ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਸ਼ਾਂ ਮੁਤਾਬਕ ਝੋਨੇ ਦੀਆਂ ਕਿਸਮਾਂ ਦੀ ਪਨੀਰੀ ਬੀਜਣ ਦੀ ਦਿੱਤੀ ਸਲਾਹ
ਜ਼ਿਲ੍ਹੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ
ਝੋਨੇ ਦੀ ਲੁਆਈ ਤੋਂ ਪਹਿਲਾਂ ਜ਼ੀਰੋ ਡਰਿੱਲ ਨਾਲ ਖੇਤਾਂ ਨੂੰ ਬਿਨਾਂ ਵਾਹੇ ਕੀਤੀ ਜਾ ਸਕਦੀ ਹੈ ਜੰਤਰ ਦੀ ਬਿਜਾਈ
ਐਸ.ਏ.ਐਸ. ਨਗਰ : ਪੰਜਾਬ ਸਰਕਾਰ ਵੱਲੋਂ ਜਾਰੀ ਨਵੀਂ ਨੋਟੀਫਿਕੇਸ਼ਨ ਤਹਿਤ ਕਿਸਾਨ ਝੋਨੇ ਦੀ ਪਨੀਰੀ ਦੀ ਬਿਜਾਈ 20 ਮਈ ਤੋਂ ਬਾਅਦ ਹੀ ਕਰਨ ਤਾਂ ਜੋ ਜ਼ਮੀਨ ਹੇਠੋਂ ਘੱਟਦੇ ਪਾਣੀ ਦੇ ਪੱਧਰ ਨੂੰ ਰੋਕਿਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਮਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਜ਼ਿਲ੍ਹਾ ਐਸ.ਏ.ਐਸ.ਨਗਰ ਨੇ ਦੱਸਿਆ ਕਿ ਕਿਸਾਨ ਜ਼ੀਰੋ ਡਰਿੱਲ ਨਾਲ ਖੇਤ ਨੂੰ ਬਿਨਾਂ ਵਾਹੇ ਜੰਤਰ ਦੀ ਬਿਜਾਈ ਕਰ ਸਕਦੇ ਹਨ ਤਾਂ ਜੋ ਅਗਲੀ ਫ਼ਸਲ ਲਈ ਹਰੀ ਖ਼ਾਦ ਦੇ ਤੌਰ ‘ਤੇ ਇਸ ਨੂੰ ਵਰਤਿਆ ਜਾ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਝੋਨੇ ਦੀਆਂ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਸਿਫਾਰਸ ਕੀਤੀਆਂ ਕਿਸਮਾਂ ਪੀ.ਆਰ.127, ਪੀ.ਆਰ.126, ਪੀ.ਆਰ.124, ਪੀ.ਆਰ.123, ਪੀ.ਆਰ.122, ਪੀ.ਆਰ.121, ਪੀ.ਆਰ. 114, ਪੀ.ਆਰ. 115 ਅਤੇ ਪੀ.ਆਰ.113 ਦੀ ਝੋਨੇ ਦੀ ਪਨੀਰੀ ਦੀ ਬਿਜਾਈ ਕਰਨ ਦੀ ਹੀ ਅਪੀਲ ਕੀਤੀ। ਇਸ ਤੋਂ ਇਲਾਵਾ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਫ਼ਸਲਾਂ ਨੂੰ ਸਾੜਨ ‘ਤੇ ਲਗਾਈ ਰੋਕ ਦੇ ਮੱਦੇਨਜਰ ਡਾ. ਪਰਮਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਫ਼ਸਲ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਨਾ ਸਾੜਨ। ਅਜਿਹਾ ਕਰਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਧੂੰਏਂ ਨਾਲ ਵੱਖ-ਵੱਖ ਬਿਮਾਰੀਆਂ ਵੀ ਫੈਲਦੀਆਂ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤਾਂ ਵਿੱਚ ਅੱਗ ਲਗਾਉਣ ਨਾਲ ਖੇਤ ਵਿੱਚੋਂ 32 ਕਿਲੋ ਯੂਰੀਆ, 5.5 ਕਿਲੋ ਡੀਏਪੀ ਅਤੇ 51 ਕਿਲੋ ਪੋਟਾਸ਼ ਪ੍ਰਤੀ ਏਕੜ ਦਾ ਨੁਕਸਾਨ ਹੁੰਦਾ ਹੈ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਖਾਦਾਂ ਦੀ ਖ਼ੱਪਤ ਬਹੁਤ ਜ਼ਿਆਦਾ ਵੱਧ ਜਾਂਦੀ ਹੈ ਅਤੇ ਫ਼ਸਲਾਂ ਦੇ ਲਾਗਤ ਮੁੱਲ ਵਿੱਚ ਵੀ ਵਾਧਾ ਹੋ ਜਾਂਦਾ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਪੱਖੋਂ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਰੀਪਰ ਨਾਲ ਤੂੜੀ ਬਨਾਉਣ ਉਪਰੰਤ ਖੇਤ ਵਿੱਚ ਸੁਹਾਗਾ ਮਾਰ ਕੇ ਪਾਣੀ ਲਗਾ ਦੇਣਾ ਚਾਹੀਦਾ ਹੈ ਤੇ ਵੱਤਰ ਆਉਣ ‘ਤੇ ਤਵੀਆਂ ਜਾਂ ਉਲਟਾਂਵੇਂ ਹੱਲ਼ ਨਾਲ ਰਹਿੰਦ ਖੂੰਹਦ ਨੂੰ ਜ਼ਮੀਨ ਵਿੱਚ ਹੀ ਦੱਬ ਦੇਣਾ ਚਾਹੀਦਾ ਹੈ।