ਨਵੀਂ ਦਿੱਲੀ— ਦਿੱਲੀ ਦੀ ਇਕ ਅਦਾਲਤ ਨੇ ਚੋਣ ਕਮਿਸ਼ਨ ਰਿਸ਼ਵਤ ਮਾਮਲੇ ‘ਚ ਕਥਿਤ ਤੌਰ ‘ਤੇ ਸ਼ਾਮਲ ਅੰਨਾਦਰਮੁਕ (ਅੰਮਾ) ਧਿਰ ਦੇ ਨੇਤਾ ਟੀ.ਟੀ.ਵੀ. ਦੀਨਾਕਰਨ ਦੀ ਜ਼ਮਾਨਤ ਵੀਰਵਾਰ ਨੂੰ ਮਨਜ਼ੂਰ ਕਰ ਲਈ। ਵਿਸ਼ੇਸ਼ ਜੱਜ ਪੂਨਮ ਚੌਧਰੀ ਨੇ ਉਨ੍ਹਾਂ ਦੇ ਨਜ਼ਦੀਕੀ ਸਹਿਯੋਗੀ ਮਲਿਕਾਰਜੁਨ ਨੂੰ ਵੀ ਰਾਹਤ ਦਿੱਤੀ। ਮਲਿਕਾਰਜੁਨ ਨੂੰ ਵੀ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ।
ਅਦਾਲਤ ਨੇ ਦੋਹਾਂ ਨੂੰ ਰਾਹਤ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛ-ਗਿੱਛ ਕਰਨ ਦੀ ਹੁਣ ਲੋੜ ਨਹੀਂ ਹੈ। ਉਨ੍ਹਾਂ ਨੂੰ 5-5 ਲੱਖ ਰੁਪਏ ਦਾ ਜ਼ੁਰਮਾਨਾ ਅਤੇ ਇੰਨੀ ਹੀ ਜ਼ਮਾਨਤ ਰਾਸ਼ੀ ਜਮ੍ਹਾ ਕਰਨ ਲਈ ਕਿਹਾ ਗਿਆ ਹੈ। ਅਦਾਲਤ ਨੇ ਉਨ੍ਹਾਂ ਤੋਂ ਗਵਾਹਾਂ ਨੂੰ ਪ੍ਰਭਾਵਿਤ ਜਾਂ ਸਬੂਤਾਂ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਨਹੀਂ ਕਰਨ ਲਈ ਕਿਹਾ ਹੈ। ਦੋਹਾਂ ਦੋਸ਼ੀਆਂ ਨੂੰ 25 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ।