ਨਵੀਂ ਦਿੱਲੀ— ਆਮ ਆਦਮੀ ਪਾਰਟੀ ਵਿਧਾਇਕਾਂ ਵੱਲੋਂ ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨਾਲ ਕੁੱਟਮਾਰ ਦੇ ਮਾਮਲੇ ‘ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਫ਼ਸਰਾਂ ਨਾਲ ਮਿਲ ਕੇ ਕੰਮ ਕਰਨ ਲਈ ਕਿਹਾ ਹੈ। ਸ਼ੁੱਕਰਵਾਰ ਨੂੰ ਦਿੱਲੀ ਪੁਲਸ ਵੱਲੋਂ ਸੀ.ਐੱਮ. ਰਿਹਾਇਸ਼ ‘ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਤੋਂ ਬਾਅਦ ਮਮਤਾ ਨੇ ਕੇਜਰੀਵਾਲ ਨਾਲ ਗੱਲ ਕੀਤੀ ਸੀ।
ਉਨ੍ਹਾਂ ਨੇ ਕੇਜਰੀਵਾਲ ਨੂੰ ਕਿਹਾ ਕਿ ਅਫ਼ਸਰਾਂ ਨਾਲ ਮਿਲ ਕੇ ਚੰਗੀ ਤਰ੍ਹਾਂ ਕੰਮ ਕਰਨਾ ਚਾਹੀਦਾ ਅਤੇ ਹਮੇਸ਼ਾ ਉਨ੍ਹਾਂ ਨੂੰ ਆਪਣੇ ਵੱਲ ਰੱਖਣਾ ਚਾਹੀਦਾ। ਇਸ ਨਾਲ ਫਾਇਦਾ ਉਨ੍ਹਾਂ ਨੂੰ ਵੀ ਹੋਵੇਗਾ ਨਹੀਂ ਤਾਂ ਦੂਜੇ ਦਲ ਇਸ ਦਾ ਫਾਇਦਾ ਚੁੱਕ ਸਕਦੇ ਹਨ। ਸੂਤਰਾਂ ਅਨੁਸਾਰ ਮਮਤਾ ਨੇ ਕੇਜਰੀਵਾਲ ਨੂੰ ਸਲਾਹ ਦਿੱਤੀ ਸੀ ਕਿ ਇਸ ਮਾਮਲੇ ਨੂੰ ਜ਼ਿਆਦਾ ਵਧਾਉਣ ਨਾਲੋਂ ਬਿਹਤਰ ਹੈ ਕਿ ਅਧਿਕਾਰੀਆਂ ਨਾਲ ਬੈਠ ਕੇ ਗੱਲਬਾਤ ਰਾਹੀਂ ਇਸ ਨੂੰ ਸੁਲਝਾਇਆ ਜਾਵੇ। ਉੱਥੇ ਹੀ ਜਦੋਂ ਮੁੱਖ ਸਕੱਤਰ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਸੀ, ਉਦੋਂ ਵੀ ਤ੍ਰਿਣਮੂਲ ਕਾਂਗਰਸ ਵੱਲੋਂ ਇਸ ਬਾਰੇ ਕੋਈ ਬਿਆਨ ਨਹੀਂ ਆਇਆ ਸੀ।