ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ਹਿਰ ਦੇ ਸੈਕਟਰ-37 ‘ਚ ਸਥਿਤ ਕਮਿਊਨਿਟੀ ਸੈਂਟਰ ‘ਚ ਮੀਟਿੰਗ ਕਰਨੀ ਮਹਿੰਗੀ ਪੈ ਗਈ ਹੈ ਕਿਉਂਕਿ ਪ੍ਰਸ਼ਾਸਨ ਨੇ ਮਨੀਸ਼ ਸਿਸੋਦੀਆ ਨੂੰ ਅੱਧੇ ਘੰਟੇ ਅੰਦਰ ਮੀਟਿੰਗ ਵਾਲੀ ਥਾਂ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਸਨ ਕਿਉਂਕਿ ਕਾਨੂੰਨ ਮੁਤਾਬਕ ਕੋਈ ਵੀ ਸਿਆਸੀ ਗਤੀਵਿਧੀ ਕਮਿਊਨਿਟੀ ਸੈਂਟਰ ‘ਚ ਨਹੀਂ ਕੀਤੀ ਜਾ ਸਕਦੀ।
ਤੁਹਾਨੂੰ ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਇੱਥੇ ਪਾਰਟੀ ਅਹੁਦਾ ਅਧਿਕਾਰੀਆਂ ਦੀ ਬੈਠਕ ਲੈ ਰਹੇ ਹਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਮਿਊਨਿਟੀ ਸੈਂਟਰ ਨੂੰ ਨਰਿੰਦਰ ਸ਼ੇਰਗਿੱਲ ਦੇ ਨਾਂ ‘ਤੇ ਸਿਰਫ ਅੱਧੇ ਘੰਟੇ ਲਈ ਬੁੱਕ ਕੀਤਾ ਗਿਆ ਸੀ। ਇਸ ਲਈ ਪ੍ਰਸ਼ਾਸਨ ਨੇ ਇੱਥੇ ਸਿਆਸੀ ਬੈਠਕ ਕਰਨ ‘ਤੇ ਇਤਰਾਜ਼ ਜ਼ਾਹਰ ਕੀਤਾ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਸੈਂਟਰ ਬੁੱਕ ਕਰਨ ਵਾਲੇ ਨਰਿੰਦਰ ਸ਼ੇਰਗਿੱਲ ਨੂੰ ਨੋਟਿਸ ਵੀ ਭੇਜਿਆ ਹੈ ਅਤੇ ਇਸ ਤੋਂ ਇਲਾਵਾ ਪੁਲਸ ਨੂੰ ਵੀ ਇਸ ਦੀ ਸ਼ਿਕਾਇਤ ਭੇਜੀ ਗਈ ਹੈ, ਹਾਲਾਂਕਿ ਇਹ ਦੱਸਿਆ ਜਾ ਰਿਹਾ ਹੈ ਕਿ ਨੋਟਿਸ ਮਿਲਣ ਦੇ ਕੁਝ ਮਿੰਟਾਂ ਬਾਅਦ ਹੀ ਮਨੀਸ਼ ਸਿਸੋਦੀਆ ਬਾਹਰ ਚਲੇ ਗਏ ਅਤੇ ਕਮਿਊਨਿਟੀ ਸੈਂਟਰ ਨੂੰ ਖਾਲੀ ਕਰ ਦਿੱਤਾ ਗਿਆ।
ਇਸ ਮੀਟਿੰਗ ਦੌਰਾਨ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਹੱਤਵਪੂਰਨ ਨਹੀਂ ਹੈ, ਸਗੋਂ ਪੰਜਾਬ ਅਤੇ ਭਾਰਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਰੋਧੀ ਧਿਰ ਦੀ ਭੂਮਿਕਾ ਨਿਭਾਅ ਰਹੀ ਹੈ ਅਤੇ ਇਸੇ ਕਾਰਨ ਕੈਪਟਨ ਸਰਕਾਰ ਨੂੰ ਆਪਣੇ ਇਕ ਮੰਤਰੀ ਨੂੰ ਹਟਾਉਣਾ ਪਿਆ ਹੈ। ਕੇਜਰੀਵਾਲ ਦੀ ਮਜੀਠੀਆ ਤੋਂ ਮਾਫੀ ਬਾਰੇ ਸਿਸੋਦੀਆ ਨੇ ਕਿਹਾ ਕਿ ਇਹ ਸਾਡੀ ਰਣਨੀਤੀ ਦਾ ਹਿੱਸਾ ਹੈ ਅਤੇ ਕਾਰਕੁੰਨ ਸਭ ਸਮਝਦੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਜੇ ਵੀ ਪੰਜਾਬ ਇਕਾਈ ਦੇ ਪ੍ਰਧਾਨ ਹਨ ਅਤੇ ਪਾਰਟੀ ‘ਚ ਪੂਰਾ ਲੋਕਤੰਤਰ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹਰ ਆਗੂ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਅਧਿਕਾਰ ਹੈ।