ਅੰਮ੍ਰਿਤਸਰ – ਅੰਮ੍ਰਿਤਸਰ ਦੇ ਸੀ. ਐੱਮ. ਕੈਂਪ ‘ਚ ਪੁਲਸ ਵੱਲੋਂ ਛਾਪਾ ਮਾਰਨ ਦੇ ਮਾਮਲੇ ‘ਚ ਡੀ. ਜੀ. ਪੀ. ਦੇ ਅਦੇਸ਼ ‘ਤੇ ਅੰਮ੍ਰਿਤਸਰ ਡੀ. ਸੀ. ਪੀ. ਅਮਰਜੀਤ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ 2 ਐੱਸ. ਐੱਚ. ਓਜ਼ ਨੂੰ ਲਾਈਨ ਹਾਜ਼ਰ ਕੀਤਾ ਗਿਆ ਸੀ, ਜਿਸ ਦੇ ਨਾਲ ਕਾਂਗਰਸੀਆਂ ਦਾ ਗੁੱਸਾ ਠੰਡਾ ਨਹੀਂ ਹੋਇਆ ਸੀ ਅਤੇ ਉਨ੍ਹਾਂ ਵਰਕਰਾਂ ਦੇ ਮਾਣ-ਸਨਮਾਨ ਨੂੰ ਬਹਾਲ ਕਰਨ ਲਈ ਜਿਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਸੀ, ਉਥੇ ਉਨ੍ਹਾਂ ਨੇ ਪੁਲਸ ਕਮਿਸ਼ਨਰ ਨੂੰ 72 ਘੰਟਿਆਂ ਦਾ ਅਲਟੀਮੇਟਮ ਦੇ ਦਿੱਤਾ ਸੀ। ਵਰਕਰਾਂ ਦੀ ਮੰਗ ਨੂੰ ਧਿਆਨ ‘ਚ ਰੱਖਦਿਆਂ ਹੀ ਅੰਮ੍ਰਿਤਸਰ ਦੇ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਅਤੇ ਵਰਕਰਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਕੈਂਪ ‘ਚ ਅਕਾਲੀ ਆਕਾਵਾਂ ਦੇ ਇਸ਼ਾਰੇ ‘ਤੇ ਅਕਾਲੀਆਂ ਨੂੰ ਨਾਲ ਲੈ ਕੇ ਸੀ. ਐੱਮ. ਕੈਂਪ ‘ਤੇ ਕੀਤੇ ਗਏ ਰੇਡ ਨੂੰ ਬਹੁਤ ਗੰਭੀਰਤਾ ਨਾਲ ਲਿਆ ਅਤੇ ਕਿਹਾ ਕਿ ਇਹ ਲੋਕਤੰਤਰ ਨੂੰ ਚੁਣੌਤੀ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿਚ ਕਾਂਗਰਸ ਸਰਕਾਰ ਬਰਦਾਸ਼ਤ ਨਹੀਂ ਕਰੇਗੀ।