ਨਵੀਂ ਦਿੱਲੀ— ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਸਰਕਾਰ ‘ਚ ਮੰਤਰੀ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ‘ਤੇ ਅੱਤਵਾਦ ਨੂੰ ਉਤਸ਼ਾਹ ਦੇਣ ਵਾਲੀ ਪਾਕਿਸਤਾਨ ਸਰਕਾਰ ਦੇ ਸਾਹਮਣੇ ਨਤਮਸਤਕ ਹੋਣ ਅਤੇ ਭਾਰਤ ਨੂੰ ਸ਼ਰਮਿੰਦਾ ਕਰਨ ਦਾ ਅੱਜ ਦੋਸ਼ ਲਾਇਆ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਜਵਾਬ ਮੰਗਿਆ ਕਿ ਇਸ ‘ਤੇ ਉਨ੍ਹਾਂ ਦਾ ਕੀ ਵਿਚਾਰ ਹੈ।ਭਾਜਪਾ ਦੇ ਸੀਨੀਅਰ ਬੁਲਾਰੇ ਸਈਦ ਸ਼ਾਹ ਨਵਾਜ਼ ਹੁਸੈਨ ਨੇ ਇਥੇ ਪਾਰਟੀ ਮੁੱਖ ਦਫਤਰ ਵਿਚ ਇਕ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਪਾਕਿਸਤਾਨ ਦੀ ਸ਼ਲਾਘਾ ਕਰਨਾ ਕਾਂਗਰਸ ਦੀ ਆਦਤ ਬਣ ਗਈ ਹੈ। ਕਾਂਗਰਸ ‘ਚ ਪਾਕਿਸਤਾਨ ਦੇ ਪ੍ਰਸ਼ੰਸਕਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਇਕ ਪਾਸੇ ਤਾਂ ਅੱਤਵਾਦ ਦੀ ਪਨਾਹਗਾਹ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਬਾਜਵਾ ਭਾਰਤ ਤੋਂ ਖੂਨ ਦਾ ਬਦਲਾ ਖੂਨ ਨਾਲ ਲੈਣ ਦੀ ਗੱਲ ਕਰ ਰਹੇ ਹਨ, ਕਸ਼ਮੀਰ ‘ਚ ਅੱਤਵਾਦੀਆਂ ਦਾ ਸਮਰਥਨ ਕਰ ਰਹੇ ਹਨ, ਉਥੇ ਹੀ ਦੂਸਰੇ ਪਾਸੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੰਤਰੀ ਸਿੱਧੂ ਪਾਕਿਸਤਾਨ ਸਰਕਾਰ ਦਾ ਸ਼ੁਕਰੀਆ ਅਦਾ ਕਰ ਰਹੇ ਹਨ।