ਚੰਡੀਗੜ੍ਹ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬਾ ਵਾਸੀਆਂ ਬੁਨਿਆਦੀ ਸਹੂਲਤਾਂ ਅਤੇ ਆਫਤਨ ਪ੍ਰਬੰਧਨ ਸੇਵਾਵਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਦਿਸ਼ਾ ਵਿੱਚ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ 11 ਮਿਉਂਸਪਲ ਸ਼ਹਿਰਾਂ ਨੂੰ 11 ਆਧੁਨਿਕ ਫਾਇਰ ਵਾਹਨ ਸੌਂਪੇ ਜਾ ਰਹੇ ਹਨ। ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਸੈਕਟਰ-35 ਸਥਿਤ ਪੰਜਾਬ ਮਿਉਂਸਪਲ ਭਵਨ ਵਿਖੇ ਸਬੰਧਤ ਸ਼ਹਿਰਾਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ 11 ਫਾਇਰ ਵਾਹਨਾਂ ਨੂੰ ਹਰੀ ਝੰਡੀ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਇਸ ਮੌਕੇ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਤੇ ਜੰਗਲਾਤ ਤੇ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਵੀ  ਹਾਜ਼ਰ ਸਨ।
ਸ. ਸਿੱਧੂ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਹਾਲ ਹੀ ਵਿੱਚ ਹੋਏ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ੍ਰੀ ਅਮਨ ਅਰੋੜਾ ਦੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਸਭ ਤੋਂ ਪਹਿਲਾਂ ਫਾਇਰ ਵਾਹਨ ਸ਼ਹੀਦ ਊਧਮ ਸਿੰਘ ਦੀ ਇਤਿਹਾਸਕ ਧਰਤੀ ਸੁਨਾਮ ਸ਼ਹਿਰ ਨੂੰ ਦਿੱਤੀ ਜਾਵੇ। ਸ. ਸਿੱਧੂ ਨੇ ਕਿਹਾ ਕਿ ਅੱਜ ਉਨ੍ਹਾਂ ਨੇ ਇਹ ਵਾਅਦਾ ਪੂਰਾ ਕਰਦਿਆਂ ਸੁਨਾਮ ਸ਼ਹਿਰ ਨੂੰ ਸਭ ਤੋਂ ਪਹਿਲਾ ਫਾਇਰ ਵਾਹਨ ਦਿੱਤਾ ਅਤੇ ਇਸ ਦੀ ਹਰੀ ਝੰਡੀ ਵੀ ਖੁਦ ਸੁਨਾਮ ਦੇ ਵਿਧਾਇਕ ਸ੍ਰੀ ਅਮਨ ਅਰੋੜਾ ਕੋਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੂਰੇ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪ੍ਰਸ਼ਾਸਨਿਕ ਸੇਵਾਵਾਂ ਦੇਣ ਵਿੱਚ ਕੋਈ ਮੱਤਭੇਦ ਨਹੀਂ ਕੀਤਾ ਜਾ ਰਿਹਾ ਹੈ।
