ਜਲੰਧਰ,— ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਪਰ ਸਰਕਾਰ ਵਲੋਂ ਵਾਪਰੀਆਂ ਇਨ੍ਹਾਂ ਘਟਨਾਵਾਂ ਲਈ ਇਨਸਾਫ ਦੇਣ ਦੀ ਕੋਸ਼ਿਸ਼ ਨਹੀਂ ਕੀਤੀ ਗਈ ਜਿਸ ਸਬੰਧੀ ਸੰਗਤਾਂ ਦੇ ਮਨਾਂ ‘ਚ ਭਾਰੀ ਰੋਸ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਪ੍ਰੈੱਸ ਕਾਨਫਰੰਸ ‘ਚ ਬੀਤੇ ਸਾਲ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਦੌਰਾਨ ਥਾਪੇ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰਨੀ ਜਥੇਦਾਰ ਧਿਆਨ ਸਿੰਘ ਮੰਡ ਨੇ ਕੀਤਾ। ਉਨ੍ਹਾਂ ਗੁਰਦਆਰਾ ਸੁਧਾਰ ਲਹਿਰ ਚਲਾਉਣ ਦਾ ਐਲਾਨ ਕਰਦਿਆਂ ਕਿਹਾ ਕਿ  ਇਸ ਸੰਬੰਧੀ ਗ੍ਰੰਥੀ ਸਾਹਿਬਾਨ, ਪਾਠੀ ਸਾਹਿਬਾਨ ਨੂੰ ਲਾਮਬੰਦ ਕਰਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ‘ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜਿਸ ‘ਚ ਗ੍ਰੰਥੀ ਸਾਹਿਬਾਨ ਨੂੰ ਆ ਰਹੀਆਂ ਸਮੱਸਿਆਵਾਂ ਸੁਣ ਕੇ ਗੁਰੂ ਘਰ ਦੇ ਪ੍ਰਬੰਧ ‘ਚ ਸੁਧਾਰ ਲਈ ਲਾਮਬੰਦ ਕੀਤਾ ਜਾਵੇਗਾ।
ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰੀਆਂ ਘਟਨਾਵਾਂ ਲਈ ਸਰਕਾਰ ਨੇ ਇਨਸਾਫ ਦੇਣ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਆਉਣ ‘ਤੇ ਸਭ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰ ਕੇ ਗ੍ਰਿਫ਼ਤਾਰ ਕੀਤਾ ਜਾਵੇਗਾ ਪਰ ਕੋਈ ਆਸ ਨਜ਼ਰ ਨਹੀਂ ਆ ਰਹੀ।
ਉਨ੍ਹਾਂ ਕਿਹਾ ਕਿ ਧਾਰਮਿਕ ਪ੍ਰਬੰਧਾਂ ਵਿਚ ਸੁਧਾਰ ਲਿਆਉਣ ਲਈ ਸੰਗਤਾਂ ਨੇ ਪਹਿਲੇ ਜਥੇਦਾਰਾਂ ਨੂੰ ਰੱਦ ਕਰ ਕੇ ਜਿਹੜੀ ਸੇਵਾ ਸਰਬੱਤ ਖਾਲਸਾ ਦੌਰਾਨ ਸੰਗਤਾਂ ਨੇ ਸੌਂਪੀ ਹੈ, ਉਸ ਉਪਰ ਦ੍ਰਿੜ੍ਹਤਾ ਨਾਲ ਪਹਿਰਾ ਦਿੰਦਿਆਂ ਗੁਰਦੁਆਰਾ ਸੁਧਾਰ ਲਹਿਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਸੇ ਲੜੀ ਤਹਿਤ 22 ਜੂਨ ਤੋਂ 1 ਅਗਸਤ ਤਕ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਮੀਟਿੰਗਾਂ ਹੋਣਗੀਆਂ।
ਉਨ੍ਹਾਂ ਦੋਸ਼ ਲਗਾਇਆ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਨੂੰ ਕੁਰਬਾਨੀਆਂ ਦੇ ਕੇ ਹੋਂਦ ‘ਚ ਲਿਆਂਦਾ ਸੀ, ਜਿਸ ਦਾ ਬਜਟ ਕਰੋੜਾਂ ਰੁਪਏ ਹੈ। ਉਸ ਦੇ ਫੰਡਾਂ ਦੀ ਦੁਰਵਰਤੋਂ ਹੋ ਰਹੀ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਪ੍ਰੋਗਰਾਮ ਉਲੀਕੇ ਗਏ ਹਨ ਉਹ ਸਾਰੇ ਸ਼ਾਂਤੀਪੂਰਵਕ ਢੰਗ ਨਾਲ ਹੋਣਗੇ, ਉਨ੍ਹਾਂ ਖਦਸ਼ਾ ਜ਼ਾਹਿਰ ਕੀਤਾ ਕਿ ਸਰਕਾਰ ਨੇ ਬਹਾਨੇ ਬਣਾ ਕੇ ਕੁੱਟਮਾਰ ਕਰ ਕੇ, ਦਹਿਸ਼ਤ ਫੈਲਾਉਣ ਦੀ ਨੀਤੀ ਅਪਣਾਈ ਹੈ।
ਉਨ੍ਹਾਂ ਕਿਹਾ ਕਿ ਜਿਹੜੇ ਵਿਵਾਦਿਤ ਮੁੱਦੇ ਹਨ, ਉਨ੍ਹਾਂ ਨੂੰ ਮਿਲ ਬੈਠ ਕੇ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸੁਧਾਰ ਲਹਿਰ ਲਈ ਢਾਡੀ ਕਵੀਸ਼ਰਾਂ, ਫੈਡਰੇਸ਼ਨਾਂ, ਸਿਆਸੀ ਧਿਰਾਂ, ਸਭਾ ਸੁਸਾਇਟੀਆਂ, ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਤੇ ਹਮਖਿਆਲੀ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਗੁਰਦੁਆਰਾ ਪ੍ਰਬੰਧਾਂ ਵਿਚ ਦਲਿਤ ਭਾਈਚਾਰੇ ਦੀ ਨੁਮਾਇੰਦਗੀ ਵੀ ਲਾਜ਼ਮੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪ੍ਰਬੰਧਾਂ ਵਿਚ ਖਾਮੀਆਂ ਕਾਰਨ ਅੱਜ ਨੌਜਵਾਨ ਪਤਿਤਪੁਣੇ ਵਲ ਤੇਜ਼ੀ ਨਾਲ ਵਧ ਰਹੇ ਹਨ ਅਤੇ ਪੰਜਾਬ ਦੀ ਤ੍ਰਾਸਦੀ ਹੈ ਕਿ 60 ਫੀਸਦੀ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਹਨ।
ਇਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਬਲਜੀਤ ਸਿੰਘ ਦਾਦੂਵਾਲ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਮਰੀਕ ਸਿੰਘ ਅਜਨਾਲਾ, ਸੁਖਜੀਤ ਸਿੰਘ ਡਰੋਲੀ, ਮਨਜੀਤ ਸਿੰਘ ਰੇਰੂ ਆਦਿ ਹਾਜ਼ਰ ਸਨ।