ਸ਼੍ਰੀਨਗਰ — ਕਸ਼ਮੀਰ ਵਾਦੀ ਦੇ ਵੱਖ-ਵੱਖ ਇਲਾਕਿਆਂ ‘ਚ ਜੁੰਮੇ ਦੀ ਨਮਾਜ਼ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹਿੰਸਕ ਝੜਪਾਂ ਹੋਈਆਂ ਜਿਸ ਵਿਚ ਜਵਾਨਾਂ ਸਮੇਤ 50 ਵਿਅਕਤੀ ਜ਼ਖਮੀ ਹੋ ਗਏ। ਸ਼੍ਰੀਨਗਰ ਦੇ ਡਾਊਨ ਟਾਊਨ ਇਲਾਕੇ ਵਿਚ ਇਤਿਹਾਸਕ ਜਾਮੀਆ ਮਸਜਿਦ ਵਿਚ ਜੁੰਮਾ ਨਮਾਜ਼ ਤੋਂ ਬਾਅਦ ਲੋਕ ਵਿਸ਼ੇਸ਼ ਤੌਰ ‘ਤੇ ਨੌਜਵਾਨ ਮਸਜਿਦ ਦੇ ਬਾਹਰ ਇਕੱਠੇ ਹੋ ਗਏ ਅਤੇ ਨਾਅਰੇਬਾਜ਼ੀ ਕਰਨ ਲੱਗੇ।
ਪ੍ਰਦਰਸ਼ਨਕਾਰੀਆਂ ਨੇ ਮਸਜਿਦ ਦੇ ਮੁੱਖ ਦਰਵਾਜ਼ੇ ਤੋਂ ਬਾਹਰ ਆਉਣ ਦੀ ਕੋਸ਼ਿਸ਼ ਕੀਤੀ ਪਰ ਇਲਾਕੇ ਵਿਚ ਪਹਿਲਾਂ ਤੋਂ ਤਾਇਨਾਤ ਪੁਲਸ ਅਤੇ ਸੀ. ਆਰ. ਪੀ. ਐੱਫ. ਦੇ ਜਵਾਨਾਂ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ‘ਤੇ ਗੁੱਸੇ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ‘ਤੇ ਪਥਰਾਅ ਸ਼ੁਰੂ ਕਰ ਦਿੱਤਾ। ਦੋਵਾਂ ਧਿਰਾਂ ਵਿਚਾਲੇ ਝੜਪਾਂ ਸ਼ੁਰੂ ਹੋ ਗਈਆਂ। ਜੋ ਦੇਖਦੇ ਹੀ ਦੇਖਦੇ ਰਾਜੌਰੀ ਕਦਲ, ਬੋਹਰੀ ਕਦਲ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਫੈਲ ਗਈਆਂ। ਓਧਰ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਸੁਰੱਖਿਆ ਬਲਾਂ ਨੂੰ ਹੰਝੂ ਗੈਸ ਦੀ ਵਰਤੋਂ ਕਰਨੀ ਪਈ। ਲੋਕਾਂ ਵਲੋਂ ਵੱਡੀ ਪੱਧਰ ‘ਤੇ ਪਥਰਾਅ ਤੋਂ ਬਾਅਦ ਪੁਲਸ ਅਤੇ ਸੀ. ਆਰ. ਪੀ. ਐੱਫ. ਨੇ ਆਪਣੇ ਆਪ ਨੂੰ ਘਿਰਿਆ ਦੇਖਿਆ ਤਾਂ ਆਤਮ ਰੱਖਿਆ ਲਈ ਪੈਲੇਟ ਗੰਨ ਦੀ ਵਰਤੋਂ ਕੀਤੀ। ਦੋਵਾਂ ਧਿਰਾਂ ਵਿਚਾਲੇ ਝੜਪਾਂ ਵਿਚ ਜ਼ਖਮੀ ਸੁਰੱਖਿਆ ਮੁਲਾਜ਼ਮਾਂ ਸਮੇਤ 50 ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।