ਸ. ਸਿੱਧੂ ਨੇ ਕਿਹਾ ਕਿ ਫਾਇਰ ਸੇਵਾਵਾਂ ਤੇ ਐਬੂਲੈਸ ਅਜਿਹੀਆਂ ਸੇਵਾਵਾਂ ਵਿੱਚ ਸ਼ਾਮਲ ਹਨ ਜਿਹੜੀਆਂ ਤੁਰੰਤ ਬਿਨਾਂ ਕਿਸੇ ਦੇਰੀ ਦੇ ਦੇਣੀਆਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀ ਇਸੇ ਜ਼ਿੰਮੇਵਾਰੀ ਨੂੰ ਸਮਝਦੀ ਹੋਈ ਸੂਬਾ ਵਾਸੀਆਂ ਨੂੰ ਫਾਇਰ ਸੇਵਾਵਾਂ ਦੇਣ ਲਈ ਵੱਡੇ ਪੱਧਰ ‘ਤੇ ਇਸ ਖੇਤਰ ਵਿੱਚ ਸੁਧਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਫਾਇਰ ਸੇਵਾਵਾਂ ਵਿੱਚ ਤੇਜ਼ੀ ਲਿਆਉਣ ਲਈ ਵਿਭਾਗ ਵੱਲੋਂ ਵੱਖਰਾ ਫਾਇਰ ਡਾਇਰੈਕਟੋਰੇਟ ਸਥਾਪਤ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਮਤਾ ਆਗਾਮੀ ਕੈਬਨਿਟ ਮੀਟਿੰਗ ਵਿੱਚ ਆਵੇਗਾ। ਇਸ ਦੇ ਨਾਲ ਹੀ ਫਾਇਰ ਪਪਵੈਸ਼ਨ ਐਕਟ ਵੀ ਲਿਆਂਦਾ ਜਾ ਰਿਹਾ ਹੈ ਜਿਸ ਨਾਲ ਵੱਡੀਆਂ ਇਮਾਰਾਤਾਂ ਵਿੱਚ ਅੱਗ ਲੱਗਣ ਦੀਆਂ ਵਾਪਰਦੀਆਂ ਘਟਨਾਵਾਂ ਵਿੱਚ ਗਿਰਾਵਟ ਆਵੇਗੀ। ਉਨ੍ਹਾਂ ਕਿਹਾ ਕਿ ਫਾਇਰ ਮੈਨ ਨੂੰ ਫਾਇਰ ਜੈਕਟਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਤਾਂ ਜੋ ਹੰਗਾਮੀ ਹਾਲਤਾਂ ਵਿੱਚ ਉਹ ਆਪਣੀ ਡਿਊਟੀ ਸੁਖਾਲਿਆ ਕਰ ਸਕਣ। ਇਸੇ ਤਰ੍ਹਾਂ ਹਰ ਸਾਲ 17 ਤੋਂ 21 ਅਪਰੈਲ ਤੱਕ ਫਾਇਰ ਸਪਤਾਹ ਮਨਾਇਆ ਜਾਵੇਗਾ ਜਿਸ ਦੌਰਾਨ ਫਾਇਰ ਸੇਵਾਵਾਂ ਵਿੱਚ ਜੁੜੇ ਕਰਮਚਾਰੀਆਂ ਨੂੰ ਸਨਮਾਨਤ ਕੀਤਾ ਜਾਵੇਗਾ।
ਸ. ਸਿੱਧੂ ਨੇ ਦੱਸਿਆ ਕਿ ਅੱਜ ਸੁਨਾਮ, ਜਲੰਧਰ, ਪਠਾਨਕੋਟ, ਗੁਰਦਾਸਪੁਰ, ਦੀਨਾਨਗਰ, ਧੂਰੀ, ਫਰੀਦਕੋਟ, ਨਾਭਾ, ਡੇਰਾ ਬਾਬਾ ਨਾਨਕ, ਰਾਏਕੋਟ ਤੇ ਨਕੋਦਰ ਸ਼ਹਿਰਾਂ ਨੂੰ ਫਾਇਰ ਵਾਹਨ ਦਿੱਤੇ ਗਏ ਹਨ ਅਤੇ ਆਉਂਦੇ ਹਫਤੇ 8 ਹੋਰ ਫਾਇਪ ਵਾਹਨ ਹੋਰ ਸ਼ਹਿਰਾਂ ਨੂੰ ਦਿੱਤੇ ਜਾਣਗੇ। ਇਨ੍ਹਾਂ ਨਵੇਂ ਅੱਠ ਵਾਹਨਾਂ ਵਿੱਚੋਂ 2-2 ਵਾਹਨ ਅੰਮ੍ਰਿਤਸਰ, ਬਠਿੰਡਾ ਤੇ ਲੁਧਿਆਣਾ ਅਤੇ ਇਕ-ਇਕ ਜਲੰਧਰ ਤੇ ਪਟਿਆਲਾ ਨੂੰ ਦਿੱਤਾ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਫਾਇਰ ਸੇਵਾਵਾਂ ਦੇ ਖੇਤਰ ਵਿੱਚ ਕੋਈ ਕਦਮ ਨਹੀਂ ਚੁੱਕੇ ਗਏ ਜਿਸ ਕਾਰਨ ਅੱਜ ਸੂਬੇ ਦੀਆਂ ਫਾਇਰ ਸੇਵਾਵਾਂ ਵਿੱਚ ਨਿਘਾਰ ਆਇਆ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ ਕੁੱਲ 54 ਫਾਇਰ ਸਟੇਸ਼ਨਾਂ ਲਈ ਸਿਰਫ 195 ਫਾਇਰ ਵਾਹਨ ਜਿਨ੍ਹਾਂ ਵਿੱਚੋਂ 114 ਸਮਾਂ ਵਿਹਾਅ ਚੁੱਕੇ ਹਨ। ਉਨ੍ਹਾਂ ਕਿਹਾ ਕਿ 50 ਹਜ਼ਾਰ ਦੀ ਵਸੋਂ ਪਿੱਛੇ ਇਕ ਫਾਇਰ ਬ੍ਰਿਗੇਡ ਚਾਹੀਦਾ ਹੈ ਅਤੇ ਵਿਭਾਗ ਵੱਲੋਂ ਹੁਣ ਇਸ ਖੇਤਰ ਵਿੱਚ ਸੁਧਾਰ ਲਿਆਉਣ ਲਈ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੇਂਦਰ ਸਰਕਾਰ ਵੱਲੋਂ ਆਫਤਨ ਪ੍ਰਬੰਧਨ ਹੇਠ ਫਾਇਰ ਸੇਵਾਵਾਂ ਲਈ 90 ਕਰੋੜ ਰੁਪਏ ਦੀ ਗਰਾਂਟ ਆਈ ਜਿਸ ਵਿੱਚ ਸਿਰਫ 17 ਕਰੋੜ ਰੁਪਏ ਹੀ ਖਰਚੇ ਗਏ ਜਦੋਂ ਕਿ ਬਾਕੀ ਬਿਨਾਂ ਖਰਚੇ ਵਾਪਸ ਹੋ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਭਾਗ ਇਸ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਕੇ ਕੰਮ ਕਰੇਗਾ।
ਸ. ਸਿੱਧੂ ਨੇ ਇਸ ਮੌਕੇ ਦੋਵਾਂ ਮੰਤਰੀਆਂ ਸ੍ਰੀਮਤੀ ਅਰੁਨਾ ਚੌਧਰੀ ਤੇ ਸ. ਸਾਧੂ ਸਿੰਘ ਧਰਮਸੋਤ ਦਾ ਵੀ ਧੰਨਵਾਦ ਕੀਤਾ ਜਿਹੜੇ ਆਪੋ-ਆਪਣੇ ਸ਼ਹਿਰਾਂ ਨੂੰ ਫਾਇਰ ਵਾਹਨ ਜਾਰੀ ਕਰਨ ਮੌਕੇ ਹਾਜ਼ਰ ਹੋਏ। ਇਸ ਮੌਕੇ ਸ੍ਰੀ ਅਮਨ ਅਰੋੜਾ, ਸ. ਸੁਖਜਿੰਦਰ ਸਿੰਘ ਰੰਧਾਵਾ, ਸ. ਪਰਗਟ ਸਿੰਘ, ਸ੍ਰੀ ਰਾਜਿੰਦਰ ਬੇਰੀ, ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ. ਬਰਿੰਦਰਜੀਤ ਸਿੰਘ ਪਾਹੜਾ, ਸ. ਦਲਵੀਰ ਸਿੰਘ ਗੋਲਡੀ, ਸ੍ਰੀ ਅਮਿਤ ਵਿੱਜ, ਵਿਭਾਗ ਦੇ ਸਲਾਹਕਾਰ ਡਾ.ਅਮਰ ਸਿੰਘ, ਕਾਂਗਰਸੀ ਆਗੂ ਸ੍ਰੀਮਤੀ ਦਾਮਨ ਥਿੰਦ ਬਾਜਵਾ, ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸਤੀਸ਼ ਚੰਦਰਾ ਤੇ ਡਾਇਰੈਕਟਰ ਸ੍ਰੀ ਕੇ.ਕੇ.ਯਾਦਵ ਵੀ ਹਾਜ਼ਰ ਸਨ।