ਅੰਮ੍ਰਿਤਸਰ, – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਨਵੀਂ ਕਾਂਗਰਸ ਸਰਕਾਰ ਨੂੰ ਅਕਾਲੀ-ਭਾਜਪਾ ਸਰਕਾਰ ਵੱਲੋਂ ਸਰਹੱਦੀ ਕਿਸਾਨਾਂ ਨੂੰ ਦਿੱਤਾ ਮੁਆਵਜ਼ਾ ਰੋਕਣ ਅਤੇ ਕਿਸਾਨਾਂ ਨੂੰ ਦਿੱਤੇ ਹੋਏ ਚੈੱਕ ਵਾਪਸ ਲੈਣ ਵਾਸਤੇ ਸਖਤ ਝਾੜ ਪਾਉਂਦੇ ਹੋਏ ਕਿਹਾ ਕਿ ਜੇਕਰ ਰੋਕਿਆ ਮੁਆਵਜ਼ਾ ਦੇਣਾ ਤੁਰੰਤ ਸ਼ੁਰੂ ਨਾ ਕੀਤਾ ਤਾਂ ਅਕਾਲੀ ਦਲ ਮਜੀਠਾ ਖੇਤਰ ਵਿਚ ਇਸ ਮੁੱਦੇ ਨੂੰ ਲੈ ਕੇ ਅੰਦੋਲਨ ਸ਼ੁਰੂ ਕਰੇਗਾ। ਇਸ ਬਾਰੇ ਮਾਝਾ ਦੇ ਸੀਨੀਅਰ ਅਕਾਲੀ ਆਗੂਆਂ ਗੁਲਜ਼ਾਰ ਸਿੰਘ ਰਣੀਕੇ, ਵਿਰਸਾ ਸਿੰਘ ਵਲਟੋਹਾ ਤੇ ਹਰਮੀਤ ਸਿੰਘ ਢਿੱਲੋਂ ਨੇ ਕਿਹਾ ਕਿ ਨਵੀਂ ਕਾਂਗਰਸ ਸਰਕਾਰ ਕੰਡਿਆਲੀ ਤਾਰ ਤੋਂ ਪਾਰ ਜ਼ਮੀਨਾਂ ਵਾਲੇ ਸਰਹੱਦੀ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣਾ ਬੰਦ ਕਰ ਚੁੱਕੀ ਹੈ। ਸਰਕਾਰ ਦੀ ਇਹ ਹਰਕਤ ਤਾਂ ਨਿੰਦਣਯੋਗ ਹੈ ਹੀ, ਇਸ ਤੋਂ ਵੀ ਕੋਝੀ ਹਰਕਤ ਇਹ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਦਿੱਤੇ ਜਾ ਚੁੱਕੇ ਮੁਆਵਜ਼ੇ ਦੇ ਚੈੱਕ ਵੀ ਵਾਪਸ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਤੱਕ ਪਹੁੰਚ ਕੀਤੀ ਹੈ ਤੇ ਇਹ ਕਹਿ ਕੇ ਉਨ੍ਹਾਂ ਤੋਂ ਚੈੱਕ ਵਾਪਸ ਲੈ ਲਏ ਹਨ ਕਿ ਬਾਅਦ ਵਿਚ ਉਨ੍ਹਾਂ ਨੂੰ ਦੁਬਾਰਾ ਚੈੱਕ ਜਾਰੀ ਕਰ ਦਿੱਤੇ ਜਾਣਗੇ। ਅਕਾਲੀ ਆਗੂਆਂ ਨੇ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਕੰਡਿਆਲੀ ਤਾਰ ਤੋਂ ਪਾਰ ਜਾ ਕੇ ਖੇਤੀ ਕਰਨ ਵਾਲੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਵੇਖਦੇ ਹੋਏ 2016 ਵਿਚ ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਦੀ ਮੁਆਵਜ਼ਾ ਰਾਸ਼ੀ ਵਧਾ ਕੇ 10 ਹਜ਼ਾਰ ਰੁਪਏ ਪ੍ਰਤੀ ਏਕੜ ਕਰ ਦਿੱਤੀ ਸੀ। ਇਸ ਕੰਮ ਵਾਸਤੇ ਪੈਸਾ ਵੀ ਮਨਜ਼ੂਰ ਹੋ ਗਿਆ ਸੀ ਅਤੇ ਜ਼ਿਲਾ ਹੈੱਡਕੁਆਰਟਰਾਂ ਵਿਚ ਭੇਜ ਦਿੱਤਾ ਗਿਆ ਸੀ। ਇਸ ਵਿਚੋਂ ਕੁਝ ਪੈਸਾ ਕਿਸਾਨਾਂ ਨੂੰ ਵੰਡ ਵੀ ਦਿੱਤਾ ਗਿਆ ਸੀ। ਇਸੇ ਦੌਰਾਨ ਚੋਣ ਜ਼ਾਬਤਾ ਲੱਗ ਗਿਆ ਤੇ ਇਸ ਕਾਰਵਾਈ ਨੂੰ ਮੁਕੰਮਲ ਨਹੀਂ ਸੀ ਕੀਤਾ ਜਾ ਸਕਿਆ। ਹੁਣ ਸਾਨੂੰ ਪਤਾ ਲੱਗਾ ਕਿ ਜਿਨ੍ਹਾਂ ਕਿਸਾਨਾਂ ਨੂੰ ਚੈੱਕ ਦੇ ਦਿੱਤੇ ਗਏ ਸਨ, ਮਾਲ ਅਧਿਕਾਰੀਆਂ ਨੇ ਉਨ੍ਹਾਂ ਤੋਂ ਉਹ ਚੈੱਕ ਵਾਪਸ ਲੈ ਲਏ ਹਨ। ਇਥੋਂ ਤੱਕ ਕਿ ਇਸ ਕੰਮ ਲਈ ਜ਼ਿਲਾ ਹੈੱਡਕੁਆਰਟਰਾਂ ਵਿਚ ਭੇਜਿਆ ਗਿਆ ਪੈਸਾ ਵੀ ਵਾਪਸ ਚੰਡੀਗੜ੍ਹ ਮੰਗਵਾ ਲਿਆ ਗਿਆ ਹੈ, ਜਿਸ ਨਾਲ ਕਿਸਾਨਾਂ ਵਿਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ।