ਜਖਮੀ ਸਕੂਲੀ ਬੱਚਿਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ
ਹਰ ਸੰਭਵ ਮਦਦ ਦਾ ਭਰੋਸਾ
ਚੰਡੀਗੜ੍ਹ : ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਗੋਰਾਇਆ ਨੇੜੇ ਵਾਪਰੇ ਸੜਕੀ ਹਾਦਸੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿਚ ਇੱਕ ਅਧਿਆਪਕ ਦੀ ਮੌਤ ਹੋ ਗਈ ਜਦੋਂਕਿ 20 ਸਕੂਲੀ ਬੱਚੇ ਜਖਮੀ ਹੋ ਗਏ। ਦੱਸਣਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਤੁੰਗਾਂ (ਸੰਗਰੂਰ) ਦੇ ਵਿਦਿਆਰਥੀ ਅਤੇ ਅਧਿਆਪਕ ਪੀ.ਆਰ.ਟੀ.ਸੀ. ਦੀ ਬੱਸ ਵਿਚ ਸਵਾਰ ਹੋ ਕੇ ਸਾਇੰਸ ਸਿਟੀ ਵੱਲ ਜਾ ਰਹੇ ਸਨ ਜਦੋਂ ਉਨ੍ਹਾਂ ਦੀ ਬੱਸ ਇੱਕ ਸਟੇਸ਼ਨਰੀ ਟਰੱਕ ਨਾਲ ਟਕਰਾ ਗਈ।
ਸ੍ਰੀਮਤੀ ਚੌਧਰੀ ਨੇ ਮ੍ਰਿਤਕ ਅਧਿਆਪਕ ਦੀ ਮੌਤ ਅਤੇ ਬੱਚਿਆਂ ਦੇ ਜਖਮੀ ਹੋਣ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਹਰਕਵਲਜੀਤ ਕੌਰ ਨੂੰ ਮੌਕੇ ‘ਤੇ ਪਹੁੰਚਣ ਦੇ ਹੁਕਮ ਦੇ ਦਿੱਤੇ ਗਏ ਹਨ। ਜਖਮੀ ਬੱਚਿਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹੋਏ ਸ੍ਰੀਮਤੀ ਚੌਧਰੀ ਨੇ ਭਰੋਸਾ ਦਿੱਤਾ ਕਿ ਜਖਮੀ ਬੱਚਿਆਂ ਅਤੇ ਮ੍ਰਿਤਕ ਅਧਿਆਪਕ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।
ਸ੍ਰੀਮਤੀ ਚੌਧਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।