ਜਲੰਧਰ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਖੇ ਅਤੇ ਪਾਨ ਮਸਾਲੇ ਵਰਗੇ ਪਾਬੰਦੀਸ਼ੁਦਾ ਤੰਬਾਕੂ ਪਦਾਰਥਾਂ ਦੀ ਵਿਕਰੀ ਦੀਆਂ ਕੁਝ ਹਿੱਸਿਆਂ ਤੋਂ ਮਿਲ ਰਹੀਆਂ ਰਿਪੋਰਟਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੂਬੇ ਦੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਨੂੰ ਇਨ੍ਹਾਂ ਵਸਤਾਂ ‘ਤੇ ਪਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਖੁਰਾਕ ਤੇ ਡਰੱਗ ਪ੍ਰਸ਼ਾਸਨ ਵੱਲੋਂ ਵੱਖ-ਵੱਖ ਨਾਵਾਂ ਨਾਲ ਖੁਸ਼ਬੂ ਵਾਲੇ ਅਤੇ ਚਬਾਉਣ ਵਾਲੇ ਤੰਬਾਕੂ ‘ਤੇ ਰੋਕ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਇਨ੍ਹਾਂ ਦੀ ਵਿਕਰੀ ਹੋ ਰਹੀ ਹੈ। ਮੁੱਖ ਮੰਤਰੀ ਨੇ ਇਸ ਨੂੰ ਨੋਟੀਫਿਕੇਸ਼ਨ ਦੀ ਉਲੰਘਣਾ ਕਰਾਰ ਦਿੱਤਾ ਹੈ।
ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਨੂੰ ਅਜਿਹੀਆਂ ਵਸਤਾਂ ਦੀ ਵਿਕਰੀ ‘ਤੇ ਹਰ ਹਾਲ ਵਿਚ ਰੋਕ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਕਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਬੰਦੀਸ਼ੁਦਾ ਪਦਾਰਥਾਂ ਨੂੰ ਬਣਾਉਣ ਵਾਲੇ ਸ੍ਰੋਤਾਂ ‘ਤੇ ਇਨ੍ਹਾਂ ਨੂੰ ਵੇਚਣ ਵਾਲਿਆਂ ਨੂੰ ਸਮਾਂ ਰਹਿੰਦਿਆਂ ਕਾਬੂ ਕਰਕੇ ਇਸ ਸਮੱਸਿਆ ਨੂੰ ਹੋਰ ਵਧਣ ਤੋਂ ਰੋਕਿਆ ਜਾਣਾ ਚਾਹੀਦਾ ਹੈ।