ਚੰਡੀਗੜ੍ਹ -ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ|
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਚੱਲ ਰਹੇ ਲੁਧਿਆਣਾ ਸਿਟੀ ਸਕੈਮ ਕੇਸ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸ ਕੇਸ ਦੀ ਜਾਂਚ ਸੀਬੀਆਈ ਤੋਂ ਕਰਾਉਣ ਅਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਰੇਤ ਘੋਟਾਲੇ ਮਾਮਲੇ ਵਿਚ ਕਲੀਨ ਚਿੱਟ ਮੁੱਦੇ ਤੇ ਅੱਜ ਮੁੱਖ ਮੰਤਰੀ ਨਿਵਾਸ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੋਇਆ ਸੀ|
ਇਸ ਦੌਰਾਨ ਅੱਜ ਜਿਵੇਂ ਹੀ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਮੁੱਖ ਮੰਤਰੀ ਦੀ ਕੋਠੀ ਵੱਲ ਅੱਗੇ ਵਧੇ ਤਾਂ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਲਿਆ ਅਤੇ ਧਾਰਾ 144 ਤੋੜਨ ਕਾਰਨ ਉਨ੍ਹਾਂ ਨੂੰ ਜਬਰਦਸਤੀ ਬੱਸਾਂ ਵਿਚ ਬਿਠਾਇਆ ਗਿਆ|
ਇਸ ਦੌਰਾਨ ਆਪ ਆਗੂਆਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਵੀ ਹੋਈ ਅਤੇ ਪੁਲਿਸ ਵੱਲੋਂ ਆਪ ਆਗੂਆਂ ਉਤੇ ਪਾਣੀ ਦੀਆਂ ਵਾਛੜਾਂ ਵੀ ਕੀਤੀਆਂ ਗਈਆਂ| ਪੁਲਿਸ ਵੱਲੋਂ ਆਗ ਆਗੂਆਂ ਨੂੰ ਚੰਡੀਗੜ੍ਹ ਸੈਕਟਰ-17 ਸਥਿਤ ਪੁਲਿਸ ਥਾਣੇ ਲਿਆਂਦਾ ਗਿਆ ਹੈ|