ਨਵੀਂ ਦਿੱਲੀ— 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਸੱਜਣ ਕੁਮਾਰ ਨੇ ਸ਼ਨੀਵਾਰ ਨੂੰ ਸੁਪਰੀਮ ਕੋਰਟ ਦਾ ਰੁਖ ਕੀਤਾ ਅਤੇ ਦਿੱਲੀ ਹਾਈ ਕੋਰਟ ਦੇ ਹਾਲੀਆ ਫੈਸਲੇ ‘ਚ ਆਪਣੀ ਸਜ਼ਾ ਦੇ ਖਿਲਾਫ ਅਪੀਲ ਦਾਇਰ ਕੀਤੀ ਹੈ। ਦੰਗਾ ਪੀੜਤਾਵਾਂ ਦੇ ਪ੍ਰਤੀਨਿਧੀ ਅਤੇ ਸੀਨੀਅਰ ਐਡਵੋਕੇਟ ਐੱਚ.ਐੱਸ. ਫੂਲਕਾ ਨੇ ਕਿਹਾ ਕਿ ਸੁਪਰੀਮ ਕੋਰਟ ਰਜਿਸਟਰੀ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਕੁਮਾਰ ਨੇ ਹਾਈ ਕੋਰਟ ਦੇ ਫੈਸਲੇ ਦੇ ਖਿਲਾਫ ਅਪੀਲ ਦਾਇਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੀੜਤ ਕੁਮਾਰ ਦੇ ਪੱਖ ‘ਚ ਇਕ ਪਾਸੜ ਸੁਣਵਾਈ ਰੋਕਣ ਲਈ ‘ਕੈਵੀਏਟ’ ਪਹਿਲਾਂ ਹੀ ਦਾਇਰ ਕਰ ਚੁਕੇ ਹਨ। ਹਾਈ ਕੋਰਟ ਨੇ ਕੁਮਾਰ ਨੂੰ ਰਾਜਨਗਰ ਖੇਤਰ ‘ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਸੰਬੰਧ ‘ਚ ਇਸ ਸਾਲ 17 ਦਸੰਬਰ ਨੂੰ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਇਹ ਮਾਮਲਾ 1-2 ਨਵੰਬਰ 1984 ਨੂੰ ਦੱਖਣੀ-ਪੱਛਮੀ ਦਿੱਲੀ ਦੀ ਪਾਲਮ ਕਾਲੋਨੀ ਦੇ ਰਾਜਨਗਰ ਪਾਰਟ ਇਕ ਖੇਤਰ ‘ਚ 5 ਸਿੱਖਾਂ ਦੇ ਕਤਲ ਅਤੇ ਰਾਜਨਾਗਰ ਪਾਰਟ 2 ‘ਚ ਗੁਰਦੁਆਰੇ ਨੂੰ ਸਾੜਨ ਨਾਲ ਜੁੜਿਆ ਹੈ। ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸਜ਼ਾ ਦੇ ਸਿਲਸਿਲੇ ‘ਚ ਆਤਮਸਮਰਪਣ ਲਈ ਕੁਮਾਰ ਨੂੰ 30 ਜਨਵਰੀ ਤੱਕ ਦਾ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਸੀ।