ਜਲੰਧਰ — ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਸਰਕਾਰੀ ਦੌਰੇ ‘ਤੇ ਇਜ਼ਰਾਈਲ ਗਏ ਹੋਏ ਹਨ, ਨੇ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਮੁੱਖ ਪ੍ਰਧਾਨ ਸਕੱਤਰ ਸੁਰੇਸ਼ ਕੁਮਾਰ ਨਾਲ ਗੱਲਬਾਤ ਕਰਕੇ ਅੰਮ੍ਰਿਤਸਰ ‘ਚ ਹੋਏ ਰੇਲ ਹਾਦਸੇ ਤੋਂ ਬਾਅਦ ਚੱਲ ਰਹੇ ਰਾਹਤ ਅਤੇ ਮੁੜ ਵਸੇਬੇ ਦੇ ਕੰਮਾਂ ਦੇ ਸਬੰਧ ‘ਚ ਜਾਣਕਾਰੀ ਲਈ। ਮੁੱਖ ਮੰਤਰੀ ਅਮਰਿੰਦਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਪੁਲਸ ਕਮਿਸ਼ਨਰ ਨਾਲ ਵੀ ਗੱਲਬਾਤ ਕੀਤੀ । ਸੁਰੇਸ਼ ਕੁਮਾਰ ਨੇ ਉਨ੍ਹਾਂ ਨੂੰ ਦੱਸਿਆ ਕਿ ਪੀੜਤਾਂ ‘ਚ ਮੁਆਵਜ਼ੇ ਦੀ ਰਾਸ਼ੀ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਨੇ ਮੁੱਖ ਪ੍ਰਧਾਨ ਸਕੱਤਰ ਨੂੰ ਕਿਹਾ ਕਿ ਉਹ ਖੁਦ ਮੁਆਵਜ਼ੇ ਦੀ ਵੰਡ ‘ਤੇ ਨਜ਼ਰ ਰੱਖਣ ਅਤੇ ਇਸ ਸਬੰਧ ‘ਚ ਉਨ੍ਹਾਂ ਨੂੰ ਵੀ ਤੁਰੰਤ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੁਆਵਜ਼ੇ ਦੀ ਰਾਸ਼ੀ ਪੀੜਤਾਂ ‘ਚ ਤੁਰੰਤ ਵੰਡੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਰੋਜ਼ਾਨਾ ਵੀਡੀਓ ਕਾਨਫਰੰਸਿੰਗ ਰਾਹੀਂ ਅਧਿਕਾਰੀਆਂ ਤੋਂ ਅੰਮ੍ਰਿਤਸਰ ਦੇ ਹਾਲਾਤ ਦੀ ਜਾਣਕਾਰੀ ਲੈਂਦੇ ਰਹਿਣਗੇ। ਭਾਵੇਂ ਉਹ ਵਿਦੇਸ਼ ‘ਚ ਹਨ ਪਰ ਉਨ੍ਹਾਂ ਦਾ ਪੂਰਾ ਧਿਆਨ ਅੰਮ੍ਰਿਤਸਰ ਵੱਲ ਲੱਗਾ ਰਹੇਗਾ।