ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਫਤ ਸਮਾਰਟ ਫੋਨ ਦੇਣ ਦਾ ਵਾਅਦਾ ਪੂਰਾ ਕਰਨ ਲਈ ਪੰਜਾਬ ਸਰਕਾਰ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਐਲਾਨ ਕੀਤਾ ਹੈ ਕਿ ਦੀਵਾਲੀ ਦੇ ਮੌਕੇ ‘ਤੇ ਸਰਕਾਰ ਨੌਜਵਾਨਾਂ ਨੂੰ ਮੁਫਤ ਮੋਬਾਇਲ ਫੋਨ ਦੇਣ ਦਾ ਵਾਅਦਾ ਪੂਰਾ ਕਰ ਦੇਵੇਗੀ। ਮਨਪ੍ਰੀਤ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਛੋਟੇ ਕਿਸਾਨਾਂ ਦੇ ਸਿਰ 2 ਲੱਖ ਤੱਕ ਦਾ ਕਰਜ਼ਾ ਹੈ, ਉਨ੍ਹਾਂ ਦਾ ਕਰਜ਼ਾ ਮੁਆਫ ਕਰਨ ਲਈ ਸਰਕਾਰ ਵਚਨਬੱਧ ਹੈ ਪਰ ਵੱਡੇ ਕਿਸਾਨਾਂ ਦੇ ਕਰਜ਼ੇ ਫਿਲਹਾਲ ਸਰਕਾਰ ਮੁਆਫ ਕਰਨ ਦੇ ਸਮਰੱਥ ਨਹੀਂ ਹੈ।
ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਇਸ ਤੋਂ ਪਹਿਲਾਂ ਵੀ ਐਲਾਨ ਕਰ ਚੁੱਕੇ ਹਨ ਕਿ ਇਸ ਸਾਲ ਦੀਵਾਲੀ ਦੇ ਮੌਕੇ ‘ਤੇ ਸੂਬੇ ਦੇ ਉਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ, ਜਿਨ੍ਹਾਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਕੋਲ ਆਪਣਾ ਰਜਿਸਟ੍ਰੇਸ਼ਨ ਕਰਾਇਆ ਸੀ। ਕਾਂਗਰਸ ਪਾਰਟੀ ਦਾ ਕਹਿਣਾ ਹੈ ਕਿ 30 ਲੱਖ ਨੌਜਵਾਨਾਂ ਨੇ ਆਪਣਾ ਨਾਂ ਦਰਜ ਕਰਾਇਆ ਸੀ, ਜਿਨ੍ਹਾਂ ਨੂੰ ਇਸ ਸਾਲ ਸਮਾਰਟ ਫੋਨ ਦਿੱਤੇ ਜਾਣਗੇ। ਉਂਝ ਸੂਬੇ ‘ਚ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੇ 20 ਨਵੰਬਰ ਨੂੰ ਮੁਫਤ ਸਮਾਰਟ ਫੋਨ ਦੇਣ ਦਾ ਐਲਾਨ ਕਰਦੇ ਹੋਏ ਕਿਹਾ ਸੀ ਕਿ ਸੱਤਾ ‘ਚ ਆਉਣ ਦੇ 100 ਦਿਨਾਂ ਅੰਦਰ ਹੀ 18 ਤੋਂ 35 ਸਾਲ ਦੇ ਨੌਜਵਾਨਾਂ ਨੂੰ ਸਮਾਰਟ ਫੋਨ ਦੇ ਦਿੱਤੇ ਜਾਣਗੇ ਪਰ ਸੂਬੇ ਦੀ ਖਰਾਬ ਮਾਲੀ ਹਾਲਤ ਦਾ ਹਵਾਲਾ ਦਿੰਦੇ ਹਏ ਕੈਪਟਨ ਸਰਕਾਰ ਨੇ ਇਸ ਵਾਅਦੇ ‘ਤੇ ਇਕ ਸਾਲ ਤੋਂ ਵੀ ਜ਼ਿਆਦਾ ਸਮਾਂ ਬੀਤ ਜਾਣ ਤੋਂ ਬਾਅਦ ਕੰਮ ਸ਼ੁਰੂ ਕੀਤਾ ਹੈ।