ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦਿੱਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪੰਜਾਬ ਵਿਚ ਇਕ ਗਠਜੋੜ ਬਣਾ ਕੇ ਲੜੇਗੀ। ਇਹ ਕਹਿਣਾ ਹੈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦਾ। ਸਰਨਾ ਐਤਵਾਰ ਨੂੰ ਅੰਮ੍ਰਿਤਸਰ ਵਿਚ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸਰਨਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਉਨ੍ਹਾਂ ਨੇ ਗੁਰਦੁਆਰਾ ਚੋਣ ਕਮਿਸ਼ਨ ਦੀ ਨਿਯੁਕਤੀ ਅਤੇ ਨਵੇਂ ਸਿਰਿਓਂ ਸਾਰੀਆਂ ਵੋਟਾਂ ਬਣਾਉਣ ਲਈ ਪੰਜਾਬ ਸਰਕਾਰ ਨੂੰ ਹੁਣ ਤੋਂ ਹੀ ਉਪਰਾਲਾ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਮੌਜੂਦਾ ਗੁਰਦੁਆਰਾ ਕਮੇਟੀ ਦੀ ਵੋਟਰ ਸੂਚੀ ਹੈ ਉਸ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਚਾਹੀਦਾ ਹੈ। ਸਰਨਾ ਨੇ ਕਿਹਾ ਕਿ ਇਸ ਸੂਚੀ ਸੋਧਣ ਦੀ ਬਜਾਏ ਨਵੇਂ ਸਿਰਿਓਂ ਤਿਆਰ ਕਰਨਾ ਚਾਹੀਦਾ ਹੈ ਕਿਉਂਕਿ ਇਹ ਵੋਟਾਂ ਜਾਲੀਸਾਜ਼ੀ ਨਾਲ ਬਣੀਆਂ ਹਨ।
ਉਨ੍ਹਾਂ ਕਿਹਾ ਕਿ ਨਵੀਂਆਂ ਵੋਟਾਂ ਬਣਨਗੀਆਂ, ਨਵਾਂ ਗਠਜੋੜ ਬਣੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਸ਼੍ਰੋਮਣੀ ਕਮੇਟੀ ‘ਚੋਂ ਸਫਾਇਆ ਨਿਸ਼ਚਿਤ ਹੋਵੇਗਾ। ਇਸ ਦੌਰਾਨ ਸਰਨਾ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਵੱਡੇ ਸ਼ਬਦੀ ਹਮਲੇ ਬੋਲੇ।