ਚੰਡੀਗੜ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ ਨੂੰ ਯੁੱਧਗ੍ਰਸਤ ਮੁਲਕ ਲਈ ਰਣਨੀਤਿਕ ਸਹਿਯੋਗ ਤੇ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ।
ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਸਵੇਰ ਦੇ ਨਾਸ਼ਤੇ ਦੀ ਮੀਟਿੰਗ ਦੌਰਾਨ ਸ੍ਰੀ ਕਰਜ਼ਈ ਨਾਲ ਮੁਲਾਕਾਤ ਦੌਰਾਨ ਇਹ ਭਰੋਸਾ ਦਿੱਤਾ।
ਸ੍ਰੀ ਕਰਜ਼ਈ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ਵਿੱਚ ਉਨ•ਾਂ ਨੂੰ ਬਤੌਰ ਮੁੱਖ ਮਹਿਮਾਨ ਸੱਦਾ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ•ਾਂ ਕਿਹਾ ਕਿ ਅਫਗਾਨਿਸਤਾਨ ਅਤੇ ਪੰਜਾਬ ਦਰਮਿਆਨ ਸੱਭਿਆਚਾਰਕ ਰਿਸ਼ਤਿਆਂ ਦੀ ਗੂੜੀ ਸਾਂਝ ਹੈ ਜਿਸ ਦਾ ਲਾਭ ਖੇਤੀਬਾੜੀ ਤੇ ਬਾਗਬਾਨੀ ਦੇ ਖੇਤਰਾਂ ਵਿੱਚ ਤਕਨੀਕੀ ਗਿਆਨ ਦੇ ਆਦਾਨ-ਪ੍ਰਦਾਨ ਅਤੇ ਆਪਸੀ ਮਿਲਵਰਤਣ ਰਾਹੀਂ ਹੋ ਸਕਦਾ ਹੈ।
ਮਹਿਮਾਨ ਸ਼ਖਸੀਅਤ ਨੇ ਅਫਗਾਨਿਸਤਾਨ ਤੇ ਭਾਰਤ ਖਾਸ ਕਰਕੇ ਪੰਜਾਬ ਦਰਮਿਆਨ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੇ ਰਵਾਇਤੀ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਅਫਗਾਨਿਸਤਾਨ ਅਤੇ ਭਾਰਤ ਦਰਮਿਆਨ ਦੋਸਤਾਨਾ ਅਤੇ ਨਿੱਘੇ ਰਿਸ਼ਤਿਆਂ ਦੀ ਸਾਂਝ ਹੈ ਅਤੇ ਪੰਜਾਬ ਨੂੰ ਅਫਗਾਨਿਸਤਾਨ ਦੇ ਵਿਕਾਸ ਵਿੱਚ ਹਰ ਸੰਭਵ ਸਹਿਯੋਗ ਦੇਣ ਵਿੱਚ ਖੁਸ਼ੀ ਹੋਵੇਗੀ।
ਮੁੱਖ ਮੰਤਰੀ ਨੇ ਪਿਆਰ ਤੇ ਸਨੇਹ ਵਜੋਂ ਉਨ•ਾਂ ਵੱਲੋਂ ਲਿਖੀਆਂ ਕਿਤਾਬਾਂ ਦਾ ਇਕ ਸੈੱਟ ਅਤੇ ਇਕ ਸ਼ਾਲ ਸ੍ਰੀ ਕਰਜ਼ਈ ਨੂੰ ਭੇਟ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਉਨ•ਾਂ ਨੂੰ ਆਪਣੀ ਅਗਲੀ ਫੇਰੀ ਦੌਰਾਨ ਪਟਿਆਲਾ ਆਉਣ ਤੇ ਇਸ ਇਤਿਹਾਸਕ ਸ਼ਹਿਰ ਦੇ ਅਮੀਰ ਵਿਰਸੇ ਨੂੰ ਦੇਖਣ ਦਾ ਵੀ ਸੱਦਾ ਦਿੱਤਾ।
ਸਾਬਕਾ ਰਾਸ਼ਟਰਪਤੀ ਨਾਲ ਉਨ•ਾਂ ਦੇ ਸਾਬਕਾ ਵਿਦੇਸ਼ ਮੰਤਰੀ ਜ਼ਰਾਰ ਅਹਿਮਦ ਓਸਮਾਨੀ ਅਤੇ ਸਿੱਖਿਆ ਤੇ ਸੱਭਿਆਚਾਰਕ ਸਲਾਹਕਾਰ ਜ਼ਲਮਾਨੀ ਹੇਵਾਦਮਈ ਅਤੇ ਗੌਤਮ ਸੱਭਰਵਾਲ ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿਦੰਰ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਵਧੀਕ ਮੁੱਖ ਸਕੱਤਰ (ਗ੍ਰਹਿ) ਐਨ.ਐਸ. ਕਲਸੀ, ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਅਤੇ ਡੀ.ਜੀ.ਪੀ. (ਇੰਟੈਲੀਜੈਂਸ) ਦਿਨਕਰ ਗੁਪਤਾ ਹਾਜ਼ਰ ਸਨ।