ ਭਟਕਾਉਣ ਦੀ ਕੋਸ਼ਿਸ਼ ਕਰੇ।

LEAVE A REPLY