ਨਵੀਂ ਦਿੱਲੀ— ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਕੇਂਦਰ, ਆਮ ਆਦਮੀ ਪਾਰਟੀ ਸਰਕਾਰ ਤੇ ਦਿੱਲੀ ਪੁਲਸ ਤੋਂ ਉਸ ਜਨਹਿੱਤ ਪਟੀਸ਼ਨ ‘ਤੇ ਜਵਾਬ ਮੰਗਿਆ ਹੈ, ਜਿਸ ‘ਚ ਸਿੱਖਾਂ ਨੂੰ ਜਨਤਕ ਥਾਵਾਂ ‘ਤੇ ਕਿਰਪਾਨ ਤੇ ਕੜਾ ਰੱਖਣ ਦੀ ਇਜਾਜ਼ਤ ਦੇਣ ਲਈ ਉਨ੍ਹਾਂ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਪਟੀਸ਼ਨ ‘ਚ ਦਾਅਵਾ ਕੀਤਾ ਗਿਆ ਹੈ ਇਸ ਸਾਲ ਸੁਤੰਤਰਤਾ ਦਿਵਸ ਸਮਾਗਮ ਦੌਰਾਨ ਲਾਲ ਕਿਲੇ ‘ਚ ਇਕ 18 ਸਾਲਾ ਸਿੱਖ ਨੌਜਵਾਨ ਨੂੰ ਸਮਾਗਮ ‘ਚ ਸ਼ਾਮਲ ਹੋਣ ਤੋਂ ਰੋਕ ਦਿੱਤਾ ਗਿਆ ਸੀ ਅਤੇ ਉਸ ਵਿਰੁੱਧ ਧਾਰਾ 25 ਦੇ ਤਹਿਤ ਮੌਜੂਦਾ ਮੌਲਿਕ ਅਧਿਕਾਰ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਗਿਆ। ਨੌਜਵਾਨ ਸਮਾਗਮ ‘ਚ ਪ੍ਰਧਾਨ ਮੰਤਰੀ ਮੋਦੀ ਦਾ ਭਾਸ਼ਣ ਸੁਣਨ ਲਈ ਗਿਆ ਸੀ। ਉਸ ਨੇ ਕਿਰਪਾਨ ਤੇ ਕੜਾ ਪਹਿਨ ਰੱਖਿਆ ਸੀ।
ਮੁੱਖ ਜੱਜ ਰਾਜਿੰਦਰ ਮੇਨਨ ਤੇ ਜੱਜ ਵੀ.ਕੇ. ਰਾਵ ਦੀ ਇਕ ਬੈਂਚ ਨੇ ਗ੍ਰਹਿ ਤੇ ਰੱਖਿਆ ਮੰਤਰਾਲਾ ਨੂੰ ਨੋਟਿਸ ਭੇਜਣ ਦੇ ਨਾਲ ਹੀ ਦਿੱਲੀ ਸਰਕਾਰ ਤੇ ਪੁਲਸ ਤੋਂ ਪਟੀਸ਼ਨ ‘ਤੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਇਸ ਮਾਮਲੇ ‘ਚ ਅਗਲੀ ਸੁਣਵਾਈ 27 ਮਾਰਚ ਨੂੰ ਤੈਅ ਕੀਤੀ ਗਈ ਹੈ।