ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ਼ੈਰ ਕਾਨੂੰਨੀ ਖਣਨ ਅਤੇ ਅਖੌਤੀ ‘ਗੁੰਡਾ ਟੈਕਸ‘ ਰੋਕਣ ਲਈ ਸੂਬੇ ਦੇ ਡਿਪਟੀ ਕਮਿਸ਼ਨਰਾਂ ਅਤੇ ਜਿਲ੍ਹਾ ਪੁਲੀਸ ਮੁਖੀਆਂ ਨੂੰ ਤਿੱਖਾ ਹੱਲਾ ਬੋਲਣ ਲਈ ਹੁਕਮ ਜਾਰੀ ਕੀਤੇ ਹਨ ਅਤੇ ਕਿਹਾ ਹੈ ਕਿ ਇਨ੍ਹਾਂ ਨੂੰ ਪੂਰੀ ਸਖ਼ਤੀ ਅਤੇ ਦਿ੍ੜਤਾ ਨਾਲ ਹਰ ਹਾਲਤ ਵਿਚ ਰੋਕਿਆ ਜਾਵੇ |
ਵੱਖ-ਵੱਖ ਜਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਜਿਲ੍ਹਾ ਪੁਲਿਸ ਮੁਖੀਆਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਗ਼ੈਰ-ਕਾਨੂੰਨੀ ਖਣਨ ਜਾਂ ਗੰੁਡਾ ਟੈਕਸ ਵਿਰੁੱਧ ਕਾਰਵਾਈ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਿਸ਼ ਨਾ ਮੰਨਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ | ਉਨ੍ਹਾਂ ਨੇ ਇਸ ਸਬੰਧ ਵਿਚ ਸਖ਼ਤੀ ਨਾਲ ਕਾਨੂੰਨਾਂ ਦਾ ਪਾਲਣ ਕਰਨ ਲਈ ਆਖਿਆ ਹੈ |
ਮੁੱਖ ਮੰਤਰੀ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਸਾਰੇ ਕਾਨੂੰਨੀ ਠੇਕੇਦਾਰਾਂ ਦੀ ਸੂਚੀ ਤਿਆਰ ਕਰਨ ਲਈ ਹਦਾਇਤਾਂ ਦਿੱਤੀਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਾਨੂੰਨੀ ਖਣਨ ਓਪਰੇਟਰ ਹੀ ਕਾਨੂੰਨ ਅਤੇ ਨਿਯਮਾਂ ਅਨੁਸਾਰ ਕਾਰਜ ਕਰ ਸਕਣ | ਉਨ੍ਹਾਂ ਕਿਹਾ ਕਿ ਅਜਿਹੀਆਂ ਸਰਗਰਮੀਆਂ ਵਿਚ ਪੁਲਿਸ ਜਾਂ ਸਿਵਲ ਪ੍ਰਸ਼ਾਸਨ ਦੇ ਕਿਸੇ ਵਿਅਕਤੀ ਦੀ ਸ਼ਮੂਲੀਅਤ ਜਾਂ ਮਿਲੀਭੁਗਤ ਸਹਿਣ ਨਹੀਂ ਕੀਤੀ ਜਾਵੇਗੀ | ਉਨ੍ਹਾਂ ਨੇ ਗ਼ੈਰ-ਕਾਨੂੰਨੀ ਖਣਨ ਲਈ ਜਿਲ੍ਹਾ ਪੁਲਿਸ ਮੁੱਖੀਆਂ ਨੂੰ ਸਿੱਧੇ ਤੌਰ ਤੇ ਜ਼ਿੰਮੇਵਾਰ ਬਣਾਉਣ ਦੀ ਚੇਤਾਵਨੀ ਦਿੱਤੀ |
‘ਗੁੰਡਾ ਟੈਕਸ‘ ਨੂੰ ਪੂਰੀ ਤਰ੍ਹਾਂ ਗ਼ੈਰ-ਕਾਨੂੰਨੀ ਦੱਸਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਸਪਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਇਸ ਸਬੰਧ ਵਿਚ ਰੱਤੀ ਭਰ ਵੀ ਢਿੱਲ ਨਹੀਂ ਸਹਿਣ ਕਰੇਗੀ |
ਇਸ ਸਬੰਧ ਵਿਚ ਟਾਲ-ਮਟੋਲ ਦੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਗ਼ੈਰ-ਕਾਨੂੰਨੀ ਵਪਾਰ ਅਤੇ ਭਿ੍ਸ਼ਟਾਚਾਰ ਦੇ ਖ਼ਾਤਮੇ ਵਿਚ ਇਕ ਸਾਲ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਦਾ ਕੌਈ ਵੀ ਬਹਾਨਾ ਨਹੀਂ ਹੋਣਾ ਚਾਹੀਦਾ | ਉਨ੍ਹਾਂ ਨੇ ਅਧਿਕਾਰੀਆਂ ਨੂੰ ਹੋਰ ਵੀ ਵੱਧ ਸਰਗਰਮੀ ਨਾਲ ਵੱਡੇ ਮਗਰਮੱਛਾਂ ਨੂੰ ਨੱਪਣ ਲਈ ਨਿਰਦੇਸ਼ ਦਿੱਤੇ ਤਾਂ ਜੋ ਸਰਕਾਰੀ ਪ੍ਰਣਾਲੀ ਨੂੰ ਸਾਫ਼-ਸੁਥਰਾ ਬਣਾਉਣ ਦੀ ਪ੍ਰਕਿਰਿਆ ਨੂੰ ਮਜ਼ਬੂਤ ਕੀਤਾ ਜਾ ਸਕੇ |
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰੇ ਪੱਧਰਾਂ ਉੱਤੇ ਭਿ੍ਸ਼ਟਾਚਾਰ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਨੇ ਪ੍ਰਣਾਲੀ ਵਿਚ ਸੁਧਾਰ ਲਿਆਉਣ ਲਈ ਡਿਪਟੀ ਕਮਿਸ਼ਨਰਾਂ ਅਤੇ ਜਿਲ੍ਹਾ ਪੁਲਿਸ ਮੁਖੀਆਂ ਦੇ ਪੂਰੇ ਤਾਲਮੇਲ ਨਾਲ ਕੰਮ ਕਰਨ ਦੀ ਜ਼ਰੂਰਤ ਤੇ ਜੋਰ ਦਿੱਤਾ | ਉਨ੍ਹਾਂ ਨੇ ਪ੍ਰਾਪਤ ਕੰਮਾਂ/ਨਿਵੇਦਨਾਂ ‘ਤੇ ਨਿਗਰਾਨੀ ਲਈ ਆਈ.ਟੀ. ਦੀ ਵੱਡੀ ਪੱਧਰ ਤੇ ਵਰਤੋਂ ਕਰਨ ਦੀ ਅਧਿਕਾਰੀਆਂ ਨੂੰ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੇ ਹੇਠਲੇ ਦਫ਼ਤਰਾਂ ਦੀ ਨਿਯਮਤ ਚੈਕਿੰਗ ਅਤੇ ਜਾਂਚ ਹੋ ਸਕੇ |
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਜੰਗ ਨੂੰ ਸਖ਼ਤੀ ਨਾਲ ਅਮਲ ਵਿਚ ਲਿਆਉਣ ਨੂੰ ਯਕੀਨੀ ਬਣਾਉਣ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਉਨ੍ਹਾਂ ਨੇ ਇਸ ਸਬੰਧ ਵਿਚ ਵਿਸ਼ੇਸ਼ ਸਟਾਫ ਫੋਰਸ ਅਤੇ ਜਿਲ੍ਹਾ ਪੁਲਿਸ ਵਿਚਕਾਰ ਤਾਲਮੇਲ ਰਾਹੀਂ ਮੁਹਿੰਮ ਤੇਜ਼ ਕਰਨ ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਨੂੰ ਨੇੜੇ ਦੇ ਤਾਲਮੇਲ ਨਾਲ ਕਾਰਜ ਕਰਨਾ ਚਾਹੀਦਾ ਹੈ ਅਤੇ ਨਸ਼ੇੜੀਆਂ ਦੇ ਢੁਕਵੇਂ ਮੁੜ-ਵਸੇਬੇ ਉੱਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ | ਉਨ੍ਹਾਂ ਨੇ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਠੋਸ ਕੋਸ਼ਿਸ਼ਾਂ ਕਰਨ ਤੇ ਜ਼ੋਰ ਦਿੱਤਾ |
ਕਣਕ ਦੀ ਖ਼ਰੀਦ ਲਈ ਵਧੀਆ ਪ੍ਰਬੰਧ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਖ਼ਰੀਦ ਸੀਜ਼ਨਾਂ ਦੌਰਾਨ ਬਹੁਤ ਵਧੀਆ ਕੰਮ ਕੀਤਾ ਗਿਆ ਹੈ | ਉਨ੍ਹਾਂ ਨੇ ਆਉਂਦੇ ਖ਼ਰੀਦ ਸੀਜ਼ਨ ਦੌਰਾਨ ਸਾਰੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਏਜੰਸੀਆਂ ਅਤੇ ਆੜਤੀਆਂ ਦੁਆਰਾ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ |
ਮੁੱਖ ਮੰਤਰੀ ਨੇ ਹਾਲ ਹੀ ਵਿਚ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਨੂੰ ਢੁੱਕਵੇਂ ਢੰਗ ਨਾਲ ਲਾਗੂ ਕਰਨ ‘ਤੇ ਜ਼ੋਰ ਦਿੰਦੇ ਹੋਏ ਅਧਿਕਾਰੀਆਂ ਨੂੰ ਜ਼ੋੋਸ਼ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਜਾਂ ਜੋ ਵਿਕਾਸ ਦਾ ਫਲ ਹੇਠਲੇ ਜ਼ਰੂਰਤਮੰਦ ਲੋਕਾਂ ਤੱਕ ਪਹੁੰਚ ਸਕੇ | ਉਨ੍ਹਾਂ ਨੇ 31 ਮਾਰਚ ਤੱਕ ਸਾਰੇ ਯੋਗ ਵਿਅਕਤੀਆਂ ਨੂੰ ਇਸ ਹੇਠ ਲਿਆਉਣ ਦੀਆਂ ਹਦਾਇਤਾਂ ਜਾਰੀ ਕਰਦੇ ਹੋਏ ਇਸ ਦੀ ਅਮਲੀ ਪ੍ਰਕਿਰਿਆ ਦੀ ਪੂਰੀ ਤਰ੍ਹਾਂ ਪਾਰਦਰਸ਼ਿਤਾ ਵਰਤਣ ਲਈ ਆਖਿਆ ਹੈ |
ਮੁੱਖ ਮੰਤਰੀ ਨੇ ਸਰਕਾਰੀ ਅਧਿਕਾਰੀਆਂ ਅਤੇ ਕਾਂਗਰਸ ਦੇ ਵਿਧਾਇਕਾਂ/ਵਰਕਰਾਂ ਵਿਚਕਾਰ ਨੇੜੇ ਦੇ ਸਬੰਧਾਂ ਅਤੇ ਨਿਯਮਿਤ ਆਦਾਨ-ਪ੍ਰਦਾਨ ਦੀ ਜ਼ਰੂਰਤ ਤੇ ਜ਼ੋਰ ਦਿੱਤਾ ਤਾਂ ਜੋ ਸਰਕਾਰੀ ਪ੍ਰੋਗਰਾਂਮਾਂ ਤੇ ਨੀਤੀਆਂ ਨੂੰ ਸਫ਼ਲਤਾਪੂਰਵਕ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ |
ਮੀਟਿੰਗ ਦੌਰਾਨ ਚਲ ਰਹੇ ਨੌਕਰੀ ਮੇਲਿਆਂ ਦੀ ਸਫ਼ਲਤਾ ਨੂੰ ਵੀ ਨੋਟ ਕੀਤਾ ਗਿਆ ਜਿਨ੍ਹਾਂ ਦੌਰਾਨ 55000 ਨੌਕਰੀਆਂ ਲਈ ਰਿਕਾਰਡ 85000 ਰਜਿਸਟ੍ਰੇਸ਼ਨ ਹੋਈ ਹੈ | ਸਤੰਬਰ-ਅਕਤੂਬਰ2018 ਦੌਰਾਨ ਅਗਲਾ ਨੌਕਰੀ ਮੇਲਾ ਲਾਉਣ ਦਾ ਵੀ ਫ਼ੈਸਲਾ ਕੀਤਾ ਗਿਆ |
ਇਸ ਮੌਕੇ ਹਾਜ਼ਰ ਹੋਰਨਾਂ ਵਿਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕੀਰਤ ਕਿਰਪਾਲ ਸਿੰਘ, ਵਧੀਕ ਮੁੱਖ ਸਕੱਤਰ ਗ੍ਰਹਿ ਐਨ.ਐਸ. ਕਲਸੀ, ਵਧੀਕ ਮੁੱਖ ਸਕੱਤਰ ਖੇਤੀਬਾੜੀ ਵਿਸ਼ਵਜੀਤ ਖੰਨਾ,ਵਧੀਕ ਮੁੱਖ ਸਕੱਤਰ ਮਕਾਨ ਅਤੇ ਸ਼ਹਿਰੀ ਵਿਕਾਸ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਆਬਕਾਰੀ ਐਮ.ਪੀ. ਸਿੰਘ, ਪ੍ਰਮੁੱਖ ਸਕੱਤਰ ਖ਼ੁਰਾਕ ਤੇ ਸਿਵਲ ਸਪਲਾਈ ਕੇ.ਏ.ਪੀ. ਸਿਨ੍ਹਾ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅੰਜਲੀ ਭਾਵੜਾ, ਡੀ.ਜੀ.ਪੀ. ਸੁਰੇਸ਼ ਅਰੋੜਾ, ਡੀ.ਜੀ.ਪੀ. ਇੰਟੈਲੀਜੈਂਸ ਦਿਨਕਰ ਗੁੱਪਤਾ, ਡੀ.ਜੀ.ਪੀ. ਕਾਨੂੰਨ ਵਿਵਸਥਾ ਐਚ.ਐਸ. ਢਿੱਲੋਂ ਅਤੇ ਵਿਸ਼ੇਸ਼ ਟਾਸਕ ਫੋਰਸ ਦੇ ਏ.ਡੀ.ਜੀ.ਪੀ. ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਸਨ |