ਅੰਮ੍ਰਿਤਸਰ : ਸੁਖਬੀਰ ਬਾਦਲ ਦੀ ਪ੍ਰਧਾਨਗੀ ਤੋਂ ਖਫਾ ਬਾਗੀ ਹੋਏ ਟਕਸਾਲੀਆਂ ਨੇ ਆਖਿਰ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਟਕਸਾਲੀਆਂ ਵਲੋਂ ਇਸ ਪਾਰਟੀ ਨੂੰ ‘ਸ਼੍ਰੋਮਣੀ ਅਕਾਲੀ ਦਲ ਟਕਸਾਲੀ’ ਦਾ ਨਾਂ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਨੇ ਅਰਦਾਸ ਕਰਕੇ ਇਸ ਨਵੀਂ ਪਾਰਟੀ ਦਾ ਐਲਾਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿਚ ਟਕਸਾਲੀ ਆਗੂਆਂ ਨੇ ਸ਼ਿਰਕਤ ਕੀਤੀ।
ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਨਵੀਂ ਪਾਰਟੀ ਦਾ ਪ੍ਰਧਾਨ ਥਾਪਿਆ ਗਿਆ ਹੈ। ਸੇਵਾ ਸਿੰਘ ਸੇਖਵਾਂ ਵਲੋਂ ਬ੍ਰਹਮਪੁਰਾ ਦੇ ਨਾਂ ਦੀ ਪੇਸ਼ਕਸ਼ ਕੀਤੀ ਗਈ, ਜਿਸ ‘ਤੇ ਡਾ. ਰਤਨ ਸਿੰਘ ਅਜਨਾਲਾ ਨੇ ਸਹਿਮਤੀ ਪ੍ਰਗਟਾਈ।
ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਨਗੇ ਅਤੇ ਆਪਣੀ ਪਾਰਟੀ ਦਾ ਸੁਨੇਹਾ ਪਹੁੰਚਾਉਣਗੇ। ਬ੍ਰਹਮਪੁਰਾ ਨੇ ਕਿਹਾ ਕਿ ਪੁਰਾਣੇ ਜਥੇਦਾਰਾਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਹੀ ਅਹੁਦੇਦਾਰਾਂ ਦਾ ਐਲਾਨ ਕੀਤਾ ਜਾਵੇਗਾ।