ਤਪਾ ਮੰਡੀ — ਪੰਜਾਬ ਸਰਕਾਰ ਵਲੋਂ ਬਠਿੰਡਾ ਥਰਮਲ ਪਲਾਂਟ ਬੰਦ ਕਰਨ ਦਾ ਵਿਰੋਧ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ‘ਤੇ ਥਰਮਲ ਬੰਦ ਕਰਨ ਦੇ ਵਿਰੋਧ ‘ਚ ਸਬ ਡਿਵੀਜ਼ਨ ਤਲਵੰਡੀ ਸਾਬੋ ਵਿਖੇ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਜਿਸ ‘ਚ ਪਾਵਰਕੋਮ ਦੇ ਸਮੂਹ ਮੁਲਾਜ਼ਮਾਂ ਨੇ ਵੱਡੀ ਗਿਣਤੀ ‘ਚ ਕਾਲੇ ਬਿੱਲੇ ਲਗਾ ਕੇ ਸ਼ਮੂਲੀਅਤ ਕੀਤੀ। ਥਰਮਲ ਪਲਾਂਟ ਬੰਦ ਕਰਨ ਦੇ ਵਿਰੋਧ ‘ਚ ਪਹਿਲਾਂ ਤਲਵੰਡੀ ਸਾਬੋ ਬਿਜਲੀ ਗਰੀਡ ਵਿਖੇ ਰੋਸ ਰੈਲੀ ਕੀਤੀ ਗਈ, ਜਿਸ ਤੋਂ ਬਾਅਦ ਸਰਕਾਰ ਦਾ ਅਰਥੀਫੂਕ ਮੁਜ਼ਾਹਰਾ ਕੀਤਾ। ਜਿਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਪਾਵਰਕੋਮ ਦੇ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ। ਆਗੂਆਂ ਨੇ ਪੰਜਾਬ ਸਰਕਾਰ ਦੇ ਥਰਮਲ ਬੰਦ ਕਰਨ ਦੇ ਫੈਸਲੇ ਦੀ ਸਖਤ ਸ਼ਬਦਾਂ ‘ਚ ਨਿਖੇਦੀ ਕਰਦੇ ਹੋਏ ਸਰਕਾਰ ‘ਤੇ ਲੋਕਾਂ ਨਾਲ ਵਾਅਦਾ ਖਿਲਾਫੀ ਦੇ ਦੋਸ਼ ਵੀ ਲਗਾਏ। ਆਗੂਆਂ ਨੇ ਕਿਹਾ ਕਿ ਥਰਮਲ ਪਲਾਂਟ ਨੂੰ ਕਿਸੇ ਕੀਮਤ ‘ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ, ਜਿਸ ਲਈ 3 ਜਨਵਰੀ ਨੂੰ ਬਠਿੰਡਾ ਵਿਖੇ ਵੱਡਾ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।