ਫਤਿਹਗੜ੍ਹ ਸਾਹਿਬ/ਅੰਮ੍ਰਿਤਸਰ, ਪਟਿਆਲਾ  — ਕੇਂਦਰ ਸਰਕਾਰ ਵੱਲੋਂ ਪੂਰੇ ਦੇਸ਼ ‘ਚ 1 ਜੁਲਾਈ ਤੋਂ ਲਾਗੂ ਕੀਤੇ ਜਾ ਰਹੇ ਜੀ. ਐੱਸ. ਟੀ. ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ 10 ਕਰੋੜ ਦਾ ਵਾਧੂ ਬੋਝ ਪਵੇਗਾ, ਜਿਸ ਨੂੰ ਛੋਟ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਮਿਲੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਗੁਰਦੁਆਰਿਆਂ ‘ਚ ਸਿਰੋਪਾਓ ਦੇਣ ਤੇ ਨਿਸ਼ਾਨ ਸਾਹਿਬ ਚੜ੍ਹਾਉਣ ਲਈ ਕਾਫ਼ੀ ਮਾਤਰਾ ‘ਚ ਕੱਪੜੇ ਦੀ ਲੋੜ ਹੁੰਦੀ ਹੈ ਪਰ ਕੱਪੜੇ ਅਤੇ ਰਾਸ਼ਨ ਵਗੈਰਾ ‘ਤੇ ਜੀ. ਐੱਸ. ਟੀ. ਲੱਗਣ ਨਾਲ ਸਾਲਾਨਾ ਕਰੋੜਾਂ ਰੁਪਏ ਦਾ ਵਾਧੂ ਬੋਝ ਪਵੇਗਾ। ਇਸ ਲਈ ਸਰਕਾਰ ਨੂੰ ਇਸ ‘ਤੇ ਨਜ਼ਰਸਾਨੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਅਤੇ ਗੁਰੂ ਪੰਥ ਨਾਲ ਜੋੜਨ ਲਈ ਗੁਰਮਤਿ ਚੇਤਨਾ ਕੈਂਪ ਲਾਏ ਜਾ ਰਹੇ ਹਨ ਤੇ ਸ਼੍ਰੋਮਣੀ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਤ ਕੀਤੇ ਗਏ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ 3 ਜੁਲਾਈ ਨੂੰ ਮਾਰਸ਼ਲ ਆਰਟ ਗੱਤਕਾ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਪਾਕਿਸਤਾਨ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਮਨਾਈ ਜਾਣ ਵਾਲੀ ਬਰਸੀ ਮੌਕੇ ਰਵਾਨਾ ਹੋਣ ਵਾਲੇ ਜਥੇ ਲਈ ਟਰੇਨ ਨਾ ਭੇਜਣ ‘ਤੇ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਪਹਿਲਾਂ ਤਾਂ ਕੇਂਦਰ ਸਰਕਾਰ ਵੱਲੋਂ ਪਾਕਿ ਜਾਣ ਵਾਲੇ ਜਥਿਆਂ ਨੂੰ ਵੀਜ਼ੇ ਹੀ ਨਹੀਂ ਦਿੱਤੇ ਗਏ ਤੇ ਦੂਸਰਾ ਪਾਕਿਸਤਾਨ ਜਾਣ ਵਾਲੇ ਜਥਿਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਰਗੇ ਮੁੱਦੇ ਤੋਂ ਵੀ ਪਿੱਛੇ ਹਟਣਾ ਹੋਰ ਵੀ ਮੰਦਭਾਗੀ ਗੱਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਦੇ ਪ੍ਰਚਾਰ, ਗੁਰਮਤਿ ਸੱਭਿਆਚਾਰ ਤੇ ਸਿੱਖ ਮਰਿਆਦਾ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਧਰਮ ਪ੍ਰਚਾਰ ਲਹਿਰ 1 ਜੁਲਾਈ ਤੋਂ ਆਰੰਭ ਕੀਤੀ ਜਾ ਰਹੀ ਹੈ, ਜਿਸ ਤਹਿਤ ਪਿੰਡ-ਪਿੰਡ ਜਾ ਕੇ ਸਿੱਖ ਸੰਗਤਾਂ ਨੂੰ ਗੁਰਮਤਿ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਨ ਦਾ ਯਤਨ ਕੀਤਾ ਜਾਵੇਗਾ। ਇਸ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ, ਸਮੁੱਚਾ ਅਮਲਾ ਸ਼ਾਮਲ ਹੋਵੇਗਾ।