ਰਾਜਪੁਰਾ  : ਚੋਣਾਂ ਦੌਰਾਨ ਡੇਰਾ ਸਿਰਸਾ ਜਾ ਕੇ ਹਮਾਇਤ ਲੈਣ ਵਾਲੇ ਸਿੱਖ ਉਮੀਦਵਾਰਾਂ ਦੀ ਜਾਂਚ ਲਈ ਬਣਾਈ ਗਈ ਕਮੇਟੀ ਆਪਣੀ ਰਿਪੋਰਟ 7 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਕਰੇਗੀ ਅਤੇ ਜਾਂਚ ਵਿਚ ਜੇਕਰ ਕਿਸੇ ਵਿਧਾਇਕ ਜਾਂ ਆਗੂ ਦਾ ਨਾਮ ਆਉਂਦਾ ਹੈ ਤਾਂ ਤਖਤਾਂ ਦੇ ਸਿੰਘ ਸਾਹਿਬਾਨਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ ਕਰਕੇ ਉਕਤ ਆਗੂਆਂ ਖਿਲਾਫ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਇਹ ਵਿਚਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੁਰਾਣਾ ਰਾਜਪੁਰਾ ਦੇ ਗੁਰਦੁਆਰਾ ਨਵੀਨ ਸ੍ਰੀ ਗੁਰੂ ਸਿੰਘ ਸਭਾ ਵਿਖੇ ਪੱਤਰਕਾਰਾਂ ਨਾਲ ਕੀਤੀ ਗੱਲਬਾਤ ਦੌਰਾਨ ਪ੍ਰਗਟ ਕੀਤੇ।
ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਸੰਬੰਧ ‘ਚ ਸ਼ਹੀਦੀ ਜੋੜ ਮੇਲ ਸਬੰਧੀ ਕੌਮੀ ਸ਼ਾਹ ਮਾਰਗ ਕੰਢੇ ਇਲਾਕੇ ਦੇ ਪਿੰਡਾਂ ਦੀਆਂ ਸੰਗਤਾਂ ਵੱਲੋਂ ਸੜਕਾਂ ਕਿਨਾਰੇ ਤੰਬੂ ਅਤੇ ਟਰੈਕਟਰ ਟਰਾਲੀਆਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਵਾਉਣ ਸਬੰਧੀ ਜਥੇਦਾਰ ਨੇ ਕਿਹਾ ਕਿ ਅਜਿਹਾ ਕਰਨਾ ਸਿੱਖ ਮਰਿਆਦਾ ਦੀ ਖਿਲਾਫ ਹੈ। ਕੋਈ ਵੀ ਵਿਅਕਤੀ ਸੜਕ ਕਿਨਾਰੇ ਟੈਂਟ ਜਾਂ ਖੁੱਲ੍ਹੀ ਟਰੈਕਟਰ-ਟਰਾਲੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਹੀਂ ਕਰਵਾ ਸਕਦਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸਿਰਫ ਪੱਕੀਆਂ ਛੱਤਾਂ ਵਾਲੇ ਮਕਾਨਾਂ ਜਾਂ ਪਾਲਕੀ ਸਾਹਿਬ ਵਾਲੀ ਬੱਸ ਵਿਚ ਕਰਵਾਇਆ ਜਾ ਸਕਦਾ ਹੈ। ਜੇਕਰ ਇਹ ਸਭ ਜਾਣਦੇ ਹੋਏ ਵੀ ਕੋਈ ਸਿੱਖ ਮਰਿਆਦਾ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੀ ਸ਼ਿਕਾਇਤ ਮਿਲਣ ਤੇ ਸ੍ਰੀ ਅਕਾਲ ਤਖਤ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ ਕੀਤੀ ਜਾਵੇਗੀ।