ਤਲਵੰਡੀ ਸਾਬੋ (ਬਠਿੰਡਾ)/ਚੰਡੀਗਡ਼੍ਹ : ਪੰਜਾਬ ਸਰਕਾਰ ਆਉਂਦੇ 3 ਮਹੀਂਿਨਆਂ ਤੱਕ ਕਿਸਾਨਾਂ ਦੇ ਕਰਜ਼ਿਆਂ ਦਾ ਢੁੱਕਵਾਂ ਹੱਲ ਕਰਨ ਜਾ ਰਹੀ ਹੈ ਜੋ ਕਿ ਆਉਣ ਵਾਲੇ ਬਜਟ ਵਿਚ ਪੇਸ਼ ਕੀਤਾ ਜਾਵੇਗਾ। ਕਿਸਾਨਾਂ ਦੇ ਕਰਜ਼ਿਆਂ ਦੇ ਮਾਮਲੇ ‘ਤੇ ਪੰਜਾਬ ਸਰਕਾਰ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਅਤੇ 3 ਮਹੀਨਿਆਂ ਬਾਅਦ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਜਾਵੇਗਾ।
ਇਹ ਐਲਾਨ ਅੱਜ ਇੱਥੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਸ਼੍ਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ। ਭਾਰੀ ਇਕੱਠ ਨੂੰ ਸੰਬੋਧਤ ਹੁੰਦਿਆਂ ਸ਼੍ਰੀ ਬਾਦਲ ਨੇ ਇਸ ਮੁਬਾਰਕ ਦਿਨ ‘ਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨਾਲ ਕੀਤਾ ਵਾਅਦਾ ਜਲਦ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਕਰਜ਼ ਮੁਆਫੀ ਦੇ ਮਾਮਲੇ ‘ਚ ਉੱਤਰ ਪ੍ਰਦੇਸ਼ ਸਰਕਾਰ ਨਾਲੋਂ ਵੱਡਾ ਕਦਮ ਚੁੱਕੇਗੀ ਜਿਸ ਨਾਲ ਆਉਂਦੇ 3 ਮਹੀਨਿਆਂ ਬਾਅਦ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।
ਇੱਕ ਹੋਰ ਅਹਿਮ ਐਲਾਨ ਕਰਦਿਆਂ ਸ਼੍ਰੀ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ ਮਜ਼ਬੂਤ ਅਤੇ ਅਸਰਦਾਰ ਲੋਕਪਾਲ ਬਿੱਲ ਲਿਆਂਦਾ ਜਾ ਰਿਹਾ ਹੈ ਤਾਂ ਜੋ ਪ੍ਰਸ਼ਾਸਨਿਕ ਕੰਮਾਂ ਵਿਚ ਹੋਰ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਪ੍ਰਸਤਾਵਤ ਬਿੱਲ ਦੇ ਘੇਰੇ ਵਿਚ ਅਫ਼ਸਰਸ਼ਾਹੀ ਹੀ ਨਹੀਂ ਸਗੋਂ ਮੁੱਖ ਮੰਤਰੀ ਅਤੇ ਮੰਤਰੀ ਵੀ ਆਉਣਗੇ। ਉਨ੍ਹਾਂ ਦੱਸਿਆ ਕਿ ਪ੍ਰਸਤਾਵਤ ਬਿੱਲ ਪਾਸ ਹੋਣ ਉਪਰੰਤ ਵਿਰੋਧੀ ਧਿਰ ਦੇ ਆਗੂ ਦੀ ਰਾਇ ਨਾਲ ਲੋਕਪਾਲ ਦੀ ਨਿਯੁਕਤੀ ਦੀ ਵਿਵਸਥਾ ਹੈ।
ਪੰਜਾਬ ਦੀ ਵਿੱਤੀ ਸਿਹਤ ਬਾਰੇ ਗੱਲ ਕਰਦਿਆਂ ਸ਼੍ਰੀ ਬਾਦਲ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਦੇ ਖ਼ਜਾਨੇ ਨੂੰ ਖਾਲੀ ਹੀ ਨਹੀਂ ਕੀਤਾ ਸਗੋਂ ਆਉਂਦੇ ਕਈ ਸਾਲਾਂ ਤੱਕ ਲਈ ਪੰਜਾਬ ਦੀ ਆਮਦਨ ਵੀ ਬੈਂਕਾਂ ਕੋਲੇ ਗਿਰਵੀ ਰੱਖ ਦਿੱਤੀ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵਲੋਂ ਬੈਂਕਾਂ ਤੋਂ ਲਏ ਭਾਰੀ ਕਰਜ਼ਿਆਂ ਦੇ ਇਵਜ਼ ਵਿਚ ਪੰਜਾਬ ਨੂੰ ਕਈ ਸਾਲਾਂ ਤੱਕ ਆਪਣੀ ਆਮਦਨ ਇਨ੍ਹਾਂ ਬੈਂਕਾਂ ਨੂੰ ਦੇਣੀ ਪਵੇਗੀ। ਸ਼੍ਰੀ ਬਾਦਲ ਨੇ ਪੰਜਾਬੀਆਂ ਨਾਲ ਵਾਅਦਾ ਕੀਤਾ ਹੈ ਕਿ ਵਿੱਤੀ ਹਾਲਤ ਕਮਜ਼ੋਰ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਕਿਸਾਨਾਂ ਅਤੇ ਹੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬਧ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਗੱਲ ਕਰਦਿਆਂ ਸ਼੍ਰੀ ਬਾਦਲ ਨੇ ਕਿਹਾ ਕਿ ਸਰਕਾਰ ਬਨਣ ਤੋਂ ਕੁਝ ਦਿਨਾਂ ਬਾਅਦ ਹੀ ਰਾਜ ਵਿਚ ਵੱਡੀਆਂ ਉਦਯੋਗਿਕ ਇਕਾਈਆਂ ਨੂੰ ਮੁਬੰਈ ਜਾ ਕੇ ਪੰਜਾਬ ‘ਚ ਨਿਵੇਸ਼ ਦਾ ਸੱਦਾ ਦਿੱਤਾ ਹੈ ਜਿਸ ‘ਤੇ ਦੇਸ਼ ਦੀਆਂ ਪ੍ਰਮੁੱਖ ਉਦਯੋਗਿਕ ਇਕਾਈਆਂ ਨੇ ਪੰਜਾਬ ਵਿਚ ਨਿਵੇਸ਼ ਭਾਰੀ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਚੁੱਕੇ ਜਾ ਰਹੇ ਕਦਮਾਂ ਸਦਕਾ ਪੰਜਾਬ ਜਲਦ ਹੀ ਮਜ਼ਬੂਤ ਆਰਥਿਕਤਾ ਵਾਲਾ ਸੂਬਾ ਬਣੇਗਾ।
ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਸ਼੍ਰੀ ਬਾਦਲ ਨੇ ਕਿਹਾ ਕਿ ਦੇਸ਼ ਦੀ ਸਰਵਉੱਚ ਅਦਾਲਤ ਵਿਚ ਕੇਸ ਸਹੀ ਢੰਗ ਨਾਲ ਪੇਸ਼ ਨਹੀਂ ਕੀਤਾ ਗਿਆ ਅਤੇ ਹੁਣ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਮਾਮਲੇ ਵਿਚ ਦਖਲ ਦਿੰਦਿਆਂ ਮੀਟਿੰਗ ਸੱਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਮਸਲੇ ਵਿਚ ਸਿਆਸੀ ਹੱਲ ਦੀ ਪੂਰੀ ਉਮੀਦ ਹੈ।
ਰਾਜ ਵਿਚ ਵੀ.ਆਈ.ਪੀ. ਕਲਚਰ ਖਤਮ ਕਰਨ ਨੂੰ ਸਰਕਾਰ ਦਾ ਸ਼ਲਾਘਾਯੋਗ ਪਹਿਲਕਦਮੀ ਦੱਸਦਿਆਂ ਸ਼੍ਰੀ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਲੇਠੀ ਕੈਬਨਿਟ ਮੀਟਿੰਗ ਵਿਚ ਇਸ ਸਬੰਧੀ ਮਹੱਤਵਪੂਰਨ ਫੈਸਲੇ ਲਏ ਗਏ ਸਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਧੀਆ ਅਤੇ ਭ੍ਰਿਸ਼ਟਾਚਾਰ ਪ੍ਰਸ਼ਾਸਨ ਦੇਣ ਲਈ ਢੁੱਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪੰਜਾਬ ਪੁਲਿਸ ਦੇ ਜਵਾਨਾਂ ਦੀ ਡਿਊਟੀ 12 ਘੰਟੇ ਤੈਅ ਕਰ ਦਿੱਤੀ ਗਈ ਹੈ।
ਇਸ ਮੌਕੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਵਧਾਈ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ਼੍ਰੀ ਲਾਲ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਸਮਾਂਬਧ ਢੰਗ ਨਾਲ ਪੂਰਾ ਕਰਨ ਲਈ ਵਚਨਬਧ ਹੈ। ਉਨ੍ਹਾਂ ਕਿਹਾ ਨਸ਼ਿਆਂ ਵਿਰੁੱਧ ਛੇਡ਼ੀ ਜੰਗ ਦੀ ਚੰਗੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਸਪੈਸ਼ਲ ਟਾਸਕ ਫੋਰਸ ਵਲੋਂ ਕੀਤੀ ਜਾ ਰਹੀ ਕਾਰਵਾਈ ਸਦਕਾ ਆਉਂਦੇ ਦਿਨਾਂ ‘ਚ ਹੋਰ ਚੰਗੇ ਨਤੀਜੇ ਸਾਹਮਣੇ ਆਉਣਗੇ।
ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ ਸ਼੍ਰੀ ਗੁਰਪ੍ਰੀਤ ਸਿੰਘ ਕਾਂਗਡ਼, ਭੁੱਚੋ ਮੰਡੀ ਤੋਂ ਵਿਧਾਇਕ ਸ਼੍ਰੀ ਪ੍ਰੀਤਮ ਸਿੰਘ ਕੋਟਭਾਈ, ਕਾਂਗਰਸੀ ਆਗੂ ਖੁਸ਼ਬਾਜ਼ ਸਿੰਘ ਜਟਾਣਾ ਆਦਿ ਨੇ ਵੀ ਸੰਬੋਧਨ ਕੀਤਾ।
ਹੋਰਨਾਂ ਤੋਂ ਇਲਾਵਾ ਵਿਧਾਇਕ ਸ਼੍ਰੀ ਗੁਰਕੀਰਤ ਕੋਟਲੀ, ਪਾਇਲ ਤੋਂ ਵਿਧਾਇਕ ਸ਼੍ਰੀ ਲਖਵੀਰ ਸਿੰਘ ਲੱਖਾ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਆਦਿ ਹਾਜ਼ਰ ਸਨ।