ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ 2 ਮੈਂਬਰਾਂ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਲਈ ਕੈਨੇਡਾ ਦੇ ਮੁੜ ਦਰਵਾਜ਼ੇ ਖੁੱਲ੍ਹ ਗਏ ਹਨ। ਦੱਸ ਦਈਏ ਕਿ ਕੈਨੇਡੀਅਨ ਅਧਿਕਾਰੀਆਂ ਨੇ ਇਸ ਸਾਲ 21 ਜੁਲਾਈ ਨੂੰ ਓਟਾਵਾ ਹਵਾਈ ਅੱਡੇ ‘ਤੇ ਕੈਨੇਡਾ ‘ਚ ਦਾਖ਼ਲ ਹੋਣ ਦੀ ਆਗਿਆ ਨਹੀਂ ਦਿੱਤੀ ਸੀ। ਇਹ ਜਾਣਕਾਰੀ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਲਿਖੇ ਪੱਤਰ ‘ਚੋਂ ਮਿਲੀ ਹੈ। ਦੱਸਣਯੋਗ ਹੈ ਕਿ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਇਨ੍ਹਾਂ ਵਿਧਾਇਕਾਂ ਨਾਲ ਕਥਿਤ ਬੁਰੇ ਵਿਵਹਾਰ ‘ਤੇ ਚਿੰਤਾ ਜ਼ਾਹਿਰ ਕਰਦਿਆਂ ਸਪੀਕਰ ਰਾਣਾ ਕੇ.ਪੀ. ਸਿੰਘ ਨੇ 25 ਜੁਲਾਈ ਨੂੰ ਸੁਸ਼ਮਾ ਸਵਰਾਜ ਨੂੰ ਪੱਤਰ ਲਿਖ ਕੇ ਇਸ ਮਾਮਲੇ ‘ਚ ਕਾਰਵਾਈ ਮੰਗੀ ਸੀ।
ਸਪੀਕਰ ਨੂੰ ਭੇਜੇ ਪੱਤਰ ‘ਚ ਵਿਦੇਸ਼ ਮੰਤਰੀ ਨੇ ਲਿਖਿਆ ਕਿ ਓਟਾਵਾ ‘ਚ ਭਾਰਤੀ ਹਾਈ ਕਮਿਸ਼ਨ ਵਲੋਂ ਇਸ ਮਾਮਲੇ ਨੂੰ ਕੈਨੇਡਾ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ ਹੈ ਅਤੇ ਕੈਨੇਡੀਅਨ ਆਵਾਸ ਅਧਿਕਾਰੀਆਂ ਦੇ ਇਸ ਵਿਹਾਰ ਦੇ ਕਾਰਨਾਂ ਅਤੇ ਹਾਲਾਤ ਬਾਰੇ ਜਾਣਕਾਰੀ ਮੰਗੀ ਗਈ ਸੀ। ਉਨ੍ਹਾਂ ਨੇ ਅੱਗੇ ਲਿਖਿਆ ਕਿ ਮੈਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ ਨੇ ਸਾਡੇ ਓਟਾਵਾ ਵਿਚਲੇ ਮਿਸ਼ਨ ਨੂੰ ਦੱਸਿਆ ਹੈ ਕਿ ਨਿੱਜਤਾ ਸਬੰਧੀ ਕਾਨੂੰਨ ਕਾਰਨ ਉਹ ਇਸ ਮਾਮਲੇ ‘ਚ ਹੋਰ ਜ਼ਿਆਦਾ ਜਾਣਕਾਰੀ ਨਹੀਂ ਦੇ ਸਕਦੇ। ਹਾਲਾਂਕਿ, ਉਨ੍ਹਾਂ ਇਹ ਵੀ ਕਿਹਾ ਹੈ ਕਿ ਕੁਲਤਾਰ ਸਿੰਘ ਅਤੇ ਅਮਰਜੀਤ ਸਿੰਘ ਭਵਿੱਖ ਵਿਚ ਕੈਨੇਡਾ ਜਾਣਾ ਚਾਹੁੰਦੇ ਹਨ ਤਾਂ ਉਹ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕੈਨੇਡਾ ਸਰਕਾਰ ਨਾਲ ਅਜਿਹੇ ਮਸਲੇ ਵਿਚਾਰ ਰਹੇ ਹਾਂ ਤਾਂ ਜੋ ਭਵਿੱਖ ‘ਚ ਮੁੜ ਅਜਿਹਾ ਨਾ ਹੋਵੇ।