ਸੰਘਣੀ ਧੁੰਦ ਕਾਰਨ ਹੰਡਿਆਇਆ ਨੇੜੇ ਕਾਰ ਹੋਈ ਹਾਦਸੇ ਦਾ ਸ਼ਿਕਾਰ
ਬਰਨਾਲਾ : ਬਰਨਾਲਾ ਦੇ ਕਸਬਾ ਹੰਡਿਆਇਆ ਨੇੜੇ ਸੰਘਣੀ ਧੁੰਦ ਕਾਰਨ ਅੱਜ ਸਵੇਰੇ ਪੁਲਿਸ ਮੁਲਾਜ਼ਮਾਂ ਦੀ ਕਾਰ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਦੋਵੇਂ ਮ੍ਰਿਤਕ ਗੁਰਮੀਤ ਸਿੰਘ ਅਤੇ ਮਲਕੀਤ ਸਿੰਘ ਅਸਿਸਟੈਂਟ ਸਬ ਇੰਸਪੈਕਟਰ ਸਨ। ਜ਼ਖ਼ਮੀ ਰਛਪਾਲ ਸਿੰਘ ਅਤੇ ਸਾਧੂ ਸਿੰਘ ਨੂੰ ਪਟਿਆਲਾ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਹ ਪੁਲਿਸ ਮੁਲਾਜ਼ਮ ਇੱਕ ਕਾਰ ਵਿਚ ਸਵਾਰ ਹੋ ਕੇ ਮਲੋਟ ਤੋਂ ਪਟਿਆਲੇ ਜਾ ਰਹੇ ਸਨ, ਜਿਥੇ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰਜ਼ਾ ਮੁਆਫੀ ਸਮਾਗਮ ਵਿੱਚ ਆਪਣੀ ਡਿਊਟੀ ਨਿਭਾਉਣੀ ਸੀ, ਪਰ ਰਸਤੇ ਵਿੱਚ ਜ਼ਿਆਦਾ ਧੁੰਦ ਹੋਣ ਕਾਰਨ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕ ਦੋਵਾਂ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਡੂੰਘਾ ਦੁੱਖ ਪ੍ਰਗਟ ਕੀਤਾ ਹੈ